ਜਾਅਲੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਨੇ ਪੰਜਾਬ ਬੰਦ ਦੀ ਹੜਤਾਲ ਵਾਪਸ ਲਈ

ਦਲਿਤ ਸੰਗਠਨਾਂ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਦੇਰ ਸ਼ਾਮ ਲਿਆ ਫ਼ੈਸਲਾ

ਵਿੱਤ ਮੰਤਰੀ ਵੱਲੋਂ ਜਾਅਲੀ ਐਸਸੀ ਸਰਟੀਫਿਕੇਟ ਮਾਮਲੇ ਦੀ ਨਿਰਪੱਖ ਜਾਂਚ ਤੇ ਕਾਰਵਾਈ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਹੋਰ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਭਲਕੇ ਸੋਮਵਾਰ ਨੂੰ ਪੰਜਾਬ ਬੰਦ ਦੀ ਹੜਤਾਲ ਫਿਲਹਾਲ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੜਤਾਲ ਵਾਪਸ ਲੈਣ ਦਾ ਫ਼ੈਸਲਾ ਐਤਵਾਰ ਨੂੰ ਦੇਰ ਸ਼ਾਮ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦਲਿਤ ਸੰਗਠਨਾਂ ਦੀ ਹੋਈ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ।
ਪੱਕੇ ਮੋਰਚੇ ਦੇ ਕਨਵੀਨਰ ਪ੍ਰੋ. ਹਰਨੇਕ ਸਿੰਘ ਨੇ ਦੱਸਿਆ ਕਿ ਦਲਿਤ ਆਗੂਆਂ ਦੀ ਵਿੱਤ ਮੰਤਰੀ ਚੀਮਾ ਨਾਲ ਬਹੁਤ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਅਤੇ ਉਨ੍ਹਾਂ ਨੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਲਿਤ ਸੰਗਠਨਾਂ ਦੇ ਮੋਹਰੀ ਆਗੂਆਂ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਗਰੋਂ ਬਾਅਦ ਉਨ੍ਹਾਂ ਵੱਲੋਂ ਭਲਕੇ 12 ਜੂਨ ਨੂੰ ਪੰਜਾਬ ਬੰਦ ਰੱਖਣ ਦੀ ਹੜਤਾਲ ਕੁੱਝ ਦਿਲਾਂ ਤੱਕ ਵਾਪਸ ਲੈ ਲਈ ਗਈ ਹੈ।

ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਐਤਵਾਰ ਨੂੰ 53ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਂਜ ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਜਾਅਲੀ ਐਸਸੀ ਸਰਟੀਫਿਕੇਟ ਮਾਮਲੇ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁਹਾਲੀ ਵਿੱਚ ਲੜੀਵਾਰ ਧਰਨਾ ਜਾਰੀ ਰਹੇਗਾ। ਵਿੱਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਪ੍ਰਿੰਸੀਪਲ ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ, ਲਖਵੀਰ ਸਿੰਘ ਬੌਬੀ ਅਤੇ ਗੁਰਮੁੱਖ ਸਿੰਘ ਢੋਲਣਮਾਜਰਾ, ਬਲਜੀਤ ਸਿੰਘ, ਅਵਤਾਰ ਸਿੰਘ ਬਰਸਾਲਪੁਰ ਸਮੇਤ ਹੋਰ ਆਗੂ ਹਾਜ਼ਰ ਸਨ।

ਇਸ ਮੌਕੇ ਨਿਹੰਗ ਸਿੰਘ ਜਥੇਬੰਦੀ, ਰਾਜਾ ਰਾਜ ਸਿੰਘ ਮੁੱਖ ਜਥੇਦਾਰ ਦਲ ਅਰਬਾਂ-ਖਰਬਾਂ ਅਤੇ ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਨੇ ਸਮੁੱਚੇ ਪੰਜਾਬ ਵਿੱਚ ਆਪਣੀਆਂ ਸਾਰੀਆਂ ਇਕਾਈਆਂ ਰਾਹੀਂ ਪੱਕੇ ਮੋਰਚੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਡਾ. ਹਰਬੰਸ ਮੇਘ, ਸਾਬਕਾ ਚੀਫ਼ ਪੈਟਰਨ ਮੇਘ ਸਮਾਜ ਸੰਘ ਪੰਜਾਬ, ਜ਼ਿਲ੍ਹਾ ਸਕੱਤਰ ਐੱਸਸੀ ਵਿੰਗ ਫ਼ਾਜ਼ਿਲਕਾ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ।
ਇਸ ਮੌਕੇ ਸੁਰਜੀਤ ਸਿੰਘ, ਮੇਵਾ ਸਿੰਘ ਪੁਰਖਾਲੀ, ਚਰਨਜੀਤ ਸਿੰਘ, ਸ਼ੀਤਲ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਇੰਜੀਨੀਅਰ ਕਸ਼ਮੀਰੀ ਲਾਲ, ਅਵਤਾਰ ਸਿੰਘ ਸੈਂਪਲਾਂ, ਜਸਵੀਰ ਸਿੰਘ, ਇਕਬਾਲ ਸਿੰਘ, ਬਲਜੀਤ ਸਿੰਘ ਖਰੜ, ਜਸਵਿੰਦਰ ਕੌਰ, ਬਲਵੀਰ ਕੌਰ, ਕਾਮਰੇਡ ਲਸ਼ਕਰ ਸਿੰਘ, ਗੁਰਮੁੱਖ ਸਿੰਘ, ਹਰਨੇਕ ਸਿੰਘ ਚੁੰਨੀ, ਬਲਜੀਤ ਸਿੰਘ ਸਲਾਣਾ ਪ੍ਰਧਾਨ ਐੱਸਸੀ/ਬੀਸੀ, ਅਧਿਆਪਕ ਯੂਨੀਅਨ ਪੰਜਾਬ ਅਤੇ ਕਾਜਲ ਰਾਣੀ ਗੌਤਮ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…