ਜਾਅਲੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਵੱਲੋਂ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ

ਦਲਿਤ ਸਮਾਜ ਦੇ ਲੋਕਾਂ ਨੂੰ 15 ਅਗਸਤ ਨੂੰ ਆਪਣੇ ਘਰਾਂ ਦੇ ਬਨੇਰਿਆਂ ਉੱਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 12 ਅਗਸਤ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ 115ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਦਲਿਤ ਵਰਗ ਦੇ ਲੋਕਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਹੁਣ ਆਪਣੇ ਪਰਿਵਾਰਾਂ ਸਣੇ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਹੈ। ਅੱਜ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਅਣਦੇਖੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।
ਇਸ ਮੌਕੇ ਪ੍ਰੋ. ਹਰਨੇਕ ਸਿੰਘ ਨੇ ਸਮੁੱਚੇ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਆਪਣੇ ਘਰਾਂ ਦੇ ਬਨੇਰਿਆਂ ਉੱਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਗਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ 5 ਮਹੀਨਿਆਂ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਲੇਕਿਨ ਸਰਕਾਰ ਹੁਣ ਉਨ੍ਹਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਅਤੇ ਜਾਅਲੀ ਐਸਸੀ ਸਰਟੀਫਿਕੇਟ ਤੁਰੰਤ ਰੱਦ ਕੀਤੇ ਜਾਣ।
ਇਸ ਮੌਕੇ ਅਵਤਾਰ ਸਿੰਘ ਸਹੋਤਾ, ਲਖਵੀਰ ਸਿੰਘ ਬੌਬੀ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਡਾ. ਬੀਆਰ ਅੰਬੇਦਕਰ ਵੱਲੋਂ ਲਿਖਿਆ ਸੰਵਿਧਾਨ ਤਾਂ ਲਾਗੂ ਹੈ ਪ੍ਰੰਤੂ ਉਨ੍ਹਾਂ ਦੇ ਵਾਰਸਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਦਲਿਤਾਂ ਦੀ ਬਾਂਹ ਫੜੀ, ਸਗੋਂ ਹਮੇਸ਼ਾ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਰੱਖਣ ਲਈ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਅਫ਼ਸਰਾਂ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਨਹੀਂ ਡੱਕਿਆਂ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …