Share on Facebook Share on Twitter Share on Google+ Share on Pinterest Share on Linkedin ਜਾਅਲੀ ਸਰਟੀਫਿਕੇਟ ਮਾਮਲਾ: ਜ਼ਿੰਮੇਵਾਰ ਅਫ਼ਸਰਾਂ ਨੂੰ ਸਜ਼ਾ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ: ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸੋਮਵਾਰ ਨੂੰ 40ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਪੱਕਾ ਮੋਰਚਾ ਦੇ ਕਨਵੀਨਰ ਪ੍ਰੋ. ਹਰਨੇਕ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ, ਲਖਵੀਰ ਸਿੰਘ ਬੌਬੀ ਅਤੇ ਹੋਰਨਾਂ ਦਲਿਤ ਆਗੂਆਂ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਹੋਰ ਲਾਭ ਲੈਣ ਵਾਲੇ ਵਿਅਕਤੀਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਤੱਕ ਲੜੀਵਾਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਹਰਿਆਣਾ ਅਤੇ ਹੋਰਨਾਂ ਸੂਬਿਆਂ ਵਿੱਚ 73 ਲੋਕ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰ ਰਹੇ ਹਨ। ਇਸ ਸਬੰਧੀ ਦਲਿਤ ਸੰਗਠਨ ਪਿਛਲੇ ਕਾਫ਼ੀ ਸਮੇਂ ਤੋਂ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਸਮੇਤ ਸਮਾਜ ਭਲਾਈ ਮੰਤਰੀ ਅਤੇ ‘ਆਪ’ ਵਿਧਾਇਕ ਦਾ ਬੂਹਾ ਖੜਕਾ ਚੁੱਕੇ ਹਨ ਪ੍ਰੰਤੂ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹੁਕਮਰਾਨ ਗਰੀਬ ਵਰਗ ਦੇ ਲੋਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਅਤੇ ਸਾਰੇ ਜਾਅਲੀ ਐਸਸੀ ਸਰਟੀਫਿਕੇਟ ਰੱਦ ਕਰਕੇ ਕਸੂਰਵਾਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਗੁਪਤ ਐਕਸ਼ਨ ਵੀ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ