
ਜਾਅਲੀ ਸਰਟੀਫਿਕੇਟ ਮਾਮਲਾ: ਵਿੱਤ ਮੰਤਰੀ ਵੱਲੋਂ 93 ਸ਼ਿਕਾਇਤਾਂ ਦਾ 15 ਦਿਨਾਂ ’ਚ ਨਿਬੇੜਾ ਕਰਨ ਦੇ ਹੁਕਮ
ਸਮਾਜਿਕ ਨਿਆਂ ਵਿਭਾਗ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਰੱਦ ਕਰਨ ਦੀ ਕਰ ਚੁੱਕਾ ਹੈ ਸਿਫ਼ਾਰਸ਼
ਡਾਇਰੈਕਟਰ ਦਫ਼ਤਰ ਮੁਹਾਲੀ ਦੇ ਬਾਹਰ ਲੜੀਵਾਰ ਪੱਕਾ ਮੋਰਚਾ 55ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਮੰਗਲਵਾਰ ਨੂੰ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਦਲਿਤ ਸੰਗਠਨਾਂ ਦਾ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ।
ਉਧਰ, ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਵੱਖ-ਵੱਖ ਦਲਿਤ ਜਥੇਬੰਦੀਆਂ ਨੇ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਹੋਰ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਲੇਕਿਨ ਐਤਵਾਰ ਨੂੰ ਵਿੱਤ ਮੰਤਰੀ ਨੇ ਪੱਕਾ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਸੀ। ਜਿਸ ਕਾਰਨ ਧਰਨਾਕਾਰੀਆਂ ਨੇ ਪੰਜਾਬ ਬੰਦ ਦੀ ਹੜਤਾਲ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਸੀ।
ਉਸੇ ਸਿਲਸਿਲੇ ਵਿੱਚ ਅੱਜ ਪੰਜਾਬ ਭਵਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿਭਾਗ ਨੂੰ ਬਣਦੀ ਕਾਰਵਾਈ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜੋ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ, ਉਨ੍ਹਾਂ ਬਾਰੇ ਐਡਵੋਕੇਟ ਜਨਰਲ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਪ੍ਰੋ. ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਐਸਸੀ ਕਮਿਸ਼ਨ ਦੇ ਸਾਬਕਾ ਮੈਂਬਰ ਪ੍ਰਭਦਿਆਲ, ਯੂਥ ਵਿੰਗ ਦੇ ਕਨਵੀਨਰ ਬਲਵੀਰ ਸਿੰਘ ਆਲਮਪੁਰ, ਪ੍ਰਿੰਸੀਪਲ ਅਵਤਾਰ ਸਿੰਘ ਸਹੋਤਾ ਨੇ ਕੈਬਨਿਟ ਸਬ ਕਮੇਟੀ ਅੱਗੇ 7 ਮੰਗਾਂ ਰੱਖੀਆਂ।
ਜਾਅਲੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ ’ਤੇ ਮੁਕੰਮਲ ਰੋਕ ਲਗਾਉਣ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸਬੰਧਤ ਦਸਤਾਵੇਜ਼ਾਂ ਦੀ ਸਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸਬੰਧੀ ਪ੍ਰਸਤਾਵ ਤਿਆਰ ਕਰਨ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਲਖਬੀਰ ਸਿੰਘ ਬੌਬੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਨਰਲ ਵਰਗ ਦੇ ਜਿਨ੍ਹਾਂ ਲੋਕਾਂ ਨੇ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਲਾਭ ਹਾਸਲ ਕੀਤੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਲੜੀਵਾਰ ਧਰਨੇ ਦੌਰਾਨ ਗੁਰਦੁਆਰਾ ਸ਼ਹੀਦ ਭਾਈ ਜੈਤਾ ਜੀ ਮੁਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਮੇਸ਼ ਕੁਮਾਰ ਗੰਟਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ 26 ਕੇਸਾਂ ਦੀ ਸੁਣਵਾਈ ਕਰਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ ਹਨ। ਜਿਨ੍ਹਾਂ ’ਚੋਂ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਦੱਸਿਆ ਕਿ ਬਾਕੀ 67 ਕੇਸਾਂ ਦੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਾਰੇ ਮਾਮਲੇ ਇੱਕ ਮਹੀਨੇ ਤੱਕ ਹੱਲ ਕਰ ਲਏ ਜਾਣਗੇ।

ਇਸ ਮੌਕੇ ਯੁਗਵੀਰ ਕੁਮਾਰ, ਮੋਹਨ ਮਹਿੰਦਰ ਬਠਿੰਡਾ, ਜਸ਼ਨ ਬਠਿੰਡਾ, ਸੰਤ ਕੁਲਵੰਤ ਸਿੰਘ ਭਰੋਮਜਾਰਾ, ਜੱਸੀ ਤੱਲਣ ਜੀ, ਪੰਜਾਬ ਟਾਈਗਰ ਫੋਰਸ ਜਲੰਧਰ, ਭਗਵਾਨ ਵਾਲਮਿਕ, ਮਜਬੀ ਸਿੱਖ, ਐਜੂਕੇਸ਼ਨਲ ਵੈਲਫੇਅਰ ਟਰੱਸਟ, ਜਲੰਧਰ ਦੇ ਪ੍ਰਧਾਨ ਤੇ ਮੈਂਬਰ, ਭਾਰਤੀਅ ਮੂਲ ਨਿਵਾਸੀ ਮੁਕਤੀ ਮੋਰਚਾ, ਜਲੰਧਰ ਦੇ ਪ੍ਰਧਾਨ ਤੇ ਮੈਂਬਰ, ਮਨਿੰਦਰ ਜੀਤ ਸਿੰਘ, ਕਿਰਪਾਲ ਸਿੰਘ, ਅਵਤਾਰ ਸਿੰਘ ਸੈਂਪਲਾਂ, ਅਨਿਲ ਹੰਸ, ਦਵਿੰਦਰ ਸਿੰਘ, ਸ਼ੁਭਵਮ, ਡਾ. ਸੁਰਿੰਦਰ ਕਲਿਆਣ, ਸੀਤਲ ਸਿੰਘ, ਵਿੱਕੀ ਪਰੋਚਾ, ਕੋਮੀ ਪ੍ਰਧਾਨ, ਭਗਵਾਨ ਵਾਲਮਿਕ, ਦਲਿਤ ਚੇਤਨਾ ਮੰਚ ਧੂਰੀ, ਹਰਚੰਦ ਸਿੰਘ ਜਖਵਾਲੀ, ਸ਼ੁਵਿੰਦਰ ਸਿੰਘ ਲੱਖੋਵਾਲ, ਰਣਜੀਤ ਸਿੰਘ ਜੱਸਲ, ਹਰਪਾਲ ਕੌਰ ਮਾਨਸਾ, ਸੰਯੋਗਤਾ, ਹਰਬੰਸ ਲਾਲ ਮੁਕਤਸਰ, ਕੇਵਲ ਸਿੰਘ, ਦਲੀਪ ਕੁਮਾਰ ਬੱਬਾ, ਅਮਿਤ ਕੁਮਾਰ, ਡਾ.ਹਰਬੰਸ ਲਾਲ, ਸਮਯ ਸਿੰਘ ਬਿਰਲਾ, ਵਾਲਮਿਕੀ ਸਮਾਜ ਮਹਾਂ ਪੰਚਾਇਤ, ਗੁਰਮੁੱਖ ਸਿੰਘ ਢੋਲਣ ਮਾਜਰਾ, ਦਲਬੀਰ ਸਿੰਘ ਤੇਜੀ, ਅਮਨ ਚੈਨ ਸਿੰਘ, ਆਦਿਲ ਮਾਨ, ਸੁਨੀਲ ਕੁਮਾਰ, ਹਰਨੇਕ ਸਿੰਘ ਚੁੰਨੀ, ਹਾਜ਼ਰ ਸਨ।