
ਫਰਜ਼ੀ ਪੁਲੀਸ ਮੁਕਾਬਲਾ: ਸੀਬੀਆਈ ਅਦਾਲਤ ਵੱਲੋਂ ਸਾਬਕਾ ਡੀਐਸਪੀ ਸਮੇਤ ਤਿੰਨ ਜਣੇ ਦੋਸ਼ੀ ਕਰਾਰ
ਸੀਬੀਆਈ ਅਦਾਲਤ ਵੱਲੋਂ ਦੋਸ਼ੀਆਂ ਨੂੰ 14 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ
ਪੰਜਾਬ ਪੁਲੀਸ ’ਤੇ ਸਾਲ 1992 ਵਿੱਚ ਤਿੰਨ ਨੌਜਵਾਨਾਂ ਨੂੰ ਚੁੱਕ ਕੇ ਮੌਤ ਦੇ ਘਾਟ ਉਤਾਰਨ ਦ ਦੋਸ਼
ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਸੇਵਾਮੁਕਤ ਡੀਐਸਪੀ ਗੁਰਦੇਵ ਸਿੰਘ ਸਮੇਤ ਥਾਣਾ ਲੋਪੋਕੇ ਦੇ ਤਤਕਾਲੀ ਐਸਐਚਓ ਧਰਮ ਸਿੰਘ ਅਤੇ ਇੱਕ ਹੋਰ ਸਾਬਕਾ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦੋਂਕਿ ਇੱਕ ਮੁਲਜ਼ਮ ਸਾਬਕਾ ਥਾਣੇਦਾਰ ਭੁਪਿੰਦਰ ਸਿੰਘ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਹੈ। ਸੀਬੀਆਈ ਨੇ 2000 ਵਿੱਚ ਕੁੱਲ ਅੱਠ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਧਾਰਾ 302, 364, 120-ਬੀ ਅਤੇ 218 ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਇਨ੍ਹਾਂ ’ਚੋਂ ਚਾਰ ਮੁਲਜ਼ਮਾਂ ਸਾਬਕਾ ਸਬ ਇੰਸਪੈਕਟਰ ਅਮਰੀਕ ਸਿੰਘ ਤੇ ਰਾਮ ਲੁਭਾਇਆ, ਹੌਲਦਾਰ ਸਤਵੀਰ ਸਿੰਘ ਅਤੇ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਦੋਸ਼ੀਆਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ।
ਪੀੜਤ ਪਰਿਵਾਰਾਂ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਜਗਜੀਤ ਸਿੰਘ ਬਾਜਵਾ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਨੇ 29 ਅਪਰੈਲ 1992 ਨੂੰ ਹਰਜੀਤ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਜਸਪਿੰਦਰ ਸਿੰਘ ਨੂੰ ਚੁੱਕ ਕੇ ਕਈ ਦਿਨ ਕਥਿਤ ਗੈਰਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ 12 ਮਈ 1992 ਨੂੰ ਬੱਸ ਅੱਡਾ ਠੱਠੀਆਂ (ਅੰਮ੍ਰਿਤਸਰ) ਨੇੜੇ ਫਰਜ਼ੀ ਪੁਲੀਸ ਮੁਕਾਬਲਾ ਦਿਖਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਪੀੜਤ ਪਰਿਵਾਰ ਇਨਸਾਫ਼ ਲਈ ਉਸ ਸਮੇਂ ਦੀ ਸਰਕਾਰ ਅਤੇ ਪੰਜਾਬ ਪੁਲੀਸ ਦੇ ਉਚ ਅਧਿਕਾਰੀਆਂ ਦੇ ਤਰਲੇ ਕੱਢਦੇ ਰਹੇ ਲੇਕਿਨ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਹੀ ਨਹੀਂ ਥਾਣਾ ਮੁਖੀ ਨੇ ਪੀੜਤ ਪਰਿਵਾਰਾਂ ਨੂੰ ਨੌਜਵਾਨਾਂ ਦੀਆਂ ਲਾਸ਼ਾਂ ਵੀ ਨਹੀਂ ਦਿੱਤੀਆਂ ਗਈਆਂ।
ਇਸ ਤੋਂ ਬਾਅਦ ਸਿੱਖ ਨੌਜਵਾਨ ਹਰਜੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਅਤੇ ਦਾਦਾ ਸ਼ਿੰਗਾਰਾ ਸਿੰਘ ਨੇ ਇਨਸਾਫ਼ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਅਤੇ ਉਪਰੋਕਤ ਘਟਨਾਕ੍ਰਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਚ ਅਦਾਲਤ ਨੇ 1995 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਗਏ ਅਤੇ 30 ਮਈ 1997 ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ। ਸਾਲ ਬਾਅਦ 1998 ਵਿੱਚ ਸੀਬੀਆਈ ਨੇ ਸੇਵਾਮੁਕਤ ਡੀਐਸਪੀ ਗੁਰਦੇਵ ਸਿੰਘ ਸਮੇਤ ਥਾਣਾ ਲੋਪੋਕੇ ਦੇ ਤਤਕਾਲੀ ਐਸਐਚਓ ਧਰਮ ਸਿੰਘ, ਸਬ ਇੰਸਪੈਕਟਰ ਸੁਰਿੰਦਰ ਸਿੰਘ, ਏਐਸਆਈ ਭੁਪਿੰਦਰ ਸਿੰਘ, ਸਬ ਇੰਸਪੈਕਟਰ ਅਮਰੀਕ ਸਿੰਘ ਤੇ ਰਾਮ ਲੁਭਾਇਆ, ਹੌਲਦਾਰ ਸਤਵੀਰ ਸਿੰਘ ਅਤੇ ਦਲਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ।
ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਉਂਜ ਦੋਸ਼ੀਆਂ ਦੀ ਅਪੀਲ ’ਤੇ ਸਾਲ 2004 ਤੋਂ 2016 ਤੱਕ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਬਾਅਦ ਵਿੱਚ ਪੀੜਤ ਪਰਿਵਾਰਾਂ ਦੀ ਫ਼ਰਿਆਦ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਅਤੇ ਸੀਬੀਆਈ ਦੀ ਜਾਂਚ ਟੀਮ ਨੇ 55 ਸਰਕਾਰੀ ਗਵਾਹਾਂ ਦੀ ਸੂਚੀ ਅਦਾਲਤ ਵਿੱਚ ਪੇਸ਼ ਕੀਤੀ ਗਈ ਪ੍ਰੰਤੂ 27 ਗਵਾਹਾਂ ਦੇ ਬਿਆਨ ਦਰਜ ਹੋ ਸਕੇ ਜਦੋਂਕਿ ਬਾਕੀ ਗਵਾਹਾਂ ਦੀ ਮਾਮਲੇ ਦੀ ਸੁਣਵਾਈ ਦੌਰਾਨ ਮੌਤ ਹੋ ਗਈ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਅਦਾਲਤ ਨੇ ਪੰਜਾਬ ਪੁਲੀਸ ਦੇ ਸੇਵਾਮੁਕਤ ਡੀਐਸਪੀ ਗੁਰਦੇਵ ਸਿੰਘ, ਥਾਣਾ ਲੋਪੋਕੇ ਦੇ ਤਤਕਾਲੀ ਐਸਐਚਓ ਧਰਮ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਦੋਸ਼ੀਆਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ।