ਝੂਠਾ ਪੁਲੀਸ ਮੁਕਾਬਲਾ: ਸੀਬੀਆਈ ਅਦਾਲਤ ਵੱਲੋਂ ਸਾਬਕਾ ਡੀਐਸਪੀ ਤੇ ਸਬ ਇੰਸਪੈਕਟਰ ਨੂੰ ਉਮਰ ਕੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਸਬੰਧੀ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀਐਸਪੀ (ਸੇਵਾਮੁਕਤ) ਕ੍ਰਿਸ਼ਨ ਸਿੰਘ ਅਤੇ ਸਬ ਇੰਸਪੈਕਟਰ (ਸੇਵਾਮੁਕਤ) ਤਰਸੇਮ ਲਾਲ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਜੁਰਮਾਨੇ ਦੀ ਰਾਸ਼ੀ ’ਚੋਂ ਤਿੰਨੇ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦੇ ਵੀ ਹੁਕਮ ਜਾਰੀ ਕੀਤੇ ਹਨ। ਜਦੋਂਕਿ ਧਾਰਾ 201 ਸਬੂਤ ਗਾਇਬ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਤੇ 15 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 218 ਗਲਤ ਰਿਕਾਰਡ ਤਿਆਰ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਇਹ ਜਾਣਕਾਰੀ ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਰੀਬ 30 ਸਾਲ ਪਹਿਲਾਂ ਮੱਧ ਪ੍ਰਦੇਸ਼ ਪੁਲੀਸ ਨੇ ਸੱਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਪੰਜ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲੀਸ ਫੜ ਕੇ ਪੰਜਾਬ ਲੈ ਆਈ ਸੀ। ਪੁਲੀਸ ਅਨੁਸਾਰ ਸਿੱਖ ਨੌਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਿਸੇ ਥਾਂ ਹਥਿਆਰ ਛੁਪਾ ਕੇ ਰੱਖੇ ਹੋਏ ਸਨ ਅਤੇ 13 ਦਸੰਬਰ 1992 ਦੀ ਰਾਤ ਨੂੰ ਕਰੀਬ ਸਾਢੇ 11 ਵਜੇ ਪੁਲੀਸ ਇਨ੍ਹਾਂ ਨੌਜਵਾਨਾਂ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਜਾ ਰਹੀ ਸੀ ਪ੍ਰੰਤੂ ਧਰਦਿਓ ਪਿੰਡ (ਅੰਮ੍ਰਿਤਸਰ) ਨੇੜੇ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਮੁਕਾਬਲੇ ਵਿੱਚ ਤਿੰਨ ਸਿੱਖ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਇੱਕ ਹੋਰ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਬਾਰੇ ਪੁਲੀਸ ਦਾ ਕਹਿਣਾ ਸੀ ਕਿ ਇਹ ਅਣਪਛਾਤਾ ਨੌਜਵਾਨ ਪੁਲੀਸ ’ਤੇ ਹਮਲਾ ਕਰਨ ਵਾਲਾ ਖਾੜਕੂ ਸੀ। ਜਦੋਂਕਿ ਪੀੜਤ ਪਰਿਵਾਰਾਂ ਦਾ ਦੋਸ਼ ਸੀ ਕਿ ਪੁਲੀਸ ਨੇ ਉਨ੍ਹਾਂ ਦੇ ਮੁੰਡਿਆਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਪੀੜਤ ਪਰਿਵਾਰ ਇਨਸਾਫ਼ ਲਈ ਪੁਲੀਸ ਅੱਗੇ ਤਰਲੇ ਕੱਢਦੇ ਰਹੇ ਲੇਕਿਨ ਉਨ੍ਹਾਂ ਦੀ ਕਿਸੇ ਨੇ ਇੱਕ ਨਹੀਂ ਸੁਣੀ। ਬਾਅਦ ਵਿੱਚ ਉਨ੍ਹਾਂ ਨੇ ਇਨਸਾਫ਼ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ। ਉਕਤ ਚਾਰਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਲਾਵਾਰਿਾਸ ਕਰਾਰ ਦੇ ਕੇ ਉਨ੍ਹਾਂ ਦਾ ਮੈਡੀਕਲ ਕਾਲਜ ਅੰਮ੍ਰਿਤਸਰ ’ਚੋਂ ਪੋਸਟ ਮਾਰਟਮ ਕਰਵਾ ਕੇ ਦੁਰਗਿਆਣਾ ਵਿਖੇ ਅੰਤਿਮ ਸਸਕਾਰ ਵੀ ਨਾਜਾਇਜ਼ ਤਰੀਕੇ ਨਾਲ ਕੀਤਾ ਗਿਆ ਸੀ।
ਇਸ ਸਬੰਧੀ ਮ੍ਰਿਤਕ ਸਾਹਿਬ ਸਿੰਘ ਵਾਸੀ ਪਿੰਡ ਚੁੱਗ (ਅੰਮ੍ਰਿਤਸਰ) ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ’ਤੇ ਸੁਪਰੀਮ ਕੋਰਟ ਨੇ ਸੰਨ 1995 ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਸੀਬੀਆਈ ਨੇ ਮੁੱਢਲੀ ਜਾਂਚ ਵਿੱਚ ਉਕਤ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਦੋਵੇਂ ਪੁਲੀਸ ਅਫ਼ਸਰਾਂ ਨੂੰ ਇਸ ਮੁਕਾਬਲੇ ਲਈ ਜ਼ਿੰਮੇਵਾਰ ਮੰਨਦੇ ਹੋਏ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਆਰਕੇ ਗੁਪਤਾ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅਦਾਲਤ ਨੇ ਬੀਤੀ 16 ਅਗਸਤ ਨੂੰ ਸਾਬਕਾ ਡੀਐਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਲਾਲ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਜੱਜ ਨੇ ਉਕਤ ਦੋਵੇਂ ਸਾਬਕਾ ਪੁਲੀਸ ਅਫ਼ਸਰਾਂ ਨੂੰ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਵਾਈ ਗਈ। ਜੁਰਮਾਨੇ ਦੀ ਰਾਸ਼ੀ ’ਚੋਂ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਮ੍ਰਿਤਕ ਨੌਜਵਾਨ ਸਾਹਿਬ ਸਿੰਘ ਦੇ ਵੱਡੇ ਭਰਾ ਸਰਤਾਜ ਸਿੰਘ ਅਤੇ ਮ੍ਰਿਤਕ ਬਲਵਿੰਦਰ ਸਿੰਘ ਦੇ ਭਤੀਜੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਤਿੰਨ ਦਹਾਕੇ ਬਾਅਦ ਇਨਸਾਫ਼ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਫ਼ੈਸਲਾ ਲੇਟ ਆਇਆ ਪਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਮਿਲਣ ਨਾਲ ਪੀੜਤ ਪਰਿਵਾਰਾਂ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਸੀਬੀਆਈ ਅਦਾਲਤ ਦਾ ਵੀ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …