nabaz-e-punjab.com

ਫ਼ਰਜ਼ੀ ਪੁਲੀਸ ਮੁਕਾਬਲਾ: ਵਕੀਲਾਂ ਦੀ ਹੜਤਾਲ ਕਾਰਨ ਪੁਲੀਸ ਅਫ਼ਸਰਾਂ ਨੂੰ ਸਜ਼ਾ ਸੁਣਾਉਣ ਦੀ ਕਾਰਵਾਈ ਟਲੀ

ਸੀਬੀਆਈ ਅਦਾਲਤ ਵੱਲੋਂ ਹੁਣ ਦੋਸ਼ੀਆਂ ਨੂੰ 4 ਨਵੰਬਰ ਸ਼ੁੱਕਰਵਾਰ ਨੂੰ ਸੁਣਾਈ ਜਾਵੇਗੀ ਸਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਵਿੱਚ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐਸਆਈ ਜਗਤਾਰ ਸਿੰਘ ਨੂੰ ਸਜਾ ਸੁਣਾਉਣ ਦੀ ਕਾਰਵਾਈ ਅੱਗੇ ਟਾਲ ਦਿੱਤੀ ਹੈ। ਵਕੀਲਾਂ ਦੀ ਹੜਤਾਲ ਕਾਰਨ ਦੋਸ਼ੀਆਂ ਦੇ ਵਕੀਲ ਪੇਸ਼ ਨਹੀਂ ਹੋ ਸਕੇ। ਹੁਣ ਦੋਸ਼ੀਆਂ ਨੂੰ 4 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ ਅਫ਼ਸਰਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।
ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਸਿੱਖ ਨੌਜਵਾਨ ਹਰਬੰਸ ਸਿੰਘ ਵਾਸੀ ਓਬੋਕੇ (ਤਰਨ ਤਾਰਨ) ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ ਅਤੇ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਸਿੱਖ ਨੌਜਵਾਨ ਹਰਬੰਸ ਸਿੰਘ ਨੂੰ ਆਪਣੇ ਨਾਲ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਸੀਬੀਆਈ ਅਦਾਲਤ ਵਿੰਚ ਚੱਲ ਰਹੀ ਸੀ।
ਕੇਸ ਦੀ ਸੁਣਵਾਈ ਦੌਰਾਨ ਬੀਤੀ 27 ਅਕਤੂਬਰ ਨੂੰ ਸੀਬੀਆਈ ਅਦਾਲਤ ਨੇ ਦੋ ਸੇਵਾਮੁਕਤ ਪੁਲੀਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਅੱਜ 2 ਨਵੰਬਰ ਨੂੰ ਸਜ਼ਾ ਸੁਣਾਉਣ ਲਈ ਕਿਹਾ ਸੀ ਪ੍ਰੰਤੂ ਵਕੀਲਾਂ ਦੀ ਹੜਤਾਲ ਕਾਰਨ ਦੋਸ਼ੀਆਂ ਦੇ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਾਰਨ ਉਹ ਸੁਣਵਾਈ ਦੌਰਾਨ ਪੇਸ਼ ਨਹੀਂ ਹੋ ਸਕਦੇ ਹਨ। ਲਿਹਾਜ਼ਾ ਇਹ ਕਾਰਵਾਈ ਅੱਗੇ ਟਾਲੀ ਜਾਵੇ। ਅਦਾਲਤ ਨੇ ਸ਼ੁੱਕਰਵਾਰ ਤੱਕ ਸੁਣਵਾਈ ਅੱਗੇ ਟਾਲ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …