ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਨੇ ‘ਆਪ’ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਬੁੱਧਵਾਰ ਨੂੰ 28ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਦਲਿਤ ਵਰਗ ਨਾਲ ਸਬੰਧਤ ਸੇਵਾਮੁਕਤ ਆਈਏਐਸ ਅਤੇ ਪੀਸੀਐਸ ਅਤੇ ਹੋਰ ਸਾਬਕਾ ਗਜਟਿਡ ਅਫ਼ਸਰ ਵੀ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਸੇਵਾਮੁਕਤ ਆਈਏਐਸ ਖ਼ੁਸ਼ੀ ਰਾਮ ਨੇ ਜਨਰਲ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਰੀਬ ਵਰਗ ਦੇ ਲੋਕਾਂ ਦਾ ਨੁਕਸਾਨ ਕਰਨ ਤੋਂ ਪਹਿਲਾਂ ਹਜ਼ਾਰ ਵਾਰ ਸੋਚਣ ਕਿਉਂਕਿ ਇਨ੍ਹਾਂ ਗਰੀਬ ਲੋਕਾਂ ਕੋਲ ਆਮਦਨ ਦਾ ਕਈ ਚਾਰਾ ਵੀ ਨਹੀਂ ਹੈ। ਜਿਸ ਨਾਲ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰ ਸਕਣ ਜਦੋਂਕਿ ਜਨਰਲ ਵਰਗ ਕੋਲ ਬਹੁਤ ਸਾਰੇ ਸਾਧਨ ਉਪਲਬਧ ਹਨ।
ਇਸੇ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਬੈਨਰ ਹੇਠ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਇਸ ਮੌਕੇ ਪੱਕੇ ਮੋਰਚੇ ਦੇ ਕਨਵੀਨਰ ਪ੍ਰੋ. ਹਰਨੇਕ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ ਸਹੋਤਾ, ਕੈਪਟਨ ਗੁਰਜੰਟ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਹੁਤ ਸਾਰੇ ਜਨਰਲ ਵਰਗ ਦੇ ਵਿਅਕਤੀਆਂ ਨੇ ਜਾਅਲੀ ਸਰਟੀਫਿਕੇਟ ਬਣਾ ਕੇ ਗਲਤ ਤਰੀਕੇ ਨਾਲ ਸਰਕਾਰੀ ਲਾਭ ਲਿਆ ਜਾ ਰਿਹਾ ਹੈ। ਇੱਥੋਂ ਤੱਕ ਕਈ ਵਿਅਕਤੀ ਚੋਣ ਲੜਨ ਸਮੇਤ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਜਾਅਲੀ ਐਸਸੀ ਸਰਟੀਫਿਕੇਟ ਰੱਦ ਕੀਤੇ ਜਾਣ ਅਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਪ ਵਿਧਾਇਕ ਕੁਲਵੰਤ ਸਿੰਘ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਸਰਕਾਰੀ ਪੱਧਰ ’ਤੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਦਲਿਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਬਣਦੀ ਕਾਰਵਾਈ ਅਮਲ ਨਾ ਲਿਆਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕੁਲਦੀਪ ਸਿੰਘ, ਇੰਜ. ਰਾਮਪਾਲ ਸੰਧੂ, ਡਾ. ਜਗਤਾਰ ਸਿੰਘ, ਕਰਨਲ ਪ੍ਰਿਥਵੀ ਰਾਜ, ਸੁਰਜੀਤ ਕੌਰ, ਸਿਕੰਦਰ ਸਿੰਘ, ਗੋਰਾ ਹੁਸ਼ਿਆਰਪੁਰੀ, ਪੋਸੂ ਆਗੂ ਜੀਵਨ ਸਿੰਘ, ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਮੈਂਬਰ ਪ੍ਰਭ ਦਿਆਲ, ਦਵਿੰਦਰ ਸਿੰਘ ਬੌਬੀ ਅਤੇ ਬਲਬੀਰ ਸਿੰਘ ਆਲਮਪੁਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …