
ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ
ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਓਐਸਡੀ ਇੰਦਰਪਾਲ ਸਿੰਘ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 44ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਬੋਲਦਿਆਂ ਪ੍ਰੋ. ਹਰਨੇਕ ਸਿੰਘ, ਪ੍ਰੋ. ਸਰਬਜੀਤ ਸਿੰਘ ਅਤੇ ਲਖਵੀਰ ਸਿੰਘ ਬੌਬੀ ਨੇ ਕਿਹਾ ਕਿ ਗਰੀਬ ਵਰਗ ਦੇ ਲੋਕਾਂ ਦਾ ਸੰਘਰਸ਼ ਹੁਣ ਫ਼ੈਸਲਾਕੁਨ ਦੌਰ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਹੋਰ ਲਾਭ ਲੈਣ ਵਾਲੇ ਵਿਅਕਤੀਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਤੱਕ ਲੜੀਵਾਰ ਸੰਘਰਸ਼ ਜਾਰੀ ਰਹੇਗਾ।
ਇਸੇ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਇੰਦਰਪਾਲ ਸਿੰਘ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ 9 ਜੂਨ ਨੂੰ ਦਲਿਤ ਸੰਗਠਨਾਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦਿਨ ਸੂਬਾ ਸਰਕਾਰ ਨੇ ਇਸ ਮਸਲੇ ਦਾ ਪੱਕਾ ਹੱਲ ਕਰਨ ਲਈ ਠੋਸ ਨੀਤੀ ਅਤੇ ਕਾਨੂੰਨ ਬਣਾਉਣ ਦੀ ਹਾਮੀ ਨਾ ਭਰੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ।
ਉਧਰ, ਪੰਜਾਬ ਪ੍ਰਦੇਸ਼ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਨਵਾਬ ਅਲੀ, ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਗੱਜਣਵਾਲਾ, ਸੰਤ ਕੁਲਵੰਤ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਮੈਂਬਰ ਪ੍ਰਭ ਦਿਆਲ ਨੇ ਸਮੂਹ ਦਲਿਤ ਸਮਾਜ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਨਰੇਗਾ ਵਰਕਰਜ਼ ਫਰੰਟ ਦੇ ਆਗੂ ਰੇਸ਼ਮ ਸਿੰਘ ਕਾਹਲੋਂ, ਬਲਬੀਰ ਸਿੰਘ ਆਲਮਪੁਰ, ਗੁਰਮੁੱਖ ਸਿੰਘ ਢੋਲਣ ਮਾਜਰਾ, ਕਿਰਨਜੀਤ ਸਿੰਘ ਗਹਿਰੀ, ਜਸਵਿੰਦਰ ਸਿੰਘ ਤੱਲਣ, ਕਾਮਰੇਡ ਹਰੀ ਸਿੰਘ, ਰਾਜਿੰਦਰ ਸਿੰਘ ਰਿਆੜ ਅਤੇ ਹਰਦੀਪ ਸਿੰਘ ਗਿੱਲ ਨੇ ਵੀ ਆਪਣੇ ਵਿਚਾਰ ਰੱਖੇ।