ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਡਾਇਰੈਕਟਰ ਦਾ ਪੁਤਲਾ ਸਾੜਿਆ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਨੇ ਵੀ ਹਾਜ਼ਰੀ ਭਰੀ, ਪੁਤਲਾ ਫੂਕਿਆ

ਡਾਇਰੈਕਟਰ ਦਫ਼ਤਰ ਦੇ ਬਾਹਰ ਦਲਿਤ ਜਥੇਬੰਦੀਆਂ ਦਾ ਪੱਕਾ ਮੋਰਚਾ ਛੇਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਪੜਤਾਲ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਮੰਗਲਵਾਰ ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਸਿਖਰ ਦੁਪਹਿਰੇ ਡਾਇਰੈਕਟਰ ਦਾ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਲੜੀਵਾਰ ਸੰਘਰਸ਼ ਨੂੰ ਅੱਜ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਪ੍ਰਭਦਿਆਲ ਨੇ ਸ਼ਿਰਕਤ ਕਰਕੇ ਧਰਨਾਕਾਰੀਆਂ ਨੂੰ ਤੜਕੇ ਹੋ ਕੇ ਆਪਣੇ ਹੱਕਾਂ ਲਈ ਲਾਮਬੰਦ ਹੋਣ ਲਈ ਪ੍ਰੇਰਿਆ। ਉਨ੍ਹਾਂ ਨੇ ਧਰਨੇ ’ਤੇ ਬੈਠੇ ਦਲਿਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਜਲੰਧਰ ਜ਼ਿਮਨੀ ਚੋਣ ਦਾ ਹਿੱਸਾ ਬਣ ਕੇ ਦਲਿਤ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉੱਥੋਂ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਪਿਛਲੇ ਸਮੇਂ ਵਿੱਚ ਜਾਰੀ ਹੋਏ ਜਾਅਲੀ ਐਸਸੀ ਸਰਟੀਫਿਕੇਟ ਰੱਦ ਨਹੀਂ ਕੀਤੇ ਗਏ। ਪ੍ਰਭਦਿਆਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੀਆਂ ਗਈਆਂ ਸ਼ਿਕਾਇਤਾਂ ’ਤੇ ਵੀ ਸਬੰਧਤ ਵਿਭਾਗਾਂ ਨੇ ਕੋਈ ਗੌਰ ਨਹੀਂ ਕੀਤੀ। ਜਿਸ ਕਾਰਨ ਅਜੋਕੇ ਸਮੇਂ ਵਿੱਚ ਵੱਡੀ ਗਿਣਤੀ ’ਚ ਸ਼ਿਕਾਇਤਾਂ ਪੈਂਡਿੰਗ ਪਈਆਂ ਹਨ।
ਇਸ ਮੌਕੇ ਬਲਬੀਰ ਸਿੰਘ ਆਲਮਪੁਰ ਨੇ ਕਿਹਾ ਕਿ ਵਿਭਾਗ ਨੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਮਹਿਜ਼ 10 ਕੁ ਸ਼ਿਕਾਇਤਾਂ ਦੀ ਸੁਣਵਾਈ ਲਈ ਚਿੱਠੀਆਂ ਕੱਢ ਕੇ ਖਾਨਾਪੂਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਡਾਇਰੈਕਟਰ ਦਫ਼ਤਰ ਵਿੱਚ 100 ਤੋਂ ਵੱਧ ਸ਼ਿਕਾਇਤਾਂ ਪੈਂਡਿੰਗ ਪਈਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਸਰਕਾਰ ਇਸ ਮਸਲੇ ਦਾ ਪੱਕਾ ਹੱਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਨਸਾਫ਼ ਪਸੰਦ ਲੋਕਾਂ ਅਤੇ ਦਲਿਤ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਇਸ ਮੌਕੇ ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਗੁਰਮੁੱਖ ਸਿੰਘ, ਹਰਚਰਨ ਸਿੰਘ, ਸੁਖਤੇਜ ਸਿੰਘ, ਓਮ ਪ੍ਰਕਾਸ਼ ਅਯੋਧਿਆ, ਪ੍ਰਿੰਸੀਪਲ ਸਰਬਜੀਤ ਸਿੰਘ, ਗੁਰਮੁੱਖ ਸਿੰਘ ਢੋਲਣਮਾਜਰਾ, ਸੁਖਦੇਵ ਸਿੰਘ ਪਟਿਆਲਾ, ਬਲਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਗੁਰਧਿਆਨ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…