ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਵੱਲੋਂ ਵਿਸ਼ਾਲ ਰੋਸ ਮਾਰਚ

ਡਾਇਰੈਕਟਰ ਦਫ਼ਤਰ ਮੁਹਾਲੀ ਦੇ ਬਾਹਰ ਲੜੀਵਾਰ ਪੱਕਾ ਮੋਰਚਾ 65ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 65ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਤ ਦੀ ਗਰਮੀ ਦੇ ਬਾਵਜੂਦ ਦਲਿਤ ਸੰਗਠਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਨੇ ਮੁਹਾਲੀ ਵਿੱਚ ਵਿਸ਼ਾਲ ਰੋਸ ਮਾਰਚ ਕਰਕੇ ਹੁਕਮਰਾਨਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਇਸੇ ਦੌਰਾਨ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਰੀਦਕੋਟ ਤੋਂ ਸਿਰਕੀਬੰਦ ਅਨੁਸੂਚਿਤ ਜਾਤੀ ਦੇ ਜਨਰਲ ਸਕੱਤਰ ਇੰਦਰ ਸਿੰਘ ਅਤੇ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਵਿਕੀ ਪਰੋਚਾ ਦੀ ਅਗਵਾਈ ਹੇਠ ਧੂਰੀ ਕਸਬੇ ਤੋਂ ਵੱਡੀ ਮਾਤਰਾ ਵਿੱਚ ਵਾਲਮੀਕ ਭਾਈਚਾਰੇ ਦੇ ਲੋਕਾਂ ਨੇ ਪੱਕੇ ਮੋਰਚੇ ਵਿੱਚ ਪਹੁੰਚ ਕੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਪ੍ਰੋ. ਹਰਨੇਕ ਸਿੰਘ ਨੇ ਸਕਰੂਟਨੀ ਕਮੇਟੀ ਵੱਲੋਂ 22 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਸਰਟੀਫਿਕੇਟਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਇਨ੍ਹਾਂ ’ਚੋਂ 18 ਸਰਟੀਫਿਕੇਟ ਪਿੰਡ ਆਲਮਪੁਰ (ਪਟਿਆਲਾ) ਦੇ ਸੰਘਰਸ਼ਸ਼ੀਲ ਆਗੂ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਰੱਦ ਕੀਤੇ ਗਏ ਹਨ। ਬੁਲਾਰਿਆਂ ਨੇ ਕਿਹਾ ਕਿ ਸੰਵਿਧਾਨ ਦੀ ਰਚਨਾ ਕਰਨ ਸਮੇਤ ਜੋ ਅਧਿਕਾਰ ਡਾ. ਬੀਆਰ ਅੰਬੇਦਕਰ ਨੇ ਗਰੀਬ ਅਤੇ ਪਛੜੇ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿੱਤੇ ਗਏ ਸਨ। ਉਹ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਨਹੀਂ ਮਿਲੇ। ਸਗੋਂ ਉੱਚ ਜਾਤੀ ਦੇ ਲੋਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਨੂੰ ਤਬਾਹੀ ਵੱਲ ਧੱਕ ਰਹੇ ਹਨ।

ਇਸ ਮੌਕੇ ਲਖਬੀਰ ਸਿੰਘ ਬੌਬੀ, ਬੇਅੰਤ ਸਿੰਘ ਸਿੱਧੂ, ਪ੍ਰਿੰਸੀਪਲ ਸਰਬਜੀਤ ਸਿੰਘ, ਜਸਵੰਤ ਸਿੰਘ ਜਲਾਲਾਬਾਦ, ਸੇਵਾ ਸਿੰਘ ਪ੍ਰਧਾਨ ਬਠਿੰਡਾ, ਇੰਦਰ ਸਿੰਘ ਬਠਿੰਡਾ, ਕੁਲਦੀਪ ਸਿੰਘ ਫਾਜ਼ਿਲਕਾ, ਸੇਵਾ ਸਿੰਘ ਸਰਪੰਚ ਮੱਲਾਂਵਾਲਾ ਜ਼ੀਰਾ, ਜੀਤ ਸਿੰਘ ਪਟਿਆਲਾ, ਜਸਪਾਲ ਸਿੰਘ ਰਾਜਪੁਰਾ ਪ੍ਰਧਾਨ, ਤਰਲੋਚਨ ਸਿੰਘ ਬਠਿੰਡਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…