ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਪੱਕਾ ਮੋਰਚਾ ਕਮੇਟੀ ਵੱਲੋਂ ਸਰਕਾਰ ਖ਼ਿਲਾਫ਼ ਜੰਗ ਦਾ ਐਲਾਨ

ਪੰਜਾਬ ਸਰਕਾਰ ਨੂੰ 5 ਦਿਨ ਦਾ ਅਲਟੀਮੇਟਮ, ਜਲੰਧਰ ਜ਼ਿਮਨੀ ਚੋਣ ’ਚ ਭੰਡੀ ਪ੍ਰਚਾਰ ਕਰਨ ਦਾ ਫ਼ੈਸਲਾ

ਆਪ ਵਜ਼ਾਰਤ ਦੇ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸੋਮਵਾਰ ਨੂੰ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਨਿਹੰਗ ਸਿੰਘਾਂ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਪ੍ਰੋ. ਹਰਨੇਕ ਸਿੰਘ, ਬਲਬੀਰ ਸਿੰਘ ਅਲਾਮਪੁਰ, ਸ਼ਵਿੰਦਰ ਸਿੰਘ ਲੱਖੋਵਾਲ, ਕਿਰਪਾਲ ਸਿੰਘ ਮੁੰਡੀ ਖਰੜ ਅਤੇ ਲਖਵੀਰ ਸਿੰਘ ਬੌਬੀ ਨੇ ਦੱਸਿਆ ਕਿ ਇਸ ਮੌਕੇ ਦਲਿਤ ਜਥੇਬੰਦੀਆਂ ਨੇ 5 ਮਤੇ ਪਾਸ ਕਰਕੇ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਜੰਗ ਦਾ ਐਲਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਵਿਜੀਲੈਂਸ ਕਮੇਟੀ ਦੀ ਹਰ 15 ਦਿਨਾਂ ਬਾਅਦ ਮੀਟਿੰਗ ਹੋਵੇ। ਸਰਕਾਰ ਨੂੰ 5 ਮਈ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਸਮੂਹ ਦਲਿਤ ਜਥੇਬੰਦੀਆਂ ਵੱਲੋਂ ਜਲੰਧਰ ਜ਼ਿਮਨੀ ਚੋਣ ਦੌਰਾਨ ਭੰਡੀ ਪ੍ਰਚਾਰ ਕੀਤਾ ਜਾਵੇ। ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਉੱਚ ਅਹੁਦਿਆਂ ’ਤੇ ਬਿਰਾਜਮਾਨ ਵਿਅਕਤੀਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਨਾ ਕਰਨ ਦੀ ਸੂਰਤ ਵਿੱਚ ਮਾਨ ਵਜ਼ਾਰਤ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਵਿਜੀਲੈਂਸ ਮਨਿਟਰਿੰਗ ਕਮੇਟੀ, ਸਕਰੂਟਨੀ ਕਮੇਟੀ ਦੇ ਅਧਿਕਾਰੀਆਂ ਦੀ ਜਾਇਦਾਦ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਸਮੇਤ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਦੋਸ਼ੀ ਅਫ਼ਸਰਾਂ ਅਤੇ ਗਲਤ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਘੱਟੋ-ਘੱਟ 5 ਸਾਲ ਦੀ ਸਜਾ ਅਤੇ ਸਰਕਾਰੀ ਲਾਭ ਵਿਆਜ ਸਮੇਤ ਵਸੂਲਣ ਕਰਨ ਦਾ ਕਾਨੂੰਨ ਬਣਾਇਆ ਜਾਵੇ।
ਮੌਸਮ ਦੀ ਖ਼ਰਾਬੀ ਦੇ ਬਾਵਜੂਦ ਫਰੀਦਕੋਟ, ਕੋਟਕਪੂਰਾ, ਫਾਜ਼ਿਲਕਾ, ਅਬੋਹਰ, ਮੇਰਠ (ਯੂਪੀ), ਪੰਜਾਬ ਦੇ ਨਰੇਗਾ ਵਰਕਰਾਂ ਸਮੇਤ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ, ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਮੁੱਲਾਂਪੁਰ ਦਾਖਾ, ਐਸਸੀ\ਬੀਸੀ ਐਂਪਲਾਈਜ਼ ਫੈਡਰੇਸ਼ਨ ਨੰਗਲ, ਅੰਬੇਦਕਰ ਮਹਾਂਸਭਾ ਬਨੂੜ, ਰਾਜਪੂਤ ਬਰਾਦਰੀ, ਡਾ. ਅੰਬੇਦਕਰ ਮਜ਼ਦੂਰ ਯੂਨੀਅਨ ਖਰੜ, ਦਿੱਲੀ ਯੂਨੀਵਰਸਿਟੀ ਤੋਂ ਡਾ. ਰਿਤੂ, ਡਾ. ਅੰਬੇਦਕਰ ਭਲਾਈ ਮੰਚ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਅਤੇ ਹੋਰਨਾਂ ਇਨਸਾਫ਼ ਪਸੰਦ ਲੋਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਾਂਝੀ ਲੜਾਈ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਡਾ. ਪਿਆਰੇ ਲਾਲ ਗਰਗ, ਨਿਹੰਗ ਸਿੰਘ ਜਥੇਦਾਰ ਬਾਬਾ ਗੱਜ ਸਿੰਘ, ਕੁਲਦੀਪ ਸਿੰਘ, ਜੇਈ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਕੁੰਭੜਾ, ਜਸਵੀਰ ਸਿੰਘ ਪਮਾਲੀ, ਪ੍ਰਿੰਸੀਪਲ ਸਰਬਜੀਤ ਸਿੰਘ, ਬਲਵਿੰਦਰ ਕੁਮਾਰ, ਹਰਨੇਕ ਸਿੰਘ ਮਲੋਆ ਅਤੇ ਸਿਮਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਨਰੇਗਾ ਵਰਕਰਜ਼ ਫਰੰਟ ਵੱਲੋਂ ਲਖਵੀਰ ਸਿੰਘ ਬੌਬੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …