ਝੂਠੇ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਵੱਲੋਂ ਆਪ ਸਰਕਾਰ ਦਾ ਪਿੱਟ ਸਿਆਪਾ

ਮੁਹਾਲੀ ਵਿੱਚ ਵਾਈਪੀਐਸ ਚੌਂਕ ਨੇੜੇ ਕੀਤੀ ਸੜਕ ਜਾਮ, ਆਪ ਸਰਕਾਰ ਨੂੰ ਰੱਜ ਕੇ ਕੋਸਿਆ

ਮੁੱਖ ਮੰਤਰੀ ਦੇ ਓਐਸਡੀ ਨੇ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਕੀਤਾ ਸ਼ਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਸਮੇਂ ਦੀਆਂ ਸਰਕਾਰਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਸਬਰ ਟੁੱਟਿਆਂ ਅਤੇ ਉਹ ਫਿਰ ਤੋਂ ਸੜਕਾਂ ’ਤੇ ਉਤਰ ਆਏ ਹਨ। ਕੱਚੇ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਸਵੇਰੇ ਹੀ ਪੰਜਾਬ ਭਰ ’ਚੋਂ ਕੱਚੇ ਅਧਿਆਪਕ ਮੁਹਾਲੀ ਵਿੱਚ ਸਿੱਖਿਆ ਬੋਰਡ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਇਸ ਦੌਰਾਨ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਗਿਆ ਲੇਕਿਨ ਵਾਈਪੀਐਸ ਚੌਕ ਨੇੜੇ ਪੁਲੀਸ ਨੇ ਬੈਰੀਕੇਟਿੰਗ ਕਰਕੇ ਉਨ੍ਹਾਂ ਦਾ ਰਾਹ ਡੱਕ ਲਿਆ। ਜਿਸ ਕਾਰਨ ਕੱਚੇ ਅਧਿਆਪਕ ਅਤੇ ਬੀਬੀਆਂ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਹਰਪ੍ਰੀਤ ਕੌਰ ਜਲੰਧਰ, ਕਰਮਿੰਦਰ ਸਿੰਘ ਪਟਿਆਲਾ, ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਨੇ ਕਿਹਾ ਕਿ ਉਹ ਪਿਛਲੇ ਡੇਢ ਦੋ ਦਹਾਕੇ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਸੰਘਰਸ਼ ਵਿੱਢਿਆ ਗਿਆ ਸੀ ਅਤੇ ਚੋਣਾਂ ਤੋਂ ਐਨ ਪਹਿਲਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖ਼ੁਦ ਉਨ੍ਹਾਂ ਨਾਲ ਧਰਨੇ ’ਤੇ ਬੈਠੇ ਅਤੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ’ਤੇ ਸਾਰੇ ਕੱਚੇ ਅਧਿਆਪਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਪਿਛਲੀ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਲਾਰੇਬਾਜ਼ ਨਿਕਲੀ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਪੈਨਲ ਮੀਟਿੰਗ ਦਾ ਸਮਾਂ ਨਹੀਂ ਦੇ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਅੱਜ ਦੁਬਾਰਾ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।
ਅਧਿਆਪਕ ਆਗੂ ਕੁਲਵਿੰਦਰ ਸਿੰਘ ਨਰੜੂ, ਮੇਜਰ ਸਿੰਘ ਮਾਨਸਾ, ਰਾਜਬੀਰ ਅੰਮ੍ਰਿਤਸਰ, ਦੀਪਕ ਸੇਠੀ, ਸਤਨਾਮ ਸਿੰਘ ਰੂਪਨਗਰ, ਦਰਸ਼ਨ ਸਿੰਘ ਫਤਹਿਗੜ੍ਹ ਸਾਹਿਬ, ਨਿਸ਼ਾਂਤ ਕਪੂਰਥਲਾ, ਕੁਲਬੀਰ ਸਿੰਘ ਮਲੇਰਕੋਟਲਾ, ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ, ਬਾਜ ਸਿੰਘ ਗੁਰਦਾਸਪੁਰ ਅਤੇ ਹੋਰਨਾਂ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕੱਚੇ ਅਧਿਆਪਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਅਤੇ ਕੱਚੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਉਧਰ, ਮੁੱਖ ਮੰਤਰੀ ਦੇ ਓਐਸਡੀ ਨਵਤੇਜ ਸਿੰਘ ਬਰਾੜ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕੱਚੇ ਅਧਿਆਪਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ 9 ਜੂਨ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਉਂਜ ਇਸ ਤੋਂ ਪਹਿਲਾਂ ਡਿਊਟੀ ਮੈਜਿਸਟਰੇਟ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਅਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ। ਜਿਸ ਤੋਂ ਬਾਅਦ ਕੱਚੇ ਅਧਿਆਪਕਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਨਾਲ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਿੱਖਿਆ ਮੰਤਰੀ ਨੇ ਮਸਲੇ ਦਾ ਸਥਾਈ ਹੱਲ ਨਾ ਕੀਤਾ ਤਾਂ ਵੱਡੇ ਪੱਧਰ ’ਤੇ ਲੜੀਵਾਰ ਸੰਘਰਸ਼ ਸ਼ੁਰੂ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…