Nabaz-e-punjab.com

ਝੂਠਾ ਪੁਲੀਸ ਮੁਕਾਬਲਾ: ਸੀਬੀਆਈ ਨੇ ਮੁਹਾਲੀ ਅਦਾਲਤ ਵਿੱਚ ਰੱਖਿਆ ਲਿਖਤੀ ਰੂਪ ਵਿੱਚ ਪੱਖ

ਸੀਬੀਆਈ ਨੇ ਕਿਹਾ ਹੁਣ ਤੱਕ ਦੀ ਮੁੱਢਲੀ ਜਾਂਚ ਵਿੱਚ ਕਿਤੇ ਵੀ ਖੂਬ ਰਾਮ ਦੀ ਭੂਮਿਕਾ ਸਾਹਮਣੇ ਨਹੀਂ ਆਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਤਰਨ ਤਾਰਨ ਵਿੱਚ 26 ਸਾਲ ਪਹਿਲਾਂ ਪੰਜਾਬ ਪੁਲੀਸ ਵੱਲੋਂ ਇਕ ਪਰਿਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਕਥਿਤ ਤੌਰ ’ਤੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਮੁਕਾਉਣ ਦੇ ਬਹੁ-ਚਰਚਿਤ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀਬੀਆਈ ਨੇ ਆਪਣੇ ਸਰਕਾਰੀ ਵਕੀਲ ਰਾਹੀਂ ਅਦਾਲਤ ਵਿੱਚ ਲਿਖਤੀ ਰੂਪ ਵਿੱਚ ਆਪਣਾ ਪੱਖ ਰੱਖਿਆ ਗਿਆ।
ਪਿਛਲੇ ਦਿਨੀਂ ਕੇਸ ਦੀ ਸੁਣਵਾਈ ਦੌਰਾਨ ਇਕ ਅਹਿਮ ਗਵਾਹ ਕੰਵਰ ਸਿੰਘ ਧਾਮੀ ਨੇ ਸੀਬੀਆਈ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਅਤੇ ਧਾਰਾ 319 ਅਧੀਨ ਆਪਣੇ ਵਕੀਲ ਪੁਸ਼ਪਿੰਦਰ ਸਿੰਘ ਰਾਹੀਂ ਅਰਜ਼ੀ ਦਾਇਰ ਕਰਕੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਮੁਲਜ਼ਮ ਬਣਾਉਣ ਦੀ ਗੁਹਾਰ ਲਗਾਈ ਸੀ। ਧਾਮੀ ਨੇ ਦਾਅਵਾ ਕੀਤਾ ਸੀ ਕਿ ਜਦੋਂ 1993 ਵਿੱਚ ਬਾਬਾ ਚਰਨ ਸਿੰਘ ਅਤੇ ਉਸ ਦੇ ਪਰਿਵਾਰ ਦੇ ਜੀਆਂ ਨੂੰ ਕਤਲ ਕੀਤਾ ਗਿਆ। ਉਸ ਸਮੇਂ ਉਕਤ ਪੁਲੀਸ ਅਧਿਕਾਰੀ ਤਰਨ ਤਾਰਨ ਵਿੱਚ ਐਸਪੀ (ਅਪਰੇਸ਼ਨ) ਦੇ ਅਹੁਦੇ ’ਤੇ ਤਾਇਨਾਤ ਸਨ। ਗਵਾਹ ਦਾ ਕਹਿਣਾ ਹੈ ਕਿ ਉਹ ਝੂਠੇ ਪੁਲੀਸ ਮੁਕਾਬਲੇ ਦਾ ਚਸਮਦੀਦ ਗਵਾਹ ਹੈ।
ਇਸ ਸਬੰਧੀ ਅਦਾਲਤ ਨੇ ਸੀਬੀਆਈ ਨੂੰ ਅੱਜ ਆਪਣਾ ਪੱਖ ਰੱਖਣ ਲਈ ਆਖਿਆ ਸੀ। ਸੀਬੀਆਈ ਨੇ ਲਿਖਤੀ ਰੂਪ ਵਿੱਚ ਅਦਾਲਤ ਨੂੰ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਵਿੱਚ ਕਿਤੇ ਵੀ ਖੂਬੀ ਰਾਮ ਦੀ ਸ਼ੱਕੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਸੀਬੀਆਈ ਵੱਲੋਂ ਆਪਣੀ ਚਾਰਜਸ਼ੀਟ ਵਿੱਚ ਖੂਬੀ ਰਾਮ ਨੂੰ ਨਾਮਜ਼ਦ ਕੀਤਾ ਗਿਆ ਹੈ। ਉਂਜ ਵੀ ਕਿਸੇ ਵੀ ਵਿਅਕਤੀ ਵੱਲੋਂ ਉਕਤ ਅਧਿਕਾਰੀ ਦੇ ਖ਼ਿਲਾਫ਼ ਇਤਰਾਜ਼ ਨਹੀਂ ਕੀਤੇ ਗਏ ਸੀ। ਸੀਬੀਆਈ ਨੇ ਦਾਅਵਾ ਕੀਤਾ ਕਿ ਮੁਲਜ਼ਮ ਪੁਲੀਸ ਅਧਿਕਾਰੀਆਂ ਦੇ ਖ਼ਿਲਾਫ਼ ਚਾਰਜਸ਼ੀਟ ਅਤੇ ਸਮੁੱਚੇ ਮਾਮਲੇ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਸੀਬੀਆਈ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਅਪਰੈਲ 1993 ਵਿੱਚ ਸੀਆਈਏ ਸਟਾਫ਼ ਤਰਨ ਤਾਰਨ ਦੇ ਮੁਖੀ ਇੰਚਾਰਜ ਸੂਬਾ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਾਬਾ ਚਰਨ ਸਿੰਘ ਨੂੰ ਉਦੋਂ ਅਗਵਾ ਕੀਤਾ ਗਿਆ ਜਦੋਂ ਉਸ ਸਮੇਂ ਦੇ ਐਸਐਸਪੀ ਅਜੀਤ ਸਿੰਘ ਸੰਧੂ ਕੋਲ ਆਤਮ ਸਮਰਪਣ ਕਰਨ ਜਾ ਰਹੇ ਸੀ। ਬਾਅਦ ਵਿੱਚ ਐਸਐਸਪੀ ਅਜੀਤ ਸਿੰਘ ਸੰਧੂ, ਡੀਐਸਪੀ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਨੇ ਮਹੰਤ ਸੇਵਾਦਾਸ ਸਿੰਘ, ਜਗਬੀਰ ਸਿੰਘ ਦੀ ਮੌਜੂਦਗੀ ਵਿੱਚ ਬਾਬਾ ਚਰਨ ਸਿੰਘ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਵਿੱਚ ਪਤਾ ਲੱਗਾ ਕਿ ਬਾਬਾ ਚਰਨ ਸਿੰਘ ਨੂੰ ਡੀਐਸਪੀ ਕਸ਼ਮੀਰ ਸਿੰਘ ਗਿੱਲ ਜੁਲਾਈ 1993 ਵਿੱਚ ਬੜੌਦਾ ਲੈ ਗਿਆ ਅਤੇ ਬਾਬੇ ਦੇ ਖ਼ਾਤੇ ’ਚੋਂ 4.17 ਲੱਖ ਰੁਪਏ ਕਢਵਾਏ ਗਏ।
ਹਾਈ ਕੋਰਟ ਦੇ ਹੁਕਮਾਂ ’ਤੇ 30 ਮਈ 1997 ਨੂੰ ਤਰਨ ਤਾਰਨ ਦੇ ਸਾਬਕਾ ਐਸਐਸਪੀ ਮਰਹੂਮ ਅਜੀਤ ਸਿੰਘ ਸੰਧੂ, ਤਤਕਾਲੀ ਐਸਪੀ (ਅਪਰੇਸ਼ਨ) ਖੂਬੀ ਰਾਮ, ਡੀਐਸਪੀ ਗੁਰਮੀਤ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਸਮੇਤ ਲਗਭਗ 10 ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਸ੍ਰੀਮਤੀ ਸੁਰਜੀਤ ਕੌਰ ਪਤਨੀ ਬਾਬਾ ਚਰਨ ਸਿੰਘ ਵਾਸੀ ਪਿੰਡ ਪੰਡੋਰੀ (ਤਰਨ ਤਾਰਨ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…