nabaz-e-punjab.com

ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਵਿੱਚ ਫਰੀਦਕੋਟ ਤੇ ਰੂਪਨਗਰ ਦੇ ਜ਼ਿਲ੍ਹਾ ਮੰਡੀ ਅਫ਼ਸਰ ਮੁਅੱਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਝੋਨੇ ਦੇ ਇਸ ਸੀਜ਼ਨ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਫਰੀਦਕੋਟ ਕੁਲਬੀਰ ਸਿੰਘ ਮੱਤਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਰੂਪਨਗਰ ਰੁਪਿੰਦਰ ਸਿੰਘ ਮਾਨ ਨੂੰ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਅਮਿਤ ਢਾਕਾ ਨੇ ਕਿਹਾ ਕਿ ਮੰਡੀ ਬੋਰਡ ਦੇ ਮਾਰਕੀਟਿੰਗ ਨਾਲ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਪੰਜਾਬ ਰਾਜ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਸੂਬਾ ਸਰਕਾਰ ਵੱਲੋਂ ਨਿਸ਼ਚਿਤ ਕੀਤੀ ਗਈ ਘੱਟੋ-ਘੱਟ ਸਮਰਥਨ ਕੀਮਤ ਤੋਂ ਘੱਟ ਝੋਨਾ ਨਹੀਂ ਵਿਕਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆੜਤੀਆਂ ਵੱਲੋਂ ਝੋਨੇ ਵਿੱਚ ਜ਼ਿਆਦਾ ਨਮੀ ਦੇ ਕਾਰਨ ਲਗਾਏ ਜਾ ਰਹੇ ਕੱਟ ਦਾ ਵੀ ਸਖ਼ਤ ਨੋਟਿਸ ਲਿਆ ਗਿਆ ਹੈ।
ਸਕੱਤਰ ਨੇ ਦੱਸਿਆ ਕਿ ਫਰੀਦਕੋਰਟ ਦੇ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਅਤੇ ਰੂਪਨਗਰ ਦੇ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਸਿੰਘ ਮਾਨ ਨੂੰ ਡਿਊਟੀ ਵਿੱਚ ਅਣਗਹਿਲੀ ਕਾਰਨ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸਮੂਹ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਝੋਨੇ ਦੇ ਸੀਜਨ ਦੌਰਾਨ ਕੀਤੀ ਗਈ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਚੀਫ਼ ਜਨਰਲ ਮੈਨੇਜਰ, ਜਨਰਲ ਮੈਨੇਜਰਾਂ, ਡਿਪਟੀ ਜਨਰਲ ਮੈਨੇਜਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਅਨਾਜ ਮੰਡੀਆਂ ਵਿੱਚ ਨਿੱਜੀ ਤੌਰ ’ਤੇ ਦੌਰੇ ਕਰਕੇ ਸਰਕਾਰੀ ਖਰੀਦ ਪ੍ਰਬੰਧਾਂ ਦੀ ਨਜਰਸਾਨੀ ਕੀਤੀ ਜਾਵੇ ਅਤੇ ਡਿਊਟੀ ਵਿੱਚ ਕੋਤਾਹੀ ਦੇ ਦੋਸ਼ ਵਿੱਚ ਕਸੂਰਵਾਰਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਸ੍ਰੀ ਅਮਿਤ ਢਾਕਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਅਨਾਜ ਮੰਡੀਆਂ ਦੀ ਚੈਕਿੰਗ ਦੌਰਾਨ ਹੁਣ ਤੱਕ ਵੱਖ-ਵੱਖ ਫਰਮਾ ਨੂੰ ਮਾਰਕੀਟ ਫੀਸ ਅਤੇ 18 ਲੱਖ ਤੋਂ ਵੱਧ ਰਕਮ ਦੀ ਪਨੈਲਟੀ ਲਗਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਚਨਚੇਤ ਚੈਕਿੰਗ ਕਰਨ ਸਬੰਧੀ ਇਹ ਦੌਰੇ ਸਰਕਾਰੀ ਛੁੱਟੀਆਂ ਦੌਰਾਨ ਵੀ ਕੀਤੇ ਜਾਣਗੇ। ਸਕੱਤਰ ਨੇ ਰਾਜ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਲ ਆਉਣ ’ਤੇ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0172-5101649 ਅਤੇ 5101704 ’ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਉਸ ਦਾ ਨਿਪਟਾਰਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …