Nabaz-e-punjab.com

ਫਰੀਦਕੋਟ ਕਾਂਡ: ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ: ਬੱਬੀ ਬਾਦਲ

ਪੰਜਾਬ ਵਿੱਚ ਮੁੜ ਸ਼ੁਰੂ ਹੋਇਆ ਪੁਲੀਸ ਵਧੀਕੀਆਂ ਅਤੇ ਅੌਰਤਾਂ ’ਤੇ ਅੱਤਿਆਚਾਰ ਦਾ ਦੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੋਂ ਦੇ ਨਜ਼ਦੀਕੀ ਪਿੰਡ ਲਾਂਡਰਾਂ ਵਿੱਚ ਇਕ ਸਮਾਰੋਹ ਵਿੱਚ ਹਿੱਸਾ ਲੈਣ ਪਹੁੰਚੇ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਝ ਜਾਪਦਾ ਹੈ ਕਿ ਜਿਵੇਂ ਮੁੱਖ ਮੰਤਰੀ ਸੁੱਤੇ ਪਏ ਹੋਣ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਦੋਂ ਉਦੋਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਲੀਂ ਫਰੀਦਕੋਟ ਵਿੱਚ ਪੰਜਾਬ ਪੁਲੀਸ ਵੱਲੋਂ ਨੌਜਵਾਨ ਨੂੰ ਚੁੱਕ ਕੇ ਬਾਅਦ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਪੀੜਤ ਪਰਿਵਾਰ ਆਪਣੇ ਲਾਡਲੇ ਪੁੱਤ ਦੀ ਲਾਸ਼ ਲੈਣ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹਾ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਅਤੇ ਪੰਜਾਬ ਪੁਲੀਸ ਵਿਚਕਾਰ ਟਕਰਾਅ ਦੌਰਾਨ ਸਿੱਖ ਨੌਜਵਾਨਾਂ ਦੀਆਂ ਪੱਗਾਂ ਨੂੰ ਪੈਰਾਂ ਵਿੱਚ ਰੋਲਣਾ ਹੁਕਮਰਾਨਾਂ ਅਤੇ ਪੁਲੀਸ ਦੀਆਂ ਵਧੀਕੀਆਂ ਨੂੰ ਦਰਸਾਉਂਦਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇੰਝ ਹੀ ਧੂਰੀ ਵਿੱਚ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਹੋਏ ਬਲਾਤਕਾਰ ਦੀ ਘਟਨਾ ਨੇ ਲੋਕਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ ਅਤੇ ਪਿਛਲੇ ਇਕ ਮਹੀਨੇ ਵਿੱਚ ਇਕੱਲੇ ਮੁਹਾਲੀ ਇਲਾਕੇ ਵਿੱਚ ਦਰਜਨ ਤੋਂ ਵੱਧ ਜਬਰ ਜਨਾਹ ਦੇ ਕੇਸ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਅਤੇ ਪੁਲੀਸ ਦੇ ਆਲਾ ਅਧਿਕਾਰੀ ਦਿਨ ਅਤੇ ਰਾਤ ਵੇਲੇ ਪੁਲੀਸ ਪੈਟਰੋਲਿੰਗ ਅਤੇ ਪੁਲੀਸ ਗਸ਼ਤ ਤੇਜ਼ ਕਰਨ ਦੇ ਵਾਅਦੇ ਕਰ ਰਹੇ ਹਨ, ਦੂਜੇ ਪਾਸੇ ਮਾਸੂਮ ਬੱਚੀਆਂ ਅਤੇ ਨੌਜਵਾਨ ਮੁਟਿਆਰਾਂ ਨਾਲ ਜਬਰ ਜਨਾਹ ਅਤੇ ਛੇੜਛਾੜ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਅਜੋਕੇ ਸਮੇਂ ਵਿੱਚ ਅੌਰਤਾਂ ਅਤੇ ਲੜਕੀਆਂ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।
ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਖਦੇਵ ਸਿੰਘ ਲਾਂਡਰਾਂ, ਮਲਕੀਤ ਸਿੰਘ ਮਨੌਲੀ, ਜਗਦੇਵ ਸਿੰਘ, ਹਕੀਕਤ ਸਿੰਘ ਲਾਂਡਰਾਂ, ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ, ਗੁਰਸੇਵਕ ਸਿੰਘ, ਜਸਵੰਤ ਸਿੰਘ ਠਸਕਾ, ਨੰਬਰਦਾਰ ਰਣਧੀਰ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ, ਕਮਲਜੀਤ ਸਿੰਘ, ਮੰਗਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ…