ਖੇਤੀ ਕਾਨੂੰਨ: ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਵੇ ਸਰਕਾਰ

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਡੀਸੀ ਨੂੰ ਸੌਂਪੇ ਸ਼ਹੀਦ ਕਿਸਾਨਾਂ ਦੇ ਵੇਰਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੂੰ ਮੰਗ ਪੱਤਰ ਰਾਹੀਂ ਕਿਸਾਨੀ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਵੇਰਵੇ ਦਿੱਤੇ ਗਏ।
ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਕੁਲਵੰਤ ਸਿੰਘ ਤ੍ਰਿਪੜੀ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਜਸਪਾਲ ਸਿੰਘ ਲਾਂਡਰਾਂ ਨੇ ਮੰਗ ਕੀਤੀ ਕਿ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਫੌਰੀ ਤੌਰ ’ਤੇ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਕਿਸਾਨ ਦਾ ਪਰਿਵਾਰ ਮੁੜ ਆਪਣੇ ਪੈਰਾਂ ’ਤੇ ਖੜਾ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਛੇ ਕਿਸਾਨ ਜਸਵੰਤ ਸਿੰਘ ਪਿੰਡ ਨੰਡਿਆਲੀ, ਸੁਰਜੀਤ ਸਿੰਘ ਪਿੰਡ ਸਹੌੜਾ, ਜਸਬੀਰ ਸਿੰਘ ਪਿੰਡ ਘੜੂੰਆਂ, ਦਲਬਾਰਾ ਸਿੰਘ ਪਿੰਡ ਘੜੂੰਆਂ, ਕੁਲਭੂਸ਼ਣ ਸਿੰਘ ਪਿੰਡ ਹਸਨਪੁਰ ਅਤੇ ਜਤਿੰਦਰ ਸਿੰਘ ਪਿੰਡ ਰਾਏਪੁਰ ਸ਼ਹੀਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਬਾਰੇ ਐਸਡੀਐਮ ਵੱਲੋਂ ਡੀਸੀ ਰਾਹੀਂ ਪਹਿਲਾਂ ਹੀ ਸਰਕਾਰ ਨੂੰ ਲਿਖਤੀ ਰਿਪੋਰਟ ਭੇਜੀ ਜਾ ਚੁੱਕੀ ਹੈ, ਪ੍ਰੰਤੂ ਹੁਣ ਤੱਕ ਕਿਸਾਨਾਂ ਦੇ ਵਾਰਸ ਨੂੰ ਨੌਕਰੀ ਨਹੀਂ ਦਿੱਤੀ ਗਈ।
ਕਿਸਾਨ ਆਗੂਆਂ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬੀਤੇ ਦਿਨੀਂ ਹੋਈ ਬਾਰਸ਼ ਦੇ ਚੱਲਦਿਆਂ ਮੰਡੀਆਂ ਵਿੱਚ ਮਾੜੇ ਪ੍ਰਬੰਧ ਕਾਰਨ ਝੋਨਾ ਪਾਣੀ ਵਿੱਚ ਰੁੜ ਗਿਆ ਹੈ ਕਿਉਂਕਿ ਮੰਡੀਆਂ ਵਿੱਚ ਤਰਪਾਲਾਂ ਵੀ ਨਹੀਂ ਸਨ। ਜਦੋਂ ਮੰਡੀ ਵਿੱਚ ਪਹੁੰਚ ਚੁੱਕੀ ਫਸਲ ਨੂੰ ਸਾਂਭਣਾ ਸਰਕਾਰ ਦੀ ਜ਼ਿੰਮੇਵਾਰ ਸੀ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਪੀੜਤਾਂ ਕਿਸਾਨਾਂ ਨੂੰ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਝੋਨੇ ਦੀ ਫਸਲ ਖੇਤਾਂ ਵਿੱਚ ਵਿਛ ਗਈ ਹੈ। ਜਿਸ ਨੂੰ ਨਾ ਤਾਂ ਮਸ਼ੀਨ ਨਾਲ ਕੱਟਿਆ ਜਾ ਸਕਦਾ ਹੈ ਅਤੇ ਨਾ ਹੀ ਕੋਈ ਮਜਦੂਰ ਫਸਲ ਕੱਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਅੰਨਦਾਤਾ ਬਿਲਕੁਲ ਤਬਾਹ ਹੋ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਜਸਵੀਰ ਸਿੰਘ ਘੋਗਾ, ਅੰਗਰੇਜ਼ ਸਿੰਘ, ਗੁਰਮੀਤ ਸਿੰਘ ਖੂੰਨੀਮਾਜਰਾ, ਸਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਬਾਸੀਆਂ ਵੀ ਮੌਜੂਦ ਸਨ। ਇਨ੍ਹਾਂ ਕਿਸਾਨਾਂ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਹਾੜੀ ਦੀ ਫਸਲ ਕਣਕ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਖਾਦ ਨਹੀਂ ਮਿਲ ਰਹੀ ਹੈ।

Load More Related Articles

Check Also

ਚੱਪੜਚਿੜੀ ਸੜਕ ਦੀ ਮੁਰੰਮਤ ਨੂੰ ਲੈ ਕੇ ਸਿਆਸਤ ਭਖੀ, ਵਿਰੋਧੀਆਂ ’ਤੇ ਵਰ੍ਹੇ ‘ਆਪ’ ਆਗੂ ਸਮਾਣਾ

ਚੱਪੜਚਿੜੀ ਸੜਕ ਦੀ ਮੁਰੰਮਤ ਨੂੰ ਲੈ ਕੇ ਸਿਆਸਤ ਭਖੀ, ਵਿਰੋਧੀਆਂ ’ਤੇ ਵਰ੍ਹੇ ‘ਆਪ’ ਆਗੂ ਸਮਾਣਾ 3 ਕਰੋੜ 70 ਲੱ…