
ਕਿਸਾਨੀ ਸੰਘਰਸ਼: ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦਾ ਮਾਮਲਾ ਭਖਿਆ
ਇਲਾਕੇ ਦੇ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ’ਤੇ ਧਰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਐਂਟਰੀ ਗੇਟ ’ਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪੀੜਤ ਪਰਿਵਾਰ ਅਤੇ ਕਿਸਾਨਾਂ ਦੀ ਐਸਡੀਐਮ ਨਾਲ ਗੱਲਬਾਤ ਦੌਰਾਨ ਬਹਿਸ ਹੋਈ ਲੇਕਿਨ ਬਾਅਦ ਵਿੱਚ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਨੇ ਗੱਲ ਕਰਕੇ ਮਾਮਲਾ ਸ਼ਾਂਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਬੀਤੀ 21 ਮਾਰਚ ਨੂੰ ਜਸਵੰਤ ਸਿੰਘ ਨੰਡਿਆਲੀ ਦੀ ਮੌਤ ਹੋ ਗਈ ਸੀ। ਬੀਤੇ ਕੱਲ੍ਹ ਪੀੜਤ ਪਰਿਵਾਰ ਦੇ ਜੀਅ ਸ਼ਹੀਦ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜ਼ੇ ਬਾਰੇ ਪਤਾ ਕਰਨ ਲਈ ਏਡੀਸੀ ਕੋਲ ਆਏ ਸੀ ਪ੍ਰੰਤੂ ਏਡੀਸੀ ਉਨ੍ਹਾਂ ਨੂੰ ਐਸਡੀਐਮ ਕੋਲ ਭੇਜ ਦਿੱਤਾ। ਜਿੱਥੇ ਉਨ੍ਹਾਂ ਦੀ ਅਧਿਕਾਰੀ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਪੀੜਤ ਪਰਿਵਾਰ ਅਜ਼ੀਜ਼ਪੁਰ ਟੋਲ ਪਲਾਜ਼ਾ ’ਤੇ ਧਰਨੇ ਉੱਤੇ ਬੈਠੇ ਕਿਸਾਨਾਂ ਕੋਲ ਪਹੁੰਚ ਗਿਆ ਅਤੇ ਆਪਬੀਤੀ ਦੱਸੀ। ਜਿਸ ਕਾਰਨ ਅੱਜ ਇਕੱਠੇ ਹੋ ਕੇ ਕਿਸਾਨਾਂ ਨੇ ਮੁਹਾਲੀ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਦਿੱਤਾ।
ਕਿਸਾਨ ਆਗੂਆਂ ਦੀ ਜਾਣਕਾਰੀ ਅਨੁਸਾਰ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਇਹ ਦੱਸਿਆ ਕਿ ਸ਼ਹੀਦ ਕਿਸਾਨ ਜਸਵੰਤ ਸਿੰਘ ਦੀ ਮੌਤ ਬਾਰੇ ਬਨੂੜ ਦੇ ਨਾਇਬ ਤਹਿਸੀਲਦਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੋਲ ਮੋਲ ਰਿਪੋਰਟ ਭੇਜੀ ਗਈ ਹੈ। ਜਿਸ ਕਾਰਨ ਜਸਵੰਤ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਸਮੇਤ ਸਿੱਧੂਪੁਰ ਯੂਨੀਅਨ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਮਾਨ ਸਿੰਘ ਰਾਜਪੁਰਾ, ਜਵਾਹਰ ਲਾਲ ਮਾਣਕਪੁਰ ਖੇੜਾ ਨੇ ਅਧਿਕਾਰੀ ਕੋਲ ਆਪਣੇ ਬਿਆਨ ਦਰਜ ਕਰਵਾਏ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮ੍ਰਿਤਕ ਜਸਵੰਤ ਸਿੰਘ ਲਗਾਤਾਰ ਦਿੱਲੀ ਅਤੇ ਅਜ਼ੀਜ਼ਪੁਰ ਟੋਲ ਪਲਾਜ਼ਾ ਕਿਸਾਨਾਂ ਦੇ ਧਰਨਿਆਂ ’ਤੇ ਜਾਂਦਾ ਰਿਹਾ ਹੈ ਅਤੇ ਉਸ ਦੀ ਮੌਤ ਕਿਸਾਨੀ ਸੰਘਰਸ਼ ਦੌਰਾਨ ਹੀ ਹੋਈ ਹੈ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਹਰਦੀਪ ਸਿੰਘ ਪ੍ਰਧਾਨ ਸਰਕਲ ਜ਼ੀਰਕਪੁਰ, ਜਸਵਿੰਦਰ ਸਿੰਘ ਵਿਰਕ, ਹਰਮਨਪ੍ਰੀਤ ਕੌਰ ਵਿਰਕ ਨੇ ਵੀ ਸੰਬੋਧਨ ਕੀਤਾ। ਉਧਰ, ਏਡੀਸੀ ਸ੍ਰੀਮਤੀ ਕੋਮਲ ਮਿੱਤਲ ਨੇ ਭਰੋਸਾ ਦਿੱਤਾ ਕਿ ਜਾਂਚ ਕਰਵਾ ਉਪਰੰਤ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਅਗਲੇ ਦੋ ਤਿੰਨ ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਤਰ੍ਹਾਂ ਅਧਿਕਾਰੀ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ।