
ਕਿਸਾਨ ਆਗੂ ਰਵਨੀਤ ਬਰਾੜ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਅਤੇ ਨੌਜਵਾਨ ਆਗੂ ਰਵਨੀਤ ਸਿੰਘ ਬਰਾੜ ਨੇ ਬੇਹੱਦ ਖ਼ਰਾਬ ਮੌਸਮ ਦੇ ਚੱਲਦਿਆਂ ਵੱਖ ਵੱਖ ਪਿੰਡਾਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਨੂੰ ਪੰਜਾਬ ਭਰ ਦੇ ਪਿੰਡਾਂ ’ਚ ਭਰਵਾਂ ਸਮਰਥਨ ਮਿਲ ਰਿਹਾ ਹੈ। ਸ੍ਰੀ ਬਰਾੜ ਨੇ ਅੱਜ ਪਿੰਡ ਬਾਕਰਪੁਰ ਵਿਖੇ ਘਰ-ਘਰ ਜਾਕੇ ਚੋਣ ਪ੍ਰਚਾਰ ਕੀਤਾ ਅਤੇ ਪਿੰਡ ਵਾਸੀਆਂ ਨੂੰ ਸੰਯੁਕਤ ਸਮਾਜ ਮੋਰਚੇ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਿਸ ਦਾ ਭਰਵਾਂ ਹੁੰਗਾਰਾ ਮਿਲਿਆ।
ਰਵਨੀਤ ਬਰਾੜ ਨੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਤੰਜ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪਿਛਲੇ ਕਈ ਦਹਾਕਿਆਂ ਵਿੱਚ ਪੰਜਾਬ ਨੂੰ ਰਲ ਕੇ ਲੁੱਟਿਆ ਅਤੇ ਕੁੱਟਿਆਂ ਹੈ। ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੇ ਵਿਕਾਸ ਦੀ ਥਾਂ ਪਰਿਵਾਰਵਾਦ ਨੂੰ ਬੜ੍ਹਾਵਾ ਦਿੰਦੇ ਹੋਏ ਆਪਣੇ ਛੋਟੇ ਭਰਾ ਜੀਤੀ ਸਿੱਧੂ ਨੂੰ ਮੇਅਰ ਬਣਾਇਆ ਅਤੇ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦਿੰਦਿਆਂ ਸ਼ਾਮਲਾਤ ਜ਼ਮੀਨਾਂ ’ਤੇ ਅੱਖ ਰੱਖੀ ਗਈ। ਇਹੀ ਨਹੀਂ ਸਿਹਤ ਮੰਤਰੀ ਹੁੰਦਿਆਂ ਸਿੱਧੂ ’ਤੇ ਪੀਪੀਈ ਕਿੱਟਾਂ ਅਤੇ ਦਵਾਈਆਂ ਦੀ ਖ਼ਰੀਦ ਵਿੱਚ ਕਥਿਤ ਘੁਟਾਲੇ ਦੇ ਗੰਭੀਰ ਦੋਸ਼ ਲੱਗਦੇ ਰਹੇ ਹਨ, ਇਸ ਦੇ ਬਾਵਜੂਦ ਕਾਂਗਰਸ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ।
ਕਿਸਾਨ ਆਗੂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਕੁਲਵੰਤ ਸਿੰਘ ਨੂੰ ਹਰ ਵਾਰ ਚੋਣਾਂ ਵਿੱਚ ਹੀ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਨੇ ਇਸ ਵਾਰ ਕਿਹੜੀ ਪਾਰਟੀ ਤੋਂ ਚੋਣਾਂ ਲੜਨੀਆਂ ਹਨ। ਬਰਾੜ ਨੇ ਕਿਹਾ ਕਿ ਜੋ ਵਿਅਕਤੀ ਸ਼ਹਿਰ ਦਾ ਮੇਅਰ ਹੁੰਦੇ ਹੋਏ ਐਮਸੀ ਦੀ ਚੋਣ ਹਾਰ ਗਿਆ ਹੋਵੇ, ਉਸ ਦੀ ਵਿਧਾਇਕ ਬਣਨ ਦੀ ਕਾਬਲੀਅਤ ’ਤੇ ਸ਼ੱਕ ਪੈਦਾ ਹੁੰਦਾ ਹੈ।