
ਕਿਸਾਨ ਆਗੂ ਰਵਨੀਤ ਸਿੰਘ ਬਰਾੜ ਨੇ ਘਰ-ਘਰ ਜਾ ਕੇ ਕੀਤਾ ਵੋਟਰਾਂ ਨਾਲ ਤਾਲਮੇਲ
ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਤਾਲਮੇਲ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਅੱਗੇ ਆਉਣ ਲਈ ਪ੍ਰੇਰਦਿਆਂ ਕਿਹਾ ਕਿ ਸਤਾ ਪਰਿਵਰਤਨ ਲਈ ਭਾਰੀ ਗਿਣਤੀ ਵਿੱਚ ਮਤਦਾਨ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕ, ਨੌਜਵਾਨ ਅਤੇ ਕਿਸਾਨ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਸਨ।
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬੀਤੇ ਕੱਲ੍ਹ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੇ ਮੈਂਬਰਾਂ ਦੀਆਂ ਵੱਖ-ਵੱਖ ਟੀਮਾਂ ਅਤੇ ਕਿਸਾਨ ਆਗੂ ਰਵਨੀਤ ਸਿੰਘ ਬਰਾੜ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗਗਨ ਬਰਾੜ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਵੋਟਰਾਂ ਅਤੇ ਮੋਹਤਵਰ ਵਿਅਕਤੀਆਂ ਨਾਲ ਨਿੱਜੀ ਤੌਰ ’ਤੇ ਸੰਪਰਕ ਕੀਤਾ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।
ਸ੍ਰੀ ਬਰਾੜ ਨੇ ਕਿਹਾ ਕਿ ਇਸ ਵਾਰ ਮੁਹਾਲੀ ਹਲਕੇ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਅੱਕੇ ਲੋਕ ਐਤਕੀਂ ਸੰਯੁਕਤ ਸਮਾਜ ਮੋਰਚੇ ਨੂੰ ਇਕ ਮੌਕਾ ਦੇਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਸ਼ਹਿਰੀ ਖੇਤਰਾਂ ’ਚੋਂ ਹਰ ਵਾਰ ਵੋਟ ਪ੍ਰਤੀਸ਼ਤ ਘੱਟ ਹੁੰਦਾ ਹੈ, ਪ੍ਰੰਤੂ ਇਸ ਵਾਰ ਉਨ੍ਹਾਂ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਖ਼ੁਦ ਵੀ ਮਤਦਾਨ ਕਰਨ ਅਤੇ ਆਪਣੇ ਆਂਢੀ ਗੁਆਂਢੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ।