
ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਕਿਸਾਨ ਖੱਜਲ-ਖੁਆਰ: ਰਾਜੇਵਾਲ
ਗੜੇਮਾਰੀ ਤੇ ਮੀਂਹ ਦੇ ਪਾਣੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਕਿਸਾਨਾਂ ਨੇ ਕੀਤੀ ਡੀਸੀ ਨਾਲ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਗੜੇਮਾਰੀ ਅਤੇ ਮੀਂਹ ਦੇ ਪਾਣੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ
ਪੰਜਾਬ ਦੇ ਕਿਸਾਨਾਂ ਨਾਲ ਮੌਸਮ ਦਾ ਸ਼ੁਰੂ ਤੋਂ ਹੀ ਵੈਰ ਰਿਹਾ ਹੈ। ਹਾਲ ਹੀ ਵਿੱਚ ਤੇਜ਼ ਬਰਸਾਤ ਨਾਲ ਕਿਸਾਨਾਂ ਦੀਆਂ ਫ਼ਸਲਾਂ ਅਤੇ ਹਰੇ ਚਾਰੇ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਹੀ ਨਹੀਂ ਸਾਲ 2020 ਵਿੱਚ ਗੜੇਮਾਰੀ ਅਤੇ ਮੀਂਹ ਦੇ ਪਾਣੀ ਕਾਰਨ ਬਲਾਕ ਮਾਜਰੀ ਦੇ 7 ਪਿੰਡਾਂ ਅਕਾਲਗੜ੍ਹ, ਭਗੜਾਣਾ, ਮੁੰਟੋ ਭਾਗ ਸਿੰਘ, ਮੁੰਧੋ ਸੰਗਤੀਆਂ, ਸਲੇਮਪੁਰ ਖ਼ੁਰਦ, ਸਲੇਮਪੁਰ ਕਲਾਂ, ਨੰਗਲ ਗੜ੍ਹੀਆਂ ਦੇ ਕਿਸਾਨਾਂ ਫ਼ਸਲਾਂ ਨੁਕਸਾਨੀਆਂ ਗਈਆਂ ਸਨ ਪ੍ਰੰਤੂ ਹੁਣ ਤੱਕ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ ਇੱਕ ਧੇਲਾ ਵੀ ਨਹੀਂ ਮਿਲਿਆ ਅਤੇ ਪੀੜਤ ਕਿਸਾਨ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੇ ਹਨ।
ਇਸ ਮੌਕੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਪਿੰਡ ਸਹੌੜਾ ਦੇ ਵਸਨੀਕ ਹਰਿੰਦਰ ਸਿੰਘ ਸ਼ਹੀਦ ਹੋ ਗਏ ਸੀ ਪਰ ਹੁਣ ਤੱਕ ਪੀੜਤ ਪਰਿਵਾਰ ਦੀ ਸਰਕਾਰ ਜਾਂ ਪ੍ਰਸ਼ਾਸਨ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਕੋਲ ਹੋਰ ਕੋਈ ਸਹਾਰਾ ਵੀ ਨਹੀਂ ਹੈ ਅਤੇ ਪਰਿਵਾਰ ਦੇ ਆਰਥਿਕ ਹਾਲਾਤ ਤਰਸਯੋਗ ਬਣੇ ਹੋਏ ਹਨ ਲੇਕਿਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਕੋਈ ਆਰਥਿਕ ਮਦਦ ਨਹੀਂ ਮਿਲੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਸ ਮਸਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਰਮ ਸਿੰਘ ਬੈਨੀਪਾਲ, ਗੁਰਵਿੰਦਰ ਸਿੰਘ ਸਿਆਊ, ਅਵਤਾਰ ਸਿੰਘ ਜਵਾਹਰਪੁਰ ਅਤੇ ਹੋਰ ਕਿਸਾਨ ਹਾਜ਼ਰ ਸਨ।