
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਕਿਸਾਨਾਂ ਦੇ ਹੱਕ ਰੋਸ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਇੱਥੋਂ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਚੌਕ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੀ ਸੂਬਾ ਮੀਤ ਸਕੱਤਰ ਸ੍ਰੀਮਤੀ ਵੀਨਾ ਜੰਮੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਰਮਾਏਦਾਰੀ ਤਾਕਤਾਂ, ਸੰਸਾਰ ਬੈਂਕ, ਅੰਬਾਨੀ ਤੇ ਅਡਾਨੀ ਦੀਆਂ ਨਿੱਜੀਕਰਨ ਅਤੇ ਵਪਾਰੀਕਰਨ ਦੀਆਂ ਸਾਮਰਾਜਵਾਦੀ ਨੀਤੀਆਂ ਦੇ ਦਬਾਅ ਕਾਰਨ ਪੰਜਾਬ ਅਤੇ ਦੇਸ਼ ਦੀ ਖੇਤੀਬਾੜੀ ਸੈਕਟਰ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੇ ਹੋਰ ਪਬਲਿਕ ਸੈਕਟਰਾਂ ਨੂੰ ਤਬਾਹ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਸਿਹਤ, ਸਿੱਖਿਆ ਅਤੇ ਹੋਰ ਲੋਕ ਸਹੂਲਤਾਂ ਆਦਿ ਸਾਧਨ ਪੂਰੀ ਤਰ੍ਹਾਂ ਸਰਕਾਰੀ ਕੰਟਰੋਲ ਵਿੱਚ ਕੀਤੇ ਜਾਣ।
ਇਸ ਮੌਕੇ ਅਨੂ ਓਬਰਾਏ, ਮਨਦੀਪ ਸ਼ੁਕਲਾ, ਮਿਤੇਸ਼ ਜੌਹਰ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਹਰਿੰਦਰ ਕੌਰ, ਭੁਪਿੰਦਰ ਕੌਰ, ਨੀਰੂ, ਇੰਦਰਜੀਤ ਕੌਰ, ਅਮਰਜੀਤ ਕੌਰ, ਜਸਵੀਰ ਕੌਰ, ਪੁਸ਼ਪਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।