ਖੇਤੀਬਾੜੀ ਦੇ ਨਾਲ ਨਾਲ ਵਪਾਰਕ ਗਤੀਵਿਧੀਆਂ ਵੱਲ ਵੀ ਅੱਗੇ ਵਧਣ ਕਿਸਾਨ: ਬਲਬੀਰ ਸਿੱਧੂ

ਪਿੰਡ ਚੱਪੜਚਿੜੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਸਿੱਧੂ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਪੰਜਾਬ ਦੇ ਕਿਸਾਨ ਸੂਬੇ ਦੀ ਰੂਹੇ-ਰਵਾਂ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਬੀਤੇ ਦਿਨ ਪੰਜਾਬ ਨੂੰ ਕ੍ਰਿਸ਼ੀ ਕਰਮਨ ਐਵਾਰਡ ਹਾਸਲ ਹੋਇਆ ਹੈ ਪਰ ਅਜਿਹੀਆਂ ਮਾਣ ਮੱਤੀਆਂ ਪ੍ਰਾਪਤੀਆਂ ਦੇ ਬਾਵਜੂਦ ਪੰਜਾਬ ਦੀ ਕਿਸਾਨੀ ਮੁਸ਼ਕਲਾਂ ਵਿੱਚ ਘਿਰੀ ਹੋਈ ਹੈ, ਜਿਸ ਦਾ ਮੁੱਖ ਕਾਰਨ ਰਿਵਾਇਤੀ ਫ਼ਸਲੀ ਚੱਕਰ ਅਤੇ ਕਿਸਾਨਾਂ ਵੱਲੋਂ ਸਮਾਜਿਕ ਗਤੀਵਿਧੀਆਂ ’ਤੇ ਕੀਤੇ ਜਾ ਰਹੇ ਬੇਲੋੜੇ ਖ਼ਰਚੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਲਈ ਯਤਨਸ਼ੀਲ ਹੈ ਤੇ ਕਿਸਾਨਾਂ ਸਮੇਤ ਹਰ ਵਰਗ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਪ੍ਰੋਗਰਾਮ ਅਧੀਨ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਚੱਪੜਚਿੜੀ ਵਿਖੇ ਲਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੈਦਾਵਾਰ ਤਾਂ ਬਹੁਤ ਵਧਾਈ ਹੈ ਪਰ ਮੰਡੀਕਰਨ ਪੱਖੋਂ ਸੂਬੇ ਦਾ ਕਿਸਾਨ ਪੱਛੜਿਆ ਹੈ। ਉਨ੍ਹਾਂ ਕਿਹਾ ਕਿ ਚੰਗੀ ਪੈਦਾਵਾਰ ਦੇ ਨਾਲ ਨਾਲ ਮਜ਼ਬੂਤ ਮੰਡੀਕਰਨ ਦੀ ਵੀ ਲੋੜ ਹੈ, ਜਿਸ ਲਈ ਸਰਕਾਰ ਤਾਂ ਯਤਨਸ਼ੀਲ ਹੈ ਹੀ ਪਰ ਇਸ ਸਬੰਧੀ ਕਿਸਾਨਾਂ ਨੂੰ ਖ਼ੁਦ ਵੀ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦੀ ਕਿਸਾਨੀ ਜਿਸ ਦੌਰ ਵਿੱਚੋਂ ਲੰਘ ਰਹੀ ਹੈ, ਉਸ ਵਿੱਚੋਂ ਬਾਹਰ ਆਉਣ ਲਈ ਇਹ ਲਾਜ਼ਮੀ ਹੋ ਗਿਆ ਹੈ ਕਿ ਕਿਸਾਨ ਵਪਾਰਕ ਖੇਤਰ ਵੱਲ ਆਪਣਾ ਧਿਆਨ ਕੇਂਦਰਤ ਕਰਨ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਕਿਰਤ ਸੱਭਿਆਚਾਰ ਅਪਨਾਉਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਦਾ ਫਾਇਦਾ ਹੋਵੇਗਾ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕਿਸਾਨਾਂ ਲਈ ਤਾਂ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਉਹ ਸੂਬੇ ਦੀ ਰਾਜਧਾਨੀ ਦੇ ਨੇੜੇ ਬੈਠੇ ਹਨ, ਜਿੱਥੇ ਮੰਡੀਕਰਨ ਦੇ ਵੱਡੇ ਮੌਕੇ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਐਸ.ਏ.ਐਸ. ਨਗਰ ਵਰਗੇ ਸ਼ਹਿਰਾਂ ਵਿੱਚ ਆਰਗੈਨਿਕ ਫ਼ਸਲਾਂ/ਸਬਜ਼ੀਆਂ ਆਦਿ ਦੇ ਮੰਡੀਕਰਨ ਸਬੰਧੀ ਵੱਡੇ ਮੌਕੇ ਮੌਜੂਦ ਹਨ, ਜਿਨ੍ਹਾਂ ਦਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੂਰਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸ.ਏ.ਐਸ ਨਗਰ ਵਿਚਲੀ ਏ.ਸੀ. ਮੰਡੀ ਛੇਤੀ ਹੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦਾ ਕਿਸਾਨ ਵੱਧ ਤੋਂ ਵੱਧ ਲਾਹਾ ਲੈਣ।
ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਜਸਬੀਰ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ Îਇਸੇ ਮੰਤਵ ਤਹਿਤ ਇਹ ਕਿਸਾਨ ਮੇਲਾ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ ਤਹਿਤ ਕੇਂਦਰ ਸਰਕਾਰ ਨੂੰ 665 ਕਰੋੜ ਰੁਪਏ ਦਾ ਪਲਾਨ ਬਣਾ ਕੇ ਭੇਜਿਆ ਗਿਆ ਹੈ ਤੇ ਫੰਡ ਪ੍ਰਾਪਤ ਹੋਣ ’ਤੇ ਵੱਡੇ ਪੱਧਰ ’ਤੇ ਪੰਜਾਬ ਦੀ ਖੇਤੀਬਾੜੀ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਵਾਤਾਵਰਣ ਦੂਸ਼ਿਤ ਹੋਣ ਦੇ ਨਾਲ ਨਾਲ ਲੋਕਾਂ ਦੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਸਦਕਾ ਝੋਨੇ ਦੇ ਲੰਘੇ ਸੀਜ਼ਨ ਦੌਰਾਨ ਉਸ ਤੋਂ ਪਿਛਲੇ ਸੀਜ਼ਨ ਮੁਕਾਬਲੇ 40 ਫ਼ੀਸਦ ਤੱਕ ਪਰਾਲੀ ਨੂੰ ਘੱਟ ਅੱਗ ਲਾਈ ਗਈ ਸੀ।
ਉਨ੍ਹਾਂ ਦੱਸਿਆ ਕਿ ਵਿਭਾਗ ਇਹ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਕੰਪਨੀਆਂ ਕਾਰਪੋਰੇਟ ਸੋਸ਼ਲ ਰਿਸਪਾਂਸੇਬਿਲਟੀ (ਸੀ.ਐਸ.ਆਰ) ਤਹਿਤ ਪਿੰਡਾਂ ਨੂੰ ਗੋਦ ਲੈ ਕੇ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਨ। ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਸਕੱਤਰ, ਖੇਤੀਬਾੜੀ ਹਾਈਡਰੋਲੋਜੀ, ਪੰਜਾਬ ਸ੍ਰੀ ਰਾਜੇਸ਼ ਵਸ਼ਿਸ਼ਟ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਦੇ ਨਾਲ ਨਾਲ ਤੁਪਕਾ ਸਿੰਜਾਈ ਵਰਗੀਆਂ ਆਧੁਨਿਕ ਤਕਨੀਕਾਂ ਅਪਨਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਖ਼ਾਦਾਂ ਅਤੇ ਕੀਤਨਾਸ਼ਕਾਂ ਦੀ ਲੋੜ ਤੋਂ ਵੱਧ ਵਰਤੋਂ ਕਰਨ ਤੋਂ ਵਰਜਦਿਆਂ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵਿਸਥਾਰ ਵਿੱਚ ਜਵਾਬ ਦਿੱਤੇ ਗਏ।
ਇਸ ਮੌਕੇ ਖੇਤੀਬਾੜੀ ਤੇ ਹੋਰਨਾਂ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਸਟਾਲ ਵੀ ਲਾਏ ਗਏ ਸਨ ਤੇ ਇਨ੍ਹਾਂ ਸਟਾਲਾਂ ਵਿੱਚ ਸੈਲਪ ਹੈੱਲਪ ਗਰੁੱਪਾਂ ਸਮੇਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਲਾਏ ਗਏ ਸਟਾਲ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਪੁਲੀਸ ਸਾਂਝ ਕੇਂਦਰ ਵੱਲੋਂ ਸਰਕਾਰ ਦੇ ਡੈਪੋ ਪ੍ਰੋਗਰਾਮ ਸਬੰਧੀ ਜਾਣਕਾਰੀ ਦੇਣ ਅਤੇ ਲੋਕਾਂ ਨੂੰ ਡੈਪੋ ਬਣਾਉਣ ਲਈ ਫਾਰਮ ਭਰਨ ਵਾਸਤੇ ਹੈੱਲਪ ਡੈਸਕ ਵੀ ਸਥਾਪਤ ਕੀਤਾ ਗਿਆ ਸੀ। ਇਸ ਮੌਕੇ ਮੁਹਾਲੀ ਦੇ ਐਸਡੀਐਮ ਡਾ. ਆਰ.ਪੀ.ਸਿੰਘ, ਡਿਪਟੀ ਡਾਇਰੈਕਟਰ ਸ.ਜਸਵੰਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਤਰਲੋਚਨ ਸਿੰਘ, ਸੀਨੀਅਰ ਮੱਛੀ ਪਾਲਣ ਅਫ਼ਸਰ ਜਤਿੰਦਰ ਸਿੰਘ , ਵਿਧਾÎਇਕ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ, ਲਾਂਡਰਾਂ ਦੇ ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ, ਬਰਿਆਲੀ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ, ਬੂਟਾ ਸਿੰਘ ਸੋਹਾਣਾ, ਗੁਰਚਰਨ ਸਿੰਘ ਭੰਵਰਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…