ਕਿਸਾਨਾਂ ਤੇ ਪਸ਼ੂ ਪਾਲਕਾਂ ਦਾ ਧਰਨਾ ਜਾਰੀ, ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਮਸਲਾ ਹੋਣ ਦੀ ਉਮੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਜਥੇਬੰਦੀਆਂ ਵੱਲੋਂ ਉੱਘੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਲੜੀਵਾਰ ਧਰਨਾ ਵੀਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਪੰਜਾਬ ਦੀ ਆਪ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਬੀਤੀ ਦਿਨ ਸ਼ਾਮ ਨੂੰ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੇ ਵੇਰਕਾ ਮਿਲਕ ਪਲਾਂਟ ਦਾ ਮੁੱਖ ਗੇਟ ਬੰਦ ਕਰਕੇ ਦੁੱਧ ਦੀ ਸਪਲਾਈ ਰੋਕਣ ਲਈ ਗੁਪਤ ਐਕਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪ੍ਰੰਤੂ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨੇ ਲਿਖਤੀ ਰੂਪ ਵਿੱਚ ਭਲਕੇ 26 ਅਗਸਤ ਨੂੰ ਸਵੇਰੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਜਿਸ ਕਾਰਨ ਗੁਪਤ ਐਕਸ਼ਨ ਮੁਲਤਵੀ ਕੀਤਾ ਗਿਆ ਸੀ। ਧਰਨਾਕਰੀਆਂ ਨੂੰ ਇਸ ਮੀਟਿੰਗ ਵਿੱਚ ਮਸਲਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ੁੱਕਰਵਾਰ ਨੂੰ ਮੀਟਿੰਗ ਵਿੱਚ ਕੋਈ ਮਸਲਾ ਹੱਲ ਨਾ ਹੋਇਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਸਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਬੁਲਾਰਿਆਂ ਨੇ ਮੰਗ ਕੀਤੀ ਕਿ ਲੰਪੀ ਸਕਿਨ ਦੀ ਬੀਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਯੋਗ ਮੁਆਵਜ਼ਾ ਅਤੇ ਦੁੱਧ ਉਤਪਾਦਕਾਂ ਨੂੰ ਵਿੱਤੀ ਸੰਕਟ ’ਚੋਂ ਬਾਹਰ ਕੱਢਣ ਲਈ ਦੱੁਧ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾਵੇ ਅਤੇ ਨਕਲੀ ਦੁੱਧ ਦੇ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।
ਕਿਸਾਨ ਆਗੂ ਬਲਬੀਰ ਸਿੰਘ, ਕੁਲਵੰਤ ਸਿੰਘ ਤ੍ਰਿਪੜੀ, ਜਗਤਾਰ ਸਿੰਘ ਮਾਨਮੇੜੀ, ਮੋਹਨ ਸਿੰਘ, ਰੇਸ਼ਮ ਸਿੰਘ, ਰਣਧੀਰ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਪਲਹੇੜੀ, ਰਾਜਵਿੰਦਰ ਸਿੰਘ ਦੇਸੂਮਾਜਰਾ, ਹਰਜੀਤ ਸਿੰਘ ਸਿਆਊ, ਗੁਰਵਿੰਦਰ ਸਿੰਘ ਸਿਆਊ, ਗਿਆਨ ਸਿੰਘ ਧੜਾਕ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਵਜੀਦਪੁਰ, ਨਰਿੰਦਰ ਸਿੰਘ ਮਾਵੀ, ਕੁਲਵਿੰਦਰ ਸਿੰਘ ਚੱਕਲਾ, ਮਨਦੀਪ ਸਿੰਘ ਖਿਜਰਾਬਾਦ, ਭੁਪਿੰਦਰ ਸਿੰਘ ਜੱਲ੍ਹਾ, ਗੁਰਮੇਲ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…