nabaz-e-punjab.com

ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਕਿਸਾਨਾਂ ਨਾਲ ਪਰਾਲੀ ਸਾੜਨ ਦੇ ਮੁੱਦੇ ’ਤੇ ਟਕਰਾਅ ਦੀਆਂ ਸੰਭਾਵਨਾਵਾਂ ਤੋਂ ਇਨਕਾਰ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 3 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਸਾੜਨ ਦੇ ਮੁੱਦੇ ’ਤੇ ਕਿਸਾਨਾਂ ਨਾਲ ਟਕਰਾਅ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਸੰਕਟ ਵਿੱਚ ਘਿਰੇ ਹੋਏ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਨਹੀਂ ਪੈਣ ਦੇਵੇਗੀ ਜੋ ਕਿ ਇਸ ਵੇਲੇ ਆਰਥਿਕ ਮੁਸ਼ਕਲਾਂ ਦੇ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਸੋਮਵਾਰ ਨੂੰ ਇਕ ਟੀ.ਵੀ. ਚੈਨਨ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵੱਚਨਬਧ ਹੈ ਪਰ ਉਹ ਝੋਨੇ ਦੀ ਪਰਾਲੀ ਨੂੰ ਸਾੜਨ ’ਤੇ ਪਾਬੰਦੀ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦੌਰਾਨ ਕਿਸਾਨਾਂ ’ਤੇ ਦਬਾਅ ਨਹੀਂ ਪਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ’ਤੇ ਜੁਰਮਾਨਾ ਲਾਉਣ ਦਾ ਸਵਾਲ ਹੀ ਨਹੀਂ ਉੱਠਦਾ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਮਸ਼ੀਨਰੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕਾਫੀ ਨਹੀਂ ਹੈ। ਇਸ ਦੇ ਵਾਸਤੇ ਭਾਰਤ ਸਰਕਾਰ ਅਤੇ ਸੂਬਾ ਸਰਕਾਰਾਂ ਵੱਲੋਂ ਸਮੂਹਿਕ ਤੌਰ ’ਤੇ ਕੋਸ਼ਿਸ਼ਾਂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਸ ਦਾ ਅਸਰਦਾਇਕ ਹੱਲ ਕੱਢਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਰਗਰਮੀ ਨਾਲ ਕੇਂਦਰ ਸਰਕਾਰ ’ਤੇ ਸੂਬਾ ਸਰਕਾਰ ਦੀ ਉਸ ਬੇਨਤੀ ਨੂੰ ਮੰਨਣ ਲਈ ਜ਼ੋਰ ਪਾ ਰਹੇ ਹਨ ਜਿਸ ਵਿੱਚ ਸੂਬਾ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਘੱਟੋਂ-ਘੱਟ ਸਮਰਥਨ ਮੁੱਲ ਦੇ ਨਾਲ ਮੁਆਵਜ਼ਾ ਦਿੱਤੇ ਜਾਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਸ ਦਾ ਨਤੀਜਾ ਸਾਹਮਣੇ ਆਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪਰਾਲੀ ਦੇ ਪ੍ਰਬੰਧਨ ਦੇ ਵਾਸਤੇ ਮਸ਼ੀਨਾਂ ਦੇ ਸਬੰਧ ਵਿੱਚ ਬਹੁਤ ਸਾਰੀ ਚਰਚਾ ਹੋ ਚੁੱਕੀ ਹੈ ਪਰ ਇਹ ਭਵਿੱਖਮੁਖੀ ਯੋਜਨਾਵਾਂ ਹਨ ਜੋ ਤੁਰੰਤ ਇਸ ਸਮੱਸਿਆ ਦਾ ਹੱਲ ਨਹੀਂ ਕੱਢ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਸਮੱਸਿਆ ਬਹੁਤ ਵੱਡੀ ਹੈ ਜਿੱਥੇ ਵਿੱਤੀ ਬੋਝ ਕਾਰਨ ਹਰ ਦਿਨ ਲਗ-ਪਗ ਇਕ ਕਿਸਾਨ ਵੱਲੋਂ ਖੁਦਕੁਸ਼ੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਇਨਾਮ ਦਿੱਤੇ ਜਾਣ ਦੇ ਸੁਝਾਅ ਨੂੰ ਰੱਦ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ 17.5 ਲੱਖ ਕਿਸਾਨ ਹਨ ਅਤੇ ਇਹ ਮੁੱਦਾ ਹਰੇਕ ਨੂੰ ਪ੍ਰਭਾਵਿਤ ਕਰਦਾ ਹੈ ਜਿਸ ਕਰਕੇ ਇਹ ਕੋਈ ਸਮੱਸਿਆ ਦਾ ਢੁਕਵਾਂ ਹੱਲ ਨਹੀਂ ਹੈ। ਸੂਬੇ ਵਿੱਚ ‘ਖੁਲ੍ਹੇ ਵਿੱਚ ਪਖਾਨਾ ਨਾ ਜਾਣ ਦੀ ਸਕੀਮ’ ਨੂੰ ਲਾਗੂ ਕਰਨ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਸਾਲ ਦੇ ਆਖਿਰ ਤੱਕ ਸੂਬੇ ਦੇ ਹਰੇਕ ਘਰ ਵਿੱਚ ਪਖਾਨਾ ਬਣ ਜਾਵੇਗਾ ਅਤੇ ਇਨ੍ਹਾਂ ਨਾਲ ਸਬੰਧਤ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਹਰੇਕ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜ ਕਾਲ ਦੌਰਾਨ ਸ਼ੁਰੂ ਕੀਤੀ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ ਇਸ ਦੇ ਹੇਠ ਜ਼ਰੂਰੀ ਬੁਨਿਆਦੀ ਢਾਂਚਾ ਬਣਾਉਣ ਲਈ ਹਰੇਕ ਘਰ ਨੂੰ 15,000 ਰੁਪਏ ਦੇ ਰਹੀ ਹੈ। ਹਵਾ ਪ੍ਰਦੂਸ਼ਨ ਦੀ ਸਮੱਸਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ’ਤੇ ਮੋਬਾਇਲ ਸਟੇਸ਼ਨਾ ਅਤੇ ਸੈਟੇਲਾਇਟ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਪ੍ਰਦੂਸ਼ਨ ਨੂੰ ਘਟਾਉਣ ਲਈ ਬਿਜਲਈ ਵਹੀਕਲਾਂ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਤੋਂ ਇਲਾਵਾ ਚਾਇਨਾ ਨੇ ਵੀ ਇਸ ਵਿੱਚ ਦਿਲਚਸਪੀ ਵਿਖਾਈ ਹੈ। ਇਸ ਸਬੰਧ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਸਫਲਤਾ ਤੋਂ ਬਾਅਦ ਇਨ੍ਹਾਂ ਦਾ ਵੱਡੀ ਪੱਧਰ ’ਤੇ ਉੱਤਪਾਦਨ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…