
ਕਿਸਾਨਾਂ ਵੱਲੋਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ
ਮ੍ਰਿਤਕ ਪਸ਼ੂਆਂ ਦੇ ਮਾਲਕਾਂ ਨੂੰ ਯੋਗ ਮੁਆਵਜ਼ਾ ਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕਰੇ ਸਰਕਾਰ
ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੇ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆਂ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਵੱਖ-ਵੱਖ ਮਸਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਲੰਪੀ ਸਕਿਨ ਦੀ ਬਿਮਾਰੀ ਬਾਰੇ ਸਰਵੇ ਕਰਵਾਇਆ ਜਾਵੇ ਅਤੇ ਇਸ ਘਾਤਕ ਬੀਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀਆਂ ਗਾਵਾਂ ਅਤੇ ਹੋਰ ਪਸ਼ੂ ਦੀਆਂ ਮੌਤ ਹੋ ਗਈ ਹੈ। ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ ਤਾਂ ਜੋ ਪਸ਼ੂ ਪਾਲਕ ਮੁੜ ਆਪਣੇ ਪੈਰਾਂ ’ਤੇ ਖੜੇ ਹੋ ਸਕਣ।
ਕਿਸਾਨ ਆਗੂਆਂ ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਨ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਕਿਹਾ ਕਿ ਜ਼ਿਆਦਾਤਰ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਲੋੜੀਂਦੇ ਡਾਕਟਰ ਅਤੇ ਸਟਾਫ਼ ਦੀ ਵੱਡੀ ਘਾਟ ਦੇ ਚੱਲਦਿਆਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਸਬੰਧੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਨਹੀਂ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਦਵਾਈਆਂ ਨਾ ਹੋਣ ਕਾਰਨ ਬਾਹਰੋਂ ਮਹਿੰਗੀ ਦਵਾਈ ਲੈਣੀ ਪੈਂਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾਂਭਣ ਲਈ ਹੈਪੀ ਸੀਡਰ ਅਤੇ ਸੁਪਰ ਸੀਡਰ ਸਬਸਿਡੀ ’ਤੇ ਦਿੱਤੇ ਜਾ ਰਹੇ ਹਨ ਪ੍ਰੰਤੂ ਮੁਹਾਲੀ ਵਿੱਚ ਸਿਰਫ਼ 25 ਸੁਪਰ ਸੀਡਰ ਹੀ ਦਿੱਤੇ ਜਾ ਰਹੇ ਹਨ ਜੋ ਕਿ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਲੈਣ ਲਈ ਪਹਿਲਾਂ ਹੀ 700 ਕਿਸਾਨਾਂ ਨੇ ਲੈਣ ਲਈ ਅਪਲਾਈ ਕੀਤਾ ਹੋਇਆ ਹੈ ਅਤੇ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਐਤਕੀਂ ਜੀਰੀ ਦੀ ਫ਼ਸਲ ਨੂੰ ਬੀਮਾਰੀ ਲੱਗਣ ਕਾਰਨ ਬੂਟੇ ਛੋਟੇ ਰਹਿ ਗਏ ਹਨ। ਜਿਸ ਕਾਰਨ ਕਈ ਥਾਵਾਂ ’ਤੇ ਕਿਸਾਨ ਮਜਬੂਰੀ ਵਿੱਚ ਝੋਨੇ ਦੀ ਫ਼ਸਲ ਵਾਹ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਵਿਸ਼ੇਸ਼ ਗਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਕਲੀ ਬੀਜ ਵੇਚਣ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ, ਜਨਰਲ ਸਕੱਤਰ ਬਲਕਾਰ ਸਿੰਘ ਭੰਗੂ, ਜੁਝਾਰ ਸਿੰਘ ਸਰਪੰਚ ਸੇਖਪੁਰਾ, ਸੀਨੀਅਰ ਮੀਤ ਪ੍ਰਧਾਨ ਨੈਬ ਸਿੰਘ, ਗੁਰਮੀਤ ਸਿੰਘ ਮੀਤ ਪ੍ਰਧਾਨ ਮਾਜਰੀ, ਸਤਵਿੰਦਰ ਸਿੰਘ, ਹਰਦੀਪ ਸਿੰਘ ਬਲਾਕ ਪ੍ਰਧਾਨ, ਪ੍ਰਦੀਪ ਸਿੰਘ ਬਲਟਾਣਾ, ਬਹਾਦਰ ਸਿੰਘ ਪਲਹੇੜੀ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਬਲਟਾਣਾ ਆਦਿ ਵੀ ਮੌਜੂਦ ਸਨ।