
ਕਿਸਾਨ ਜਥੇਬੰਦੀਆਂ ਨੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਦਿੱਤਾ ਧਰਨਾ, ਸ਼ਾਮ ਤੱਕ ਠੱਪ ਰਹੀ ਰੇਲ ਆਵਾਜਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਉੱਤੇ ਐਤਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਸ਼ਾਮ ਤੱਕ ਰੇਲ ਆਵਾਜਾਈ ਠੱਪ ਰਹੀ। ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ (ਕਾਦੀਆ) ਦੇ ਜਨਰਲ ਸਕੱਤਰ ਕਮਲਜੀਤ ਸਿੰਘ ਲਾਂਡਰਾਂ, ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਅੰਗਰੇਜ਼ ਸਿੰਘ, ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ (ਚੜੂਨੀ) ਦੇ ਸਲਾਹਕਾਰ ਅਮਰਿੰਦਰ ਸਿੰਘ, ਮਨਿੰਦਰ ਸਿੰਘ ਮਾਣਕਮਾਜਰਾ, ਪਰਵਿੰਦਰ ਸਿੰਘ ਗੋਲਡੀ, ਨਵਦੀਪ ਸਿੰਘ ਦੀਪੀ ਸੋਹਾਣਾ, ਹਰਦੀਪ ਸਿੰਘ ਮੌਲੀ ਬੈਦਵਾਨ, ਗੁਰਪ੍ਰੀਤ ਸਿੰਘ ਮੌਲੀ, ਗੁਰਪ੍ਰੀਤ ਸਿੰਘ ਸੇਖਨਮਾਜਰਾ ਅਤੇ ਗੁਰਵਿੰਦਰ ਸਿੰਘ ਸਿਆਊ ਸਮੇਤ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਨੀਆਂ ਮੰਗਾਂ, ਜਿਨ੍ਹਾਂ ਵਿੱਚ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਾ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਪੁਲੀਸ ਕੇਸ ਵਾਪਸ ਲੈਣ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸ਼ਾਮਲ ਹਨ, ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਐੱਮਐੱਸਪੀ ਬਾਰੇ ਵਿਸ਼ੇਸ਼ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਨਾ ਕਰਨ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ।

ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਫਿਰ ਤੋਂ ਇੱਕਜੁੱਟ ਹੋ ਕੇ ਕੇਂਦਰ ਵਿਰੁੱਧ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।