Nabaz-e-punjab.com

ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਤੇ ਅਦਾਇਗੀ ਲਈ ਖੱਜਲ-ਖੁਆਰ ਹੋ ਰਹੇ ਨੇ ਕਿਸਾਨ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹਾੜੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਫ਼ਸਲ ਦੇ ਸਿੱਧੀ ਅਦਾਇਗੀ ਤਹਿਤ ਪੈਸੇ ਲੈਣ ਲਈ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਨਾ ਆਉਣ ਦੇਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸੂਬੇ ਦੇ ਕਿਸਾਨ ਜਿੱਥੇ ਇੱਕ ਪਾਸੇ ਨਰਿੰਦਰ ਮੋਦੀ ਦੇ ਖੇਤੀਬਾੜੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਤੋਂ ਦੁਖੀ ਹਨ, ਉੱਥੇ ਹੀ ਹੁਣ ਸੂਬੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਣਕ ਦੀ ਠੀਕ ਖਰੀਦ ਨਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਬਾਰਦਾਨੇ ਤੋਂ ਬਿਨਾਂ ਨਾ ਤਾਂ ਕਣਕ ਦੀ ਤੁਲਾਈ ਹੋ ਰਹੀ ਹੈ ਅਤੇ ਨਾ ਹੀ ਚੁਕਾਈ। ਉੱਤੋ ਖਰਾਬ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਘਾਟ ਦੇ ਨਾਲ ਨਾਲ ਹੁਣ ਕਿਸਾਨ ਫ਼ਸਲ ਵੇਚ ਕੇ ਆਪਣੇ ਪੈਸੇ ਲੈਣ ਲਈ ਸਿਧੀ ਅਦਾਇਗੀ ਪੋਰਟਲ ਅਤੇ ਬੈਂਕ ਖਾਤਿਆਂ ਦੀਆਂ ਉਲਝਣਾਂ ਵਿੱਚ ਫਸ ਰਹੇ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਰਕਮ ਦੀ ਸਿੱਧੀ ਅਦਾਇਗੀ ਲਈ ਬਣਾਏ ਗਏ ਪੋਰਟਲ ’ਤੇ ਉਸ ਇਲਾਕੇ ਦੇ ਬਹੁਤ ਸਾਰੇ ਬੈਂਕ ਦਰਜ ਹੀ ਨਹੀਂ ਹਨ, ਜਿਨਾਂ ਬੈਂਕਾਂ ਵਿੱਚ ਕਿਸਾਨਾਂ ਦੇ ਖਾਤੇ ਹਨ।
ਕਿਸਾਨਾਂ ਦੇ ਖਾਤਿਆਂ ਵਾਲੇ ਬੈਂਕ ਅਦਾਇਗੀ ਪੋਰਟਲ ‘ਤੇ ਦਰਜ ਨਾ ਹੋਣ ਕਾਰਨ ਕਿਸਾਨਾਂ ਨੂੰ ਵੇਚੀ ਫ਼ਸਲ ਦੇ ਪੈਸੇ ਨਹੀਂ ਮਿਲ ਰਹੇ। ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਸੂਬੇ ਦੇ ਕਾਂਗਰਸੀ ਮੰਤਰੀ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਸਹੀ ਖਰੀਦ ਕਰਵਾਉਣ ਤੋਂ ਜ਼ਿਆਦਾ ਹੋਰ ਰਾਜਾਂ ਤੋਂ ਤਸਕਰੀ ਕਰਕੇ ਕਣਕ ਮੰਡੀਆਂ ਵਿੱਚ ਵੇਚਣ ਨੂੰ ਪਹਿਲ ਦੇ ਰਹੇ ਹਨ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਅੱਖਾਂ ਬੰਦ ਕਰਕੇ ਬੈਠੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਕੈਪਟਨ ਅਮਰਿੰਦਰ ਸਿੰਘ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ, ਜੋ ਕੇਂਦਰ ਤੇ ਰਾਜਾਂ ਦੀਆਂ ਅੱਤਿਆਚਾਰੀ ਤੇ ਤਾਨਾਸ਼ਾਹੀ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।
ਸ੍ਰੀ ਬੱਬੀ ਬਾਦਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਨਾ ਕੀਤੀ ਗਈ ਅਤੇ ਫ਼ਸਲ ਦੀ ਰਕਮ ਦੀ ਅਦਾਇਗੀ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਕਿਸਾਨਾਂ ਨਾਲ ਸੜਕ ’ਤੇ ਉੱਤਰ ਕੇ ਸਰਕਾਰ ਦੇ ਮੰਤਰੀਆਂ ਅਤੇ ਖਰੀਦ ਪ੍ਰਬੰਧਾਂ ਵਿੱਚ ਸ਼ਾਮਲ ਪ੍ਰਸਾਸ਼ਨਿਕ ਅਧਿਕਾਰੀਆਂ ਦਾ ਘਿਰਾਉ ਕਰਨ ਲਈ ਮਜ਼ਬੂਰ ਹੋਣਗੇ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…