ਕਿਸਾਨਾਂ ਨੇ ਨੌਜਵਾਨ ਆਗੂ ਰਵਨੀਤ ਸਿੰਘ ਬਰਾੜ ਨੂੰ ਮੁਹਾਲੀ ਤੋਂ ਚੋਣ ਮੈਦਾਨ ’ਚ ਉਤਾਰਿਆ

ਇਲਾਕੇ ਵਿੱਚ ਕਾਨੂੰਨ ਵਿਵਸਥਾ, ਬਿਜਲੀ-ਪਾਣੀ ਤੇ ਪਿੰਡਾਂ ਦੀ ਮਾੜੀ ਹਾਲਤ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸਾਂਝੇ ਉੱਦਮ ਤੋਂ ਬਾਅਦ ਹੋਂਦ ਵਿੱਚ ਆਏ ਸੰਯੁਕਤ ਸਮਾਜ ਮੋਰਚਾ ਵੱਲੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਕੌਮੀ ਬੁਲਾਰੇ ਅਤੇ ਨੌਜਵਾਨ ਆਗੂ ਰਵਨੀਤ ਸਿੰਘ ਬਰਾੜ ਨੂੰ ਮੁਹਾਲੀ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆਂ ਗਿਆ ਹੈ। ਹਾਲਾਂਕਿ ਪਿੱਛੋਂ ਉਹ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੂੰਡੇ ਹਲਾਲ ਦੇ ਵਸਨੀਕ ਹਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਐਰੋਸਿਟੀ ਦੇ ਬਲਾਕ ਐਫ਼ ਵਿੱਚ ਰਹਿ ਰਹੇ ਹਨ ਅਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੇ ਅਤਿ ਨਜ਼ਦੀਕੀ ਸਮਝੇ ਜਾਂਦੇ ਹਨ। ਕਿਸਾਨ ਸੰਘਰਸ਼ ਦੌਰਾਨ ਉਹ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਲਗਾਈ ਗਈ ਸਮਾਂਨਾਂਤਰ ਸੰਸਦ ਦੌਰਾਨ ਉਨ੍ਹਾਂ ਨੇ ਖੇਤੀ ਮੰਤਰੀ ਦਾ ਕਿਰਦਾਰ ਨਿਭਾਇਆ ਸੀ।
ਰਵਨੀਤ ਬਰਾੜ ਭਾਵੇਂ ਕਿਸਾਨ ਸੰਘਰਸ਼ ਦਾ ਇੱਕ ਸਰਗਰਮ ਨਾਮ ਜ਼ਰੂਰ ਹਨ ਪ੍ਰੰਤੂ ਮੁਹਾਲੀ ਹਲਕੇ ਵਿੱਚ ਉਨ੍ਹਾਂ ਨੂੰ ਬਹੁਤ ਘੱਟ ਲੋਕ ਜਾਣਦੇ ਹਨ। ਉਹ ਮੁਹਾਲੀ ਹਲਕੇ ਵਿੱਚ ਉਹ ਨਾ ਤਾਂ ਪਹਿਲਾਂ ਕਦੇ ਸਿਆਸੀ ਤੌਰ ’ਤੇ ਵਿਚਰੇ ਹਨ ਅਤੇ ਨਾ ਹੀ ਕਦੇ ਲੋਕਾਂ ਨਾਲ ਜ਼ਿਆਦਾ ਵਾਹ ਵਾਸਤਾ ਰਿਹਾ ਹੈ। ਰਵਨੀਤ ਸਿੰਘ ਬਰਾੜ 2001 ਤੋਂ ਮੁਹਾਲੀ ਸ਼ਹਿਰ ਵਿੱਚ ਹੀ ਰਹਿ ਰਹੇ ਹਨ। ਜਿਸ ਕਾਰਨ ਉਹ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕਾ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਹੁਣ ਤੱਕ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਰਕਾਰ ਨੇ ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ ਤਾਂ ਬਣਾ ਦਿੱਤਾ ਪਰ ਬੱਸ ਸਰਵਿਸ ਦੀ ਸੁਵਿਧਾ ਪ੍ਰਦਾਨ ਨਹੀਂ ਕੀਤੀ ਗਈ। ਇੰਜ ਹੀ ਮੁਹਾਲੀ ਰੇਲਵੇ ਸਟੇਸ਼ਨ ਤੱਕ ਕੋਈ ਬੱਸ ਨਹੀਂ ਜਾਂਦੀ। ਜਿਸ ਕਾਰਨ ਯਾਤਰੀਆਂ ਨੂੰ ਆਪਣੇ ਵਾਹਨਾਂ ਜਾਂ ਭਾੜੇ ਦੇ ਵਾਹਨਾਂ ਦਾ ਸਹਾਰਾ ਲੈਣਾ ਪੈਂਦਾ ਹੈ। ਸੜਕਾਂ ਟੁੱਟੀਆਂ ਪਈਆਂ ਹਨ। ਚੱਪੜਚਿੜੀ ਜੰਗੀ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਨਹੀਂ ਹੋ ਸਕੀ।
ਦੇਸ਼ ਦੀ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਵੀ ਇਸ ਖੇਤਰ ਦੇ ਪਿੰਡਾਂ ਦੀ ਹਾਲਤ ਬਦਤਰ ਬਣੀ ਹੋਈ ਹੈ ਅਤੇ ਸ਼ਹਿਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਕਾਫ਼ੀ ਮਾੜੀ ਹਾਲਤ ਹੈ। ਬੀਤੇ ਦਿਨੀਂ ਇੱਕ ਪੀਸੀਐਸ ਅਧਿਕਾਰੀ ਦੀ ਕਾਰ ਲੁਟੇਰੇ ਖੋਹ ਕੇ ਲੈ ਗਏ ਸਨ। ਹਲਕੇ ਵਿੱਚ ਬਿਜਲੀ-ਪਾਣੀ ਦੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ। ਪਿੰਡਾਂ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਨਾ ਦੇ ਬਰਾਬਰ ਹਨ ਅਤੇ ਸਰਕਾਰੀ ਦਾਅਵੇ ਬਿਲਕੁਲ ਖੋਖਲੇ ਹਨ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਵੱਖਰੇ ਉਮੀਦਵਾਰ ਖੜ੍ਹੇ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸ੍ਰੀ ਚੜੂਨੀ ਨਾਲ ਸੀਟਾਂ ਦੀ ਵੰਡ ਬਾਰੇ ਗੱਲ ਚਲ ਰਹੀ ਹੈ ਅਤੇ ਛੇਤੀ ਹੀ ਇਹਾ ਰੇੜਕਾ ਵੀ ਖ਼ਤਮ ਹੋ ਜਾਵੇਗਾ ਅਤੇ ਉਹ ਵੀ ਸੰਯੁਕਤ ਸਮਾਜ ਮੋਰਚਾ ਦੇ ਨਾਲ ਮਿਲ ਕੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਸਰਕਾਰ ਬਣਨ ’ਤੇ ਉਕਤ ਸਾਰੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕੀਤਾ ਜਾਵੇਗਾ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…