
ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਥੱਲੇ ਮੁਹਾਲੀ ’ਚੋਂ ਵੱਡੀ ਗਿਣਤੀ ਕਿਸਾਨ ਦਿੱਲੀ ਜਾਣਗੇ ਕਿਸਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਗਏ ਨਵੇਂ ਖੇਤੀ ਕਾਨੂੰਨ ਦੇ ਖ਼ਿਲਾਫ਼ ਭਲਕੇ 26 ਨਵੰਬਰ ਅਤੇ 27 ਨਵੰਬਰ ਨੂੰ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਲੋਕ ਪਹੁੰਚਣਗੇ। ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਅਮਨਦੀਪ ਰਤੀਆ, ਸਲਾਹਕਾਰ ਕਾਮਰੇਡ ਕੰਵਲਜੀਤ ਸਿੰਘ, ਜਰਨੈਲ ਸਿੰਘ ਅਤੇ ਜਗਦੀਪ ਸਿੰਘ ਕੰਸਾਲਾ ਨੇ ਯੂਨੀਅਨ ਦੀਆਂ ਵੱਖ-ਵੱਖ ਮੀਟਿੰਗਾਂ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਹੇਠ ਮੋਹਾਲੀ ਜ਼ਿਲ੍ਹੇ ਵਿਚੋਂ 25 ਤੋਂ ਵੱਧ ਟਰੈਕਟਰ ਟਰਾਲੀਆਂ ਅਤੇ ਤਿੰਨ ਦਰਜਨਾਂ ਤੋਂ ਬਾਅਦ ਛੋਟੀਆਂ ਗੱਡੀਆਂ ਉਤੇ ਕਿਸਾਨ ਸ਼ਮੂਲੀਅਤ ਕਰਨਗੇ।
ਪੰਜਾਬ ਕਿਸਾਨ ਯੂਨੀਅਨ ਦੇ ਕਨਵੀਨਰ ਅਮਨਦੀਪ ਰਤੀਆ ਨੇ ਕਿਹਾ ਕਿ ਇਨਸਾਫ਼ ਪਸੰਦ ਲੋਕ ਮੋਦੀ ਸਰਕਾਰ ਦੀ ਹਿਟਲਰਸ਼ਾਹੀ ਨਹੀਂ ਚੱਲਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬੀਤੇ ਦਿਨੀਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਆਰਐਸਐਸ ਦੀਆਂ ਨੀਤੀਆਂ ਉੱਤੇ ਚਲਦਿਆਂ ਲੋਕਤੰਤਰ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਖੱਟਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦੇ ਸੁਪਨੇ ਸੱਚ ਨਹੀਂ ਹੋਣ ਦੇਣਗੇ।
ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੁਝ ਸ਼ਰਾਰਤੀ ਅਨਸਰਾਂ ਦੇ ਇਸ਼ਾਰਿਆਂ ਉਤੇ ਸਰਕਾਰ ਇਸ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ ਕਰਨਗੇ। ਉਨ੍ਹਾਂ ਕਿਸਾਨਾਂ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਇਸ ਸੰਘਰਸ਼ ਵਿੱਚ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੌਸਮ ਨੂੰ ਦੇਖਦੇ ਹੋਏ ਰਹਿਣ ਲਈ ਗਰਮ ਕੱਪੜੇ ਨਾਲ ਲੈ ਕੇ ਜਾਣ।