
ਸਰਕਾਰ ਦੀ ਲਾਪ੍ਰਵਾਹੀ ਕਾਰਨ ਡੀਏਪੀ ਖਾਦ ਦੀ ਕਿੱਲਤ ਦਾ ਖ਼ਮਿਆਜ਼ਾ ਭਗਤ ਰਹੇ ਨੇ ਕਿਸਾਨ: ਚੰਦੂਮਾਜਰਾ
ਬੀਐਸਐਫ਼ ਦੇ ਅਧਿਕਾਰਤ ਖੇਤਰ ਦੇ ਮੁੱਦੇ ਨੂੰ ਸੰਜੀਦਗੀ ਨਾਲ ਲੈਣ ਮੁੱਖ ਮੰਤਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਪੰਜਾਬ ਭਰ ਵਿੱਚ ਡੀਏਪੀ ਖਾਦ ਦੀ ਭਾਰੀ ਕਿੱਲਤ ਇਹ ਦਰਸਾਉਂਦੀ ਹੈ ਕਿ ਪ੍ਰਦੇਸ਼ ਕਾਂਗਰਸ ਦਾ ਆਪਸੀ ਕਲੇਸ਼ ਪੰਜਾਬ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਰਿਹਾ ਹੈ ਅਤੇ ਇਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੁੱਖ ਸਹੂਲਤਾਂ ਪ੍ਰਦਾਨ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਕਿਸਾਨਾਂ ਨੂੰ ਸੁਸਾਇਟੀਆਂ ਵਿੱਚ ਡੀਏਪੀ ਖਾਦ ਵੀ ਨਹੀਂ ਮਿਲ ਰਹੀ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਕਥਿਤ ਅਣਗਹਿਲੀ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਨੇ ਐਫ਼ਸੀਆਈ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਘੱਟ ਕੀਤੇ ਜਾਣ ’ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਕੇ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਵਿੱਚ ਨਾ ਰੁਲਨ ਦੇਣ ਦੀ ਅਪੀਲ ਕੀਤੀ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੀਐਸਐਫ਼ ਦਾ ਅਧਿਕਾਰਤ ਖੇਤਰ ਵਧਾ ਕੇ ਅੱਧਾ ਪੰਜਾਬ ਸਿੱਧਾ ਕੇਂਦਰ ਦੇ ਹੱਥ ਵਿੱਚ ਦੇਣ ਦੀ ਕਾਰਵਾਈ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਚੰਨੀ ਇਸ ਗੰਭੀਰ ਮੁੱਦੇ ’ਤੇ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਨਾ ਰਹਿਣ ਬਲਕਿ ਇਸ ਨੂੰ ਸੰਜੀਦਗੀ ਨਾਲ ਲੈਣ ਤਾਂ ਜੋ ਪੰਜਾਬ ਦੇ ਲੋਕਾਂ ਕਰਕੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਭਵਿੱਖ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।