nabaz-e-punjab.com

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਸਰਕਾਰ ਦੀ ਘੇਰਾਬੰਦੀ ਲਈ ਕਮਰ ਕੱਸੇ

ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ਧਰਨੇ ਮਗਰੋਂ 27 ਨੂੰ ਕੀਤਾ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਘਿਰਾਓ

ਠੇਕਾ ਮੁਲਾਜ਼ਮ 28 ਨਵੰਬਰ ਨੂੰ ਮੁਹਾਲੀ ਵਿੱਚ ਧਰਨਾ ਦੇਣ ਮਗਰੋਂ ਵਿਧਾਨ ਸਭਾ ਦੇ ਘਿਰਾਓ ਲਈ ਕਰਨਗੇ ਕੂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਕਰਜ਼ੇ ਦੀ ਪੰਡ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਦੀ ਘੇਰਾਬੰਦੀ ਲਈ ਕਮਰ ਕੱਸੇ ਕਰ ਲਏ ਹਨ। ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 27 ਨਵੰਬਰ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਮਗਰੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਅਤੇ ਖੇਤ ਮਜ਼ਦੂਰਾਂ ਦੀ ਲਾਮਬੰਦ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ 27 ਨਵੰਬਰ ਨੂੰ ਹੁਕਮਰਾਨਾਂ ਨੂੰ ਘੇਰਨ ਲਈ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਇੱਥੋਂ ਦੇ ਫੇਜ਼-8 ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਸਵੇਰੇ 10 ਵਜੇ ਇਕੱਠੇ ਹੋਣਗੇ ਅਤੇ ਦੂਰ ਦੁਰਾਡੇ ਦੇ ਕਿਸਾਨ 26 ਨਵੰਬਰ ਦੀ ਦੇਰ ਸ਼ਾਮ ਅਤੇ ਰਾਤ ਨੂੰ ਮੁਹਾਲੀ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ ਦੁਪਹਿਰ ਤੱਕ ਗੁਰਦੁਆਰੇ ਦੇ ਬਾਹਰ ਖੁੱਲ੍ਹੇ ਪੰਡਾਲ ਵਿੱਚ ਕਿਸਾਨਾਂ ਦੇ ਸਿਰ ਚੜ੍ਹੇ ਕਰਜ਼ੇ ਅਤੇ ਹੋਰ ਭਖਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਮਗਰੋਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਕੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਮੁਹਾਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ। ਇਸ ਮੌਕੇ ਹਰਸੁਖਇੰਦਰ ਸਿੰਘ, ਮਨਜੀਤ ਸਿੰਘ ਰਾਏ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਵੰਤ ਸਿੰਘ, ਗਗਨਪ੍ਰੀਤ ਸਿੰਘ, ਗੁਰਮੇਲ ਸਿੰਘ ਵੀ ਮੌਜੂਦ ਸਨ।
(ਬਾਕਸ ਆਈਟਮ)
‘ਜੇ ਨਾ ਦਿੱਤਾ ਪੁਰਾ ਰੁਜ਼ਗਾਰ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਜਾਣਾ ਪਊ ਯੂ.ਪੀ ਤੇ ਬਹਾਰ’ ਇਹ ਨਾਅਰਾ ਹੁਣ ਪੰਜਾਬ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਗੂੰਜਣ ਲੱਗ ਪਿਆ ਹੈ ਕਿਉਂਕਿ ਹੁਕਮਰਾਨਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਨੌਜਵਾਨਾਂ ਅਤੇ ਠੇਕਾ ਪ੍ਰਣਾਲੀ ਅਧੀਨ ਵੱਖ ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਸਰਕਾਰੀ ਅਣਦੇਖੀ ਦਾ ਗੰਭੀਰ ਨੋਟਿਸ ਲੈਂਦਿਆਂ ਆਪਣੇ ਹੱਕਾਂ ਲਈ ਫੈਸਲਾਕੁਨ ਸੰਘਰਸ਼ ਵਿੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ 28 ਨਵੰਬਰ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕਰਦਿਆਂ ਇਸ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਆਗੂ ਰਮਨ ਕੁਮਾਰ, ਗਗਨਦੀਪ, ਜਗਮੋਹਨ ਸਿੰਘ, ਨਿਸ਼ਾ ਗੁਪਤਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਾਲਾਂਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵੇਲੇ ਘਰ ਘਰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਹੁਣ ਸਰਕਾਰ ਨੇ ਆਪਣੇ ਚੋਣ ਵਾਅਦੇ ਤੋਂ ਮੂੰਹ ਫੇਰ ਲਿਆ ਹੈ। ਇਹੀ ਨਹੀਂ ਮੁੱਖ ਮੰਤਰੀ ਅਤੇ ਸਾਥੀ ਕੈਬਨਿਟ ਮੰਤਰੀਆਂ ਕੋਲ ਮੁਲਾਜ਼ਮ ਜਥੇਬੰਦੀਆਂ ਨਾਲ ਪੈਨਲ ਮੀਟਿੰਗ ਦਾ ਵੀ ਵਕਤ ਨਹੀਂ ਹੈ। ਜਿਸ ਕਾਰਨ ਕੱਚੇ ਮੁਲਾਜ਼ਮਾਂ ਨੂੰ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …