ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਸਹਾਇਕ ਧੰਦਿਆਂ ਲਈ ਵੀ ਕੀਤਾ ਜਾਵੇਗਾ ਪ੍ਰੇਰਿਤ: ਸਿੱਧੂ

ਕਰਜ਼ਾ ਰਾਹਤ ਸਕੀਮ ਤਹਿਤ ਜ਼ਿਲ੍ਹਾ ਮੁਹਾਲੀ ਦੇ 5579 ਕਿਸਾਨਾਂ ਨੂੰ ਦਿੱਤੀ 52 ਕਰੋੜ ਰੁਪਏ ਦੀ ਰਾਹਤ

ਪਸ਼ੂ ਪਾਲਣ ਮੰਤਰੀ ਬਲਬੀਰ ਸਿੱਧੂ ਨੇ ਇਲਾਕੇ ਦੇ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਕਿਸਾਨ ਪੰਜਾਬ ਦੀ ਬੁਨਿਆਦ ਹਨ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਜਿਹੜੇ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਹ ਹਰ ਹਾਲ ਪੂਰੇ ਕੀਤੇ ਜਾਣਗੇ। ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਬਾਹਰ ਕੱਢਣ ਲਈ ਕਰਜ਼ਾ ਮੁਆਫੀ ਸਕੀਮ ਤਹਿਤ ਰਾਹਤ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਸਹਾਇਕ ਧੰਦਿਆਂ ਨਾਲ ਵੀ ਜੋੜਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ. ਨਗਰ ਦੇ 2.5 ਏਕੜ ਤੱਕ ਦੇ ਮਾਲਕ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਣ ਲਈ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿੱਚ ਕਰਵਾਏ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਦੱਸਿਆ ਕਿ 2.5 ਏਕੜ ਤੱਕ ਵਾਲੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 4052 ਸੀਮਾਂਤ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਪਹਿਲੇ ਪੜਾਅ ਤਹਿਤ 37.6 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਗਈ ਤੇ ਹੁਣ ਦੂਜੇ ਪੜਾਅ ਤਹਿਤ 1527 ਸੀਮਾਂਤ ਕਿਸਾਨਾਂ ਨੂੰ 14.38 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜੋ ਕਿ ਕਰੀਬ 52 ਕਰੋੜ ਰੁਪਏ ਬਣਦੀ ਹੈ। ਦੂਜੇ ਪੜਾਅ ਨਾਲ ਸਬੰਧਤ ਲਾਭਪਾਤਰੀ ਕਿਸਾਨਾਂ ’ਚੋਂ ਅੱਜ 235 ਕਿਸਾਨਾਂ ਨੂੰ ਰਸਮੀ ਤੌਰ ’ਤੇ 1.86 ਕਰੋੜ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ 2.5 ਤੋਂ 5 ਏਕੜ ਵਾਲੇ ਛੋਟੇ ਕਿਸਾਨਾਂ ਸਬੰਧੀ ਕਰਜ਼ਾ ਮੁਆਫ਼ੀ ਸਕੀਮ ਦਾ ਪਹਿਲਾ ਪੜਾਅ ਪਹਿਲੀ ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਕਾਰਨ ਮਾੜੀ ਵਿੱਤੀ ਹਾਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਹਿਣੀ ਤੇ ਕਰਨੀ ’ਤੇ ਪੂਰਾ ਉਤਰਦਿਆਂ ਪੜਾਅਵਾਰ ਕਰਜ਼ਾ ਮੁਆਫ਼ ਕਰਦਿਆਂ ਚੰਗੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦਕੁਸ਼ੀਆਂ ਦੇ ਰਾਹ ਨਾ ਪੈਣ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਮੰਡੀਆਂ ਵਿੱਚ ਹੋਈ ਕਣਕ ਦੀ ਸੁਚੱਜੀ ਖ਼ਰੀਦ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਬਿਲਕੁਲ ਵੀ ਖੱਜਲ ਖ਼ੁਆਰ ਨਹੀਂ ਹੋਣਾ ਪਿਆ, ਜੋ ਕਿ ਪੰਜਾਬ ਸਰਕਾਰ ਦੀ ਕਿਸਾਨ ਹਿਤੈਸ਼ੀ ਸੋਚ ਦਾ ਨਤੀਜਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕਰਜ਼ਾ ਰਾਹਤ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਕਿਸੇ ਵੀ ਕਿਸਾਨ ਨੂੰ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁਢਾਪਾ ਪੈਸ਼ਨ ਵਧਾਉਣ ਦਾ ਵਾਅਦਾ ਵੀ ਪੂਰਾ ਕਰ ਕੇ ਪੈਨਸ਼ਨ ਸਮੇਂ ਸਿਰ ਮਿਲਣ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤੇ ਇਸ ਵਿੱਚ ਹਾਲੇ ਹੋਰ ਵਾਧਾ ਕੀਤਾ ਜਾਣਾ ਹੈ। ਸਹਾਇਕ ਧੰਦਿਆਂ ਦੇ ਲਾਭ ਬਾਰੇ ਜਾਣਕਾਰੀਆਂ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਕੰਮ ਕਰਨ ਦੇ ਚਾਹਵਾਨ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਅਜਿਹੇ ਚਾਹਵਾਨਾਂ ਨੂੰ ਟਰੇਨਿੰਗ ਦੇ ਕੇ ਆਪਣਾ ਕੰਮਕਾਰ ਸ਼ੁਰੂ ਕਰਨ ਲਈ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ ਅਤੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨਾਲ ਰਲ਼ ਕੇ ਕੰਮ ਕੀਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਲੱਗਦਾ ਹੈ ਕਿ ਉਹ ਯੋਗ ਲਾਭਪਾਤਰੀ ਹੈ ਪਰ ਉਸ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਨਹੀਂ ਮਿਲਿਆ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕਰ ਸਕਦਾ ਹੈ ਪਰ ਇਸ ਗੱਲ ਦਾ ਖ਼ਿਆਲ ਰੱਖਿਆ ਜਾਵੇ ਕਿ ਕਰਜ਼ਾ ਰਾਹਤ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਨੂੰ ਹੀ ਕਰਜ਼ਾ ਮੁਆਫ਼ੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਜਿਕ ਸਮਾਗਮ ਸਾਦੇ ਰੂਪ ਵਿੱਚ ਕਰਨ ਨੂੰ ਤਰਜੀਹ ਦੇਣ ਅਤੇ ਨਾਲ ਹੀ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡੈਪੋ ਮੁਹਿੰਮ ਸਬੰਧੀ ਵੀ ਸਹਿਯੋਗ ਦੇਣ। ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਅਮਰਜੀਤ ਅਤੇ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਏਡੀਸੀ ਚਰਨਦੇਵ ਸਿੰਘ ਮਾਨ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੇਂਦਰੀ ਸਹਿਕਾਰੀ ਬੈਂਕ ਦੀ ਜ਼ਿਲ੍ਹਾ ਮੈਨੇਜਰ ਸ੍ਰੀਮਤੀ ਪ੍ਰਗਤੀ ਜੱਗਾ, ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਗਵਿੰਦਰ ਸਿੰਘ ਮੈਨੇਜਰ ਪਨਕੋਫੈਡ, ਨਰੈਣ ਸਿੰਘ ਸਿੱਧੂ, ਨਛੱਤਰ ਸਿੰਘ,(ਦੋਵੇਂ ਕੌਸਲਰ) ਜਸਬੀਰ ਸਿੰਘ ਬਾਂਕਾ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਚੇਅਰਮੈਨ ਲੈਂਡਮੋਰਗੇਜ ਬੈਂਕ ਖਰੜ ਧਰਮ ਸਿੰਘ ਸੈਣੀ,ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਮਨਜੀਤ ਸਿੰਘ ਤੰਗੌਰੀ, ਕਰਮ ਸਿੰਘ ਮਾਣਕਪੁਰ ਕੱਲਰ,ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਅਮਰੀਕ ਸਿੰਘ ਕੰਬਾਲੀ, ਸੋਮਨਾਥ ਗੁਡਾਣਾ, ਰਣਜੀਤ ਸਿੰਘ ਗਿੱਲ ਜਗਤਪੁਰਾ, ਜੀ.ਐਸ. ਰਿਆੜ, ਗੁਰਚਰਨ ਸਿੰਘ ਭੰਵਰਾ, ਚੌਧਰੀ ਰਿਸ਼ੀਪਾਲ ਸਨੇਟਾ, ਇੰਦਰਜੀਤ ਸਿੰਘ ਖੋਖਰ ਸਮੇਤ ਇਲਾਕੇ ਦੇ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …