ਲੰਪੀ ਸਕਿਨ ਬਿਮਾਰੀ ਤੋਂ ਕਿਸਾਨ ਪ੍ਰੇਸ਼ਾਨ, ਦੁੱਧ ਦਾ ਸਹੀ ਭਾਅ ਨਾ ਮਿਲਣ ਕਾਰਨ ਧਰਨਾ ਦੇਣ ਦਾ ਐਲਾਨ

ਕਿਸਾਨਾਂ ਤੇ ਪਸ਼ੂ ਪਾਲਕਾਂ ਨੇ ਪੰਜਾਬ ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ ਦਿੱਤਾ

ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬਾਹਰ ਸ਼ੁਰੂ ਕੀਤਾ ਜਾਵੇਗਾ ਲੜੀਵਾਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਪੰਜਾਬ ਵਿੱਚ ਤੇਜੀ ਨਾਲ ਫੈਲ ਰਹੀ ਲੰਪੀ ਸਕਿਨ ਨਾਂਅ ਦੀ ਬੀਮਾਰੀ ਤੋਂ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਅੱਜ ਇੱਥੇ ਸਾਂਝੀ ਮੀਟਿੰਗ ਕੀਤੀ। ਜਿਸ ਵਿੱਚ 22 ਅਗਸਤ ਨੂੰ ਵੇਰਕਾ ਮਿਲਕ ਪਲਾਂਟ ਦੇ ਬਾਹਰ ਸੂਬਾ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਰਾਜੇ ਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਸੀਨੀਅਰ ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਧਰਨੇ ਲਈ ਕਿਸਾਨਾਂ, ਪਸ਼ੂ ਪਾਲਕਾਂ ਅਤੇ ਦੁੱਧ ਦੇ ਸਹਾਇਕ ਧੰਦੇ ਨਾਲ ਜੁੜੇ ਵਿਅਕਤੀਆਂ ਦੀ ਲਾਮਬੰਦ ਲਈ ਅੱਜ ਤੋਂ ਹੀ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਕਹੀ ਸੀ ਪਰ ਸਰਕਾਰ ਬਣਨ ਤੋਂ ਬਾਅਦ ਹੁਕਮਰਾਨ ਆਪਣੇ ਚੋਣ ਵਾਅਦਿਆਂ ਨੂੰ ਭੁੱਲਦੇ ਜਾ ਰਹੇ ਹਨ ਅਤੇ ਬਿਪਤਾ ਵਿੱਚ ਫਸੇ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਨਾਲ ਰੋਜ਼ਾਨਾ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪਸ਼ੂ ਮਰ ਰਹੇ ਹਨ, ਪ੍ਰੰਤੂ ਪੰਜਾਬ ਵਿੱਚ ਜ਼ਿਆਦਾਤਰ ਪਸ਼ੂ ਹਸਪਤਾਲਾਂ ਵਿੱਚ ਨਾ ਡਾਕਟਰ ਪੂਰੇ ਹਨ ਅਤੇ ਨਾ ਹੀ ਦਵਾਈਆਂ ਦਾ ਸਟਾਕ ਹੈ। ਜਿਸ ਕਰਕੇ ਦੁੱਧ ਦੀ ਪੈਦਾਵਾਰ ਉੱਤੇ ਕਾਫ਼ੀ ਮਾੜਾ ਅਸਰ ਪੈ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 1 ਲੱਖ ਪਸ਼ੂ ਲੰਪੀ ਸਕਿਨ ਨਾਲ ਮਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਅਤੇ ਸਹਾਇਕ ਧੰਦਿਆਂ ਨਾਲ ਜੁੜੇ ਲੋਕਾਂ ਦਾ ਇਸ ਬੀਮਾਰੀ ਨੇ ਲੱਕ ਤੋੜ ਦਿੱਤਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਪੀੜਤ ਪਸ਼ੂ ਪਾਲਕਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਦੁੱਧ ਦੇ ਭਾਅ ਵਿੱਚ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਪੀੜਤ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਪਸ਼ੂ ਹਸਪਤਾਲਾਂ ਵਿੱਚ ਡਾਕਟਰ ਅਤੇ ਲੋੜੀਂਦੀਆਂ ਦੀ ਵਿਵਸਥਾ ਨਾ ਕੀਤੀ ਗਈ ਤਾਂ ਵੇਰਵਾ ਮਿਲਕ ਪਲਾਂਟ ਦੇ ਬਾਹਰ 22 ਅਗਸਤ ਤੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਜਥੇਦਾਰ ਬਲਵੀਰ ਸਿੰਘ, ਹਰਦੀਪ ਸਿੰਘ ਜ਼ੀਰਕਪੁਰ, ਮਨਵੀਰ ਸਿੰਘ ਬੈਦਵਾਨ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਸਿਆਊ, ਟੋਨੀ ਰਾਏਪੁਰ, ਬਿੰਦਰ ਦਰਾਲੀ ਅਤੇ ਇਕਬਾਲ ਸਿੰਘ ਬੈਂਰੋਪੁਰ ਸਮੇਤ ਹੋਰ ਪਸ਼ੂ ਪਾਲਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …