Share on Facebook Share on Twitter Share on Google+ Share on Pinterest Share on Linkedin ਆਰਥਿਕ ਸੰਕਟ ’ਚੋਂ ਨਿਕਲਣ ਲਈ ਕਿਸਾਨਾਂ ਨੂੰ ਖ਼ੁਦ ਮੰਡੀਕਰਨ ਵੱਲ ਅੱਗੇ ਆਉਣ ਦੀ ਲੋੜ: ਸਿੱਧੂ ਸ਼ਹੀਦ ਊਧਮ ਸਿੰਘ ਕਾਲਜ ਤੰਗੌਰੀ ਵਿੱਚ ਲੱਗੇ ਕਿਸਾਨ ਮੇਲੇ ਵਿੱਚ ਕੀਤੀ ਸ਼ਿਰਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦਾ ਖ਼ੁਦ ਮੰਡੀਕਰਨ ਵੱਲ ਆਉਣਾ ਸਮੇਂ ਦੀ ਲੋੜ ਬਣ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਕਿਸਾਨਾਂ ਦੀ ਮਿਹਨਤ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਚੋਖਾ ਵਾਧਾ ਹੋਇਆ ਹੈ ਪਰ ਐਨੀ ਪੈਦਾਵਾਰ ਦੇ ਬਾਵਜੂਦ ਕਿਸਾਨ ਦੀ ਹਾਲਤ ਮਾੜੀ ਹੈ, ਜਿਸ ਨੂੰ ਸੁਧਾਰਨ ਲਈ ਕਿਸਾਨਾਂ ਦਾ ਖ਼ੁਦ ਫਸਲ ਦੇ ਮੰਡੀਕਰਨ ਵਿੱਚ ਆਉਣਾ ਸਮੇਂ ਦੀ ਲੋੜ ਬਣ ਚੁੱਕੀ ਹੈ। ਇੱਥੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਆਈ.ਸੀ.ਏ.ਆਰ.-ਅਟਾਰੀ ਜ਼ੋਨ-1, ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਜਲ ਸ਼ਕਤੀ ਅਭਿਆਨ ਤਹਿਤ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਟ ਤੰਗੌਰੀ ਵਿੱਚ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਸਾਨੂੰ ਰਵਾਇਤੀ ਫ਼ਸਲੀ ਚੱਕਰ ਨੂੰ ਤੋੜ ਕੇ ਫ਼ਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਲੋੜ ਬਣ ਗਈ ਹੈ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ, ਮੁਹਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਪਸ਼ੂ ਪਾਲਣ, ਮੁਰਗੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਵੱਲ ਮੁੜਨਾ ਪਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਵਿਦੇਸ਼ੀ ਨਸਲਾਂ ਦੇ ਪਸ਼ੂ ਰੱਖਣ ਦੀ ਥਾਂ ਆਪਣੀਆਂ ਦੇਸੀ ਨਸਲਾਂ ਜਿਵੇਂ ਨੀਲੀ ਰਾਵੀ, ਸਾਹੀਵਾਲ ਤੇ ਮੂਰ੍ਹਾ ਵਰਗੀਆਂ ਨਸਲਾਂ ਦੇ ਪਸ਼ੂ ਰੱਖਣ ਦੀ ਲੋੜ ਹੈ, ਜੋ ਇੱਥੋਂ ਦੇ ਮੌਸਮ ਦੇ ਹਿਸਾਬ ਨਾਲ ਠੀਕ ਹਨ। ਇਸ ਨਾਲ ਲਾਵਾਰਸ ਪਸ਼ੂਆਂ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ ਕਿਉਂਕਿ ਵਿਦੇਸ਼ੀ ਨਸਲਾਂ ਦੇ ਪਸ਼ੂ ਤਿੰਨ ਤੋਂ ਚਾਰ ਸੂਏ ਤੱਕ ਹੀ ਦੁੱਧ ਦਿੰਦੇ ਹਨ, ਜਦੋਂ ਕਿ ਦੇਸੀ ਨਸਲਾਂ ਦੇ ਪਸ਼ੂ ਕਈ ਕਈ ਸੂਇਆਂ ਤੱਕ ਦੁੱਧ ਦਿੰਦੇ ਹਨ, ਜਿਸ ਕਾਰਨ ਦੇਸੀ ਨਸਲਾਂ ਦੇ ਪਸ਼ੂਆਂ ਨੂੰ ਲਾਵਾਰਸ ਨਹੀਂ ਛੱਡਿਆ ਜਾਂਦਾ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ਦੇਖੀਆਂ ਅਤੇ ਮੇਲੇ ਦੌਰਾਨ ਹੋਏ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਕ੍ਰਿਸ਼ੀ ਵਿਗਿਆਨ ਕੇਂਦਰ, ਮੁਹਾਲੀ ਦੇ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੇ ਹਾਜ਼ਰੀਨ ਨੂੰ ਜੀ ਆਇਆਂ ਨੂੰ ਕਿਹਾ ਅਤੇ ਯੂਨੀਵਰਸਿਟੀ ਵੱਲੋਂ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਆਏ ਮਾਹਿਰਾਂ ਨੇ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਉਤੇ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਡੀਡੀਪੀਓ ਡੀ.ਕੇ. ਸਾਲਦੀ, ਐਸ.ਯੂ.ਐਸ. ਕਾਲਜ ਦੇ ਸੀਨੀਅਰ ਵਾਈਸ ਚੇਅਰਮੈਨ ਡਾ. ਗੁਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਮੁਹਾਲੀ ਡਾ. ਯਸ਼ਵੰਤ ਸਿੰਘ, ਮੈਂਬਰ ਬਲਾਕ ਸਮਿਤੀ ਮਨਜੀਤ ਸਿੰਘ ਤੰਗੌਰੀ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਛੱਜਾ ਸਿੰਘ ਕੁਰੜੀ ਸਰਪੰਚ ਕੁਰੜੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਜੋਗਿੰਦਰ ਸਿੰਘ ਸਰਪੰਚ ਕੁਰੜਾ, ਸਰਪੰਚ ਨਗਾਰੀ ਭੁਪਿੰਦਰ ਕੁਮਾਰ, ਰਾਜਿੰਦਰ ਸਿੰਘ ਰਾਏਪੁਰ ਕਲਾਂ ਅਤੇ ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ