
ਖੇਤੀ ਕਾਨੂੰਨ: ਪਿੰਡ ਨਗਾਰੀਂ ਦੇ ਕਿਸਾਨਾਂ ਦਾ ਜਥਾ ਭੁੱਖ ਹੜਤਾਲ ’ਤੇ ਬੈਠਾ
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਭੁੱਖ ਹੜਤਾਲ 90ਵੇਂ ਦਿਨ ਵਿੱਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 90ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਪਿੰਡ ਨਗਾਰੀਂ ਤੋਂ ਗੁਰਪ੍ਰੀਤ ਸਿੰਘ, ਮਿਸਤਰੀ ਹਰਮੇਸ਼, ਜਗਤਾਰ ਸਿੰਘ, ਰਣਧੀਰ ਸਿੰਘ, ਜਸ਼ਨਪ੍ਰੀਤ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਹਰਮੀਤ ਸਿੰਘ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਯੂਥ ਆਗੂ ਅਮਨ ਪੂਨੀਆ ਪਹਿਲਵਾਨ, ਨੰਬਰਦਾਰ ਹਰਵਿੰਦਰ ਸਿੰਘ ਅਤੇ ਮਿੰਦਰ ਸਿੰਘ ਸੋਹਾਣਾ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਬੇਲੋੜੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਇਹ ਜਾਇਜ਼ ਮੰਗ ਮੰਨੀ ਜਾਵੇ ਅਤੇ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਲਾਗੂ ਕੀਤੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।