Share on Facebook Share on Twitter Share on Google+ Share on Pinterest Share on Linkedin ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ‘ਪੰਜਾਬ ਬਚਾਓ-ਪਾਣੀ ਬਚਾਓ’ ਰੈਲੀ ਕਰਨ ਦਾ ਐਲਾਨ ਪੰਜਾਬ ਦੇ ਪਾਣੀਆਂ ਦੀ ਵੰਡ ਵੇਲੇ ਸ਼ੁਰੂ ਤੋਂ ਸੂਬੇ ਨਾਲ ਧੱਕਾ ਹੋਇਆ: ਬਲਬੀਰ ਰਾਜੇਵਾਲ ਪਾਣੀਆਂ ਦੇ ਮੁੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਦੇਣਗੀਆਂ ਕਿਸਾਨ ਜਥੇਬੰਦੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ: ਪਾਣੀਆਂ ਦੇ ਮੁੱਦੇ ’ਤੇ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਹੁੰਦਾ ਆਇਆ ਹੈ ਪਰ ਹੁਣ ਹੁਕਮਰਾਨਾਂ ਦੀ ਕੋਈ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਮੁਹਾਲੀ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਪੁੱਡਾ ਗਰਾਉਂਡ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ਪੰਜਾਬ ਬਚਾਓ-ਪਾਣੀ ਬਚਾਓ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪਾਣੀਆਂ ਦੀ ਵੰਡ ਹੋਈ ਤਾਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਵਿੱਚ ਜਿਹੜੀ ਵੀ ਪਾਰਟੀ ਦੀ ਸਰਕਾਰ ਬਣੀ ਹੋਵੇ, ਉਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਪਾਣੀ ਘੱਟਦਾ ਜਾ ਰਿਹਾ ਹੈ, ਧਰਤੀ ਹੇਠਾਂ ਪਾਣੀ ਵੀ ਖ਼ਤਮ ਹੋਣ ਵਾਲਾ ਹੈ, ਜਿਸ ਕਾਰਨ ਪੰਜਾਬ ਦੀ ਉਪਜਾਊ ਧਰਤੀ ਬੰਜਰ ਬਣਨ ਦਾ ਖ਼ਦਸ਼ਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇ ਦਹਾਕੇ ਪਹਿਲਾਂ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਸੀ ਪਰ ਹੁਣ ਪੰਜਾਬ ਦੇ ਖੇਤਾਂ ਤੋਂ 5 ਕਿੱਲੋਮੀਟਰ ਪਹਿਲਾਂ ਹੀ ਨਹਿਰੀ ਪਾਣੀ ਖ਼ਤਮ ਹੋ ਜਾਂਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਰਜਵਾਹੇ ਅਤੇ ਸੂਏ ਗੰਦਗੀ ਨਾਲ ਭਰੇ ਪਏ ਹਨ, ਜਿਨ੍ਹਾਂ ਦੀ ਸਫ਼ਾਈ ਨਾ ਦੇ ਬਰਾਬਰ ਹੈ। ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਹਿਜ਼ ਕਾਗਜਾਂ ਵਿੱਚ ਹੀ ਸਫ਼ਾਈ ਵਿਵਸਥਾ ਦੇ ਦਾਅਵੇ ਕੀਤੇ ਜਾਂਦੇ ਹਨ। ਇਨ੍ਹਾਂ ਰਜਵਾਹਿਆਂ ਵਿੱਚ ਗੰਦਗੀ ਕਾਰਨ ਪਾਣੀ ਘੱਟ ਆਉਂਦਾ ਹੈ। ਇਸ ਤੋਂ ਇਲਾਵਾ ਰਜਵਾਹਿਆਂ ਵਿੱਚ ਵੱਡੀ ਮਾਤਰਾ ਵਿੱਚ ਘਾਹ ਅਤੇ ਦਰਖ਼ਤ ਉੱਗੇ ਹੋਏ ਹਨ, ਜਿਸ ਕਾਰਨ ਪਾਣੀ ਨੂੰ ਅੱਗੇ ਲੰਘਣ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਸੇ ਆਉਂਦਾ ਖੇਤਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1955 ਵਿੱਚ ਪਾਣੀਆਂ ਦੀ ਵੰਡ ਵੇਲੇ ਵੀ ਪੰਜਾਬ ਨਾਲ ਵੱਡਾ ਧੱਕਾ ਕੀਤਾ ਗਿਆ। ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਦਸਤਾਵੇਜ਼ੀ ਸਬੂਤ ਹਨ ਕਿ ਹਿਮਾਚਲ ਪ੍ਰਦੇਸ਼ ਨੇ ਦਿੱਲੀ ਨਾਲ ਪਾਣੀ ਸਪਲਾਈ ਸਮਝੌਤਾ ਕੀਤਾ ਹੈ, ਜਿਸ ਤਹਿਤ ਹਿਮਾਚਲ ਵੱਲੋਂ 32 ਰੁਪਏ ਪ੍ਰਤੀ ਕਿਊਬਕ ਪਾਣੀ ਵੇਚਿਆ ਜਾ ਰਿਹਾ ਹੈ। ਇਹ ਐਗਰੀਮੈਂਟ 25 ਸਾਲ ਲਈ ਕੀਤਾ ਗਿਆ ਹੈ। ਹਰ ਸਾਲ ਦਿੱਲੀ ਵੱਲੋਂ ਹਿਮਾਚਲ ਨੂੰ ਚਾਰ ਕਰੋੜ ਰੁਪਏ ਐਡਵਾਂਸ ਦਿੱਤੇ ਜਾ ਰਹੇ ਹਨ ਪਰ ਪੰਜਾਬ ਨੂੰ ਉਸਦੇ ਪਾਣੀ ਦੇ ਬਦਲੇ ਧੇਲਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਦੀ ਬੂੰਦ ਤੱਕ ਨਹੀਂ ਹੈ ਸਗੋਂ ਪੰਜਾਬ ਵਿੱਚ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮੇਤ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਮਾਨਸਾ), ਕਿਸਾਨ ਸੰਘਰਸ਼ ਕਮੇਟੀ (ਪੰਨੂ), ਆਜ਼ਾਦ ਕਿਸਾਨ ਕਮੇਟੀ (ਟਾਂਡਾ) ਅਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਵੱਲੋਂ ਪੁੱਡਾ ਗਰਾਉਂਡ ਵਿੱਚ ਪੰਜਾਬ ਬਚਾਓ-ਪਾਣੀ ਬਚਾਓ ਰੈਲੀ ਕੀਤੀ ਜਾ ਰਹੀ ਹੈ। ਇਸ ਦਿਨ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਦੇ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਬੰਦ ਕੀਤੀ ਜਾਵੇ। ਜੇਕਰ ਉੱਚ ਅਧਿਕਾਰੀਆਂ ਨੇ ਰੈਲੀ ਵਿੱਚ ਆ ਕੇ ਮੰਗ ਪੱਤਰ ਨਹੀਂ ਲਏ ਤਾਂ ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਕਰਮ ਸਿੰਘ, ਕਾਰਕੌਰ, ਅਵਤਾਰ ਸਿੰਘ ਜਵਾਹਰਪੁਰ ਅਤੇ ਹੋਰ ਆਗੂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ