nabaz-e-punjab.com

ਬੀਬੀਐੱਮਬੀ ਮਾਮਲਾ: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਡੀਸੀ ਦਫ਼ਤਰ ਦੇ ਬਾਹਰ ਧਰਨਾ

ਕਿਸਾਨਾਂ ਨੇ ਡੀਸੀ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਦਾ ਕੰਟਰੋਲ ਖਤਮ ਕਰਨ ਵਿਰੁੱਧ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀ ਵਰਗ, ਮੁਲਾਜ਼ਮਾਂ ਅਤੇ ਆਮ ਵਰਗ ਦੇ ਲੋਕਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖੇਤੀ ਕਾਨੂੰਨਾਂ ਵਿਰੁੱਧ ਜਨ ਅੰਦੋਲਨ ਵਿੱਢਣ ਵਾਲੇ ਕਿਸਾਨ ਸੰਗਠਨਾਂ ਨੇ ਹੁਣ ਬੀਬੀਐੱਮਬੀ ਦੇ ਮੁੱਦੇ ’ਤੇ ਮੋਦੀ ਸਰਕਾਰ ਵਿਰੁੱਧ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਪਹਿਲੇ ਪੜਾਅ ਵਜੋਂ ਇਲਾਕੇ ਦੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਸੋਮਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਵਿਰੋਧੀ ਤਾਜ਼ਾ ਫੈਸਲਾ ਰੱਦ ਕਰਵਾਉਣ ਲਈ ਡੀਸੀ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਡਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਪ੍ਰੋ. ਮਨਜੀਤ ਸਿੰਘ, ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਪੂਨੀਆ, ਸਕੱਤਰ ਪਰਮਪ੍ਰੀਤ ਸਿੰਘ ਖਾਨਪੁਰੀ, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਪਰਮਦੀਪ ਸਿੰਘ ਬੈਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਬੀਬੀਐੱਮਬੀ ’ਚੋਂ ਨੁਮਾਇੰਦਗੀ ਖਤਮ ਕਰਨ ਨਾਲ ਸੂਬਿਆਂ ਦੇ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਤੇ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ।
ਬੁਲਾਰਿਆਂ ਨੇ ਕਿਹਾ ਕਿ ਭਾਜਪਾ ਹਕੂਮਤ ਦੀ ਇਸ ਧੱਕੇਸ਼ਾਹੀ ਖ਼ਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਕੇਂਦਰੀ ਕੈਬਨਿਟ ’ਚੋਂ ਹਟਾਉਣ, ਰੂਸ ਵੱਲੋਂ ਯੂਕਰੇਨ ’ਤੇ ਕੀਤੇ ਜਾ ਰਹੇ ਹਮਲੇ ਬੰਦ ਕਰਵਾਉਣ, ਐੱਐੱਸਪੀ ਦਾ ਕਾਨੂੰਨ ਬਣਾਉਣ ਲਈ ਵਿਸ਼ੇਸ਼ ਕਮੇਟੀ ਦੇ ਗਠਨ ਦਾ ਐਲਾਨ ਕਰਨ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਪਰਚੇ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤਮੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਹੋਰ ਜਾਇਜ਼ ਮੰਗਾਂ ਮੰਨਣ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ।
ਇਸ ਮੌਕੇ ਪੰਜਾਬ ਦੇ ਸਕੂਲਾਂ ਵਿੱਚ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੜ੍ਹਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਬੁਲਾਰਿਆਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਤਿਹਾਸ ਦੀਆਂ ਕਿਤਾਬਾਂ ਵਿੱਚ ਜਿੰਨੀ ਬੇਹੂਦਗੀ ਨਾਲ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਲਿਖ ਕੇ ਪੜ੍ਹਾਇਆ ਜਾ ਰਿਹਾ ਹੈ, ਇਸ ਨਾਲ ਪੰਜਾਬੀਆਂ ਖਾਸ ਕਰ ਸਿੱਖਾਂ ਵਿੱਚ ਭਾਰੀ ਰੋਸ ਹੈ। ਦੇਸ਼ ਦਾ ਕੋਈ ਵੀ ਸ਼ਹਿਰੀ ਇਤਿਹਾਸ ਨੂੰ ਤੋੜ-ਮਰੋੜ ਕੇ ਅਗਲੀਆਂ ਪੀੜ੍ਹੀਆਂ ਨੂੰ ਪੜ੍ਹਾਉਣ ਦੀ ਕਿਸੇ ਵੀ ਆਗਿਆ ਨਹੀਂ ਦੇਵੇਗਾ। ਉਨ੍ਹਾਂ ਮੰਗ ਕੀਤੀ ਕਿ ਇਤਿਹਾਸ ਨਾਲ ਸਬੰਧਤ ਵਿਵਾਦਿਤ ਕਿਤਾਬਾਂ ਨੂੰ ਵਾਪਸ ਲਿਆ ਜਾਵੇ, ਸਗੋਂ ਜਿਸ ਬਿਮਾਰ ਦਿਮਾਗ ਨਾਲ ਕਿਸੇ ਲਿਖਾਰੀ ਨੇ ਇਤਿਹਾਸ ਨੂੰ ਤੋੜ-ਮਰੋੜ ਕੇ ਲਿਖਿਆ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਸਜਾ ਦੁਆਈ ਜਾਵੇ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ ਚੁੱਕਦਿਆਂ ਯੂਟੀ ਪ੍ਰਸ਼ਾਸਨ ਵਿੱਚ 60 ਅਤੇ 40 ਦੇ ਅਨੁਪਾਤ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਸਵਿੰਦਰ ਸਿੰਘ ਅਮਰਾਲਾ, ਅਵਤਾਰ ਸਿੰਘ, ਹਰਦੀਪ ਸਿੰਘ ਬਲਟਾਣਾ, ਕਰਨੈਲ ਸਿੰਘ ਤੋਗਾਪੁਰ, ਜਸਪਾਲ ਸਿੰਘ ਢਿੱਲੋਂ, ਕਰਮ ਸਿੰਘ ਕਾਰਕੌਰ, ਜਸਪਾਲ ਸਿੰਘ ਲਾਂਡਰਾਂ, ਬਲਵਿੰਦਰ ਸਿੰਘ ਕੁੰਭੜਾ, ਨੈਬ ਸਿੰਘ ਤਸਿੰਬਲੀ, ਕੁਲਵੰਤ ਸਿੰਘ ਜਵੰਦਾ, ਹਿੰਮਾ ਸਿੰਘ ਢੀਂਡਸਾ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…