
ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ’ਚ ਭਾਰੀ ਰੋਸ, ਕਿਸਾਨ ਜਥੇਬੰਦੀਆਂ ਨੇ ਸਿੱਧੂ ਦੀ ਕੋਠੀ ਘੇਰੀ
ਕਿਸਾਨਾਂ ਦੇ ਰੋਹ ਅੱਗੇ ਝੁੱਕੀ ਕੇਂਦਰ ਸਰਕਾਰ, ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਝੋਨੇ ਦੀ ਸਰਕਾਰੀ ਖ਼ਰੀਦ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿਖੇ ਸਾਬਕਾ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੁਹਾਲੀ ਪੁਲੀਸ ਵੱਲੋਂ ਬਲਬੀਰ ਸਿੱਧੂ ਦੇ ਘਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਅਤੇ ਬੈਰੀਕੇਡਿੰਗ ਕੀਤੀ ਗਈ ਸੀ। ਜਿਸ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਕੋਠੀ ਦੇ ਸਾਹਮਣੇ ਖਾਲੀ ਪਲਾਟ ਵਿੱਚ ਦਰੀਆਂ ਵਿਛਾ ਕੇ ਧਰਨੇ ’ਤੇ ਬੈਠ ਗਏ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਕਿਸਾਨ ਯੂਨੀਅਨ (ਲੱਖੋਵਾਲ), ਏਕਤਾ-ਸਿੱਧੂਪੁਰ, ਡਕੌਂਦਾ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਸੋਨੀਆ ਮਾਨ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਇਸ ਮੌਕੇ ਬੋਲਦਿਆਂ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਪਰਵਿੰਦਰ ਸਿੰਘ ਸੋਹਾਣਾ, ਜਗਜੀਤ ਸਿੰਘ ਕਰਾਲਾ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਦੇ ਹਨ ਪ੍ਰੰਤੂ ਦੇਸ਼ ਦੇ ਹੁਕਮਰਾਨਾਂ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਾਰੀ ਸ਼ਡਿਊਲ ਮੁਤਾਬਕ ਕਿਸਾਨ ਆਪਣੀ ਫਸਲ ਕੱਟ ਕੇ ਮੰਡੀਆਂ ਵਿੱਚ ਪਹੁੰਚ ਚੁੱਕੇ ਹਨ ਲੇਕਿਨ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਬਾਰੇ ਕਹਿ ਕੇ ਕਿਸਾਨਾਂ ਦੀ ਸੰਘੀ ਘੁੱਟਣ ਦਾ ਕੰਮ ਕੀਤਾ ਹੈ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਵਿਰੋਧ ਪ੍ਰਦਰਸ਼ਨ ’ਛੇ ਉਤਾਰੂ ਹੋਣਾ ਪਿਆ ਹੈ। ਜਦੋਂਕਿ ਇਸ ਤੋਂ ਪਹਿਲਾਂ ਪੰਜਾਬ ਸਮੇਤ ਦੇਸ਼ ਦੇ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਾਲ ਭਰ ਤੋਂ ਧਰਨਿਆਂ ’ਤੇ ਬੈਠੇ ਹਨ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਉਧਰ, ਕਿਸਾਨਾਂ ਦੇ ਰੋਹ ਅੱਗੇ ਝੁੱਕਦਿਆਂ ਕੇਂਦਰ ਸਰਕਾਰ ਨੇ ਐਲਾਨ ਕੀਤਾ ਕਿ ਭਲਕੇ 3 ਅਕਤੂਬਰ ਤੋਂ ਪੰਜਾਬ ਤੇ ਹਰਿਆਣਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਇਸ ਭਰੋਸੇ ਮਗਰੋਂ ਸ਼ਾਮ ਨੂੰ ਕਿਸਾਨਾਂ ਨੇ ਧਰਨਾ ਚੁੱਕ ਲਿਆ। ਉਨ੍ਹਾਂ ਕਿਹਾ ਕਿ ਜੇਕਰ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਪੁੱਜੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਆਈ ਤਾਂ ਹੁਕਮਰਾਨ ਅਤੇ ਉੱਚ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਇਸ ਮੌਕੇ ਐਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ, ਗੁਰਪ੍ਰੀਤ ਸਿੰਘ ਕਰਾਲਾ, ਗੁਰਮੀਤ ਸਿੰਘ, ਸੁਖਚੈਨ ਸਿੰਘ ਚਿੱਲਾ, ਅਮਨ ਪੂਨੀਆ, ਨੰਬਰਦਾਰ ਹਰਵਿੰਦਰ ਸਿੰਘ ਤੇ ਕਰਮਜੀਤ ਸਿੰਘ, ਬਲਜੀਤ ਸਿੰਘ ਦੈੜੀ, ਦਵਿੰਦਰ ਸਿੰਘ ਬੌਬੀ, ਰਾਜੂ ਸੋਹਾਣਾ ਸਮੇਤ ਹੋਰ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।