
ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ, ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਕੌਮੀ ਜਾਂਚ ਏਜੰਸੀ (ਸੀਬੀਆਈ) ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਕੀਤੀ ਛਾਪੇਮਾਰੀ ਵਿਰੁੱਧ ਕਿਸਾਨਾਂ ਦਾ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਮੁਹਾਲੀ ਵਿੱਚ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆਂ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਅੰਗਰੇਜ਼ ਸਿੰਘ ਡਕੌਂਦਾ ਗਰੁੱਪ, ਗੁਰਨਾਮ ਸਿੰਘ ਦਾਊਂ ਅਤੇ ਹੋਰਨਾਂ ਕਿਸਾਨਾਂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਹੁਕਮਰਾਨ ਸੀਬੀਆਈ ਨੂੰ ਨਿੱਜੀ ਹਥਿਆਰ ਵਜੋਂ ਇਸਤੇਮਾਲ ਕਰਕੇ ਕਿਸਾਨਾਂ ਨੂੰ ਕਿਸਾਨਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬਾਕੀ ਮੰਗਾਂ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਕੌਮੀ ਪੱਧਰ ’ਤੇ ਇੱਕ ਰੋਜ਼ਾ ਜਨ ਅੰਦੋਲਨ ਕੀਤਾ ਜਾਵੇਗਾ। ਇਸ ਮਗਰੋਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਬੁਲਾਰਿਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਂਗ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ ਪ੍ਰੰਤੂ ਕਿਸਾਨ ਕਿਸੇ ਵੀ ਕੀਮਤ ’ਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।

ਇਸ ਮੌਕੇ ਕਿਸਾਨ ਆਗੂ ਮਨਪ੍ਰੀਤ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਕਰਾਲਾ, ਗੁਰਮੁੱਖ ਸਿੰਘ ਨਿਊਂ ਲਾਂਡਰਾਂ, ਜਸਵੰਤ ਸਿੰਘ ਪੂਨੀਆ, ਬਲਜੀਤ ਸਿੰਘ ਭਾਉ, ਪਰਵਿੰਦਰ ਸਿੰਘ, ਗੁਰਿੰਦਰ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ ਖੂਨੀਮਾਜਰਾ, ਭਾਗ ਸਿੰਘ ਦਾਊ, ਕੁਲਵੰਤ ਸਿੰਘ ਚਿੱਲਾ, ਹਰੀ ਸਿੰਘ ਬਹੋੜਾ, ਕਰਨੈਲ ਸਿੰਘ ਖਲੌਰ ਵੀ ਮੌਜੂਦ ਸਨ।