nabaz-e-punjab.com

ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ: ਕਾਹਨ ਸਿੰਘ ਪੰਨੂ

ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਬੰਧੀ ਪ੍ਰਦੂਸ਼ਣ ਵੱਡੇ ਪੱਧਰ ’ਤੇ ਘਟਣ ਦਾ ਦਾਅਵਾ

ਯੁਵਕ ਸੇਵਾਵਾਂ ਵਿਭਾਗ ਤੇ ਖੇਤੀਬਾੜੀ ਵਿਭਾਗ ਨੇ ਕੀਤਾ ਉਪਰਾਲਾ, ਜ਼ੋਰ-ਸ਼ੋਰ ਨਾਲ ਚੱਲ ਰਿਹੈ ਤੰਦਰੁਸਦ ਪੰਜਾਬ ਮਿਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਚ ਕਿਸਾਨ ਪਰਾਲੀ ਨਾ ਫੂਕਣ ਸਬੰਧੀ ਜਾਗਰੂਕ ਹੋਏ ਹਨ ਤੇ ਪਰਾਲੀ ਨਾ ਫੂਕਣ ਸਬੰਧੀ ਚੱਲ ਰਹੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਾਲੀ ਫੂਕਣ ਨਾਲ ਹੋਣ ਵਾਲਾ ਪ੍ਰਦੂਸ਼ਣ ਵੀ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਹੁਤ ਘਟਿਆ ਹੈ। ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 300 ਦੇ ਕਰੀਬ ਸੀ ਤੇ ਇਸ ਵਾਰ 125 ਦੇ ਕਰੀਬ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਸ਼ਨ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਵੱਲੋਂ ਨਜ਼ਦੀਕੀ ਪਿੰਡ ਬਠਲਾਣਾ ਵਿੱਚ ਯੁਵਕ ਸੇਵਾਵਾਂ ਵਿਭਾਗ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਕਰਵਾਈ ਮੋਟਰ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ ਗਿਆ।
ਇਨ੍ਹਾਂ ਨੌਜਵਾਨਾਂ ਨੇ ਪਿੰਡ ਬਠਲਾਣਾ, ਸਨੇਟਾ, ਦੁਰਾਲੀ, ਰਾਏਪੁਰ ਖੁਰਦ, ਰਾਏਪੁਰ ਕਲਾਂ, ਸੁਖਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਰਲਾਉਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨਾ ਫੂਕਣ ਸਬੰਧੀ ਨੌਜਵਾਨ ਕਿਸਾਨ ਵੱਡੇ ਪੱਧਰ ’ਤੇ ਅੱਗੇ ਆਏ ਹਨ ਤੇ ਜਿਹੜਾ ਕਿਸਾਨ ਇੱਕ ਵਾਰ ਪਰਾਲੀ ਨੂੰ ਜ਼ਮੀਨ ਵਿੱਚ ਰਲਾ ਦਿੰਦਾ ਹੈ, ਉਸ ਨੂੰ ਖ਼ੁਦ ਹੀ ਇਸ ਦੇ ਫਾਇਦੇ ਦਾ ਪਤਾ ਲੱਗ ਜਾਂਦਾ ਹੈ ਤੇ ਅੱਗੇ ਤੋਂ ਉਸ ਨੂੰ ਇਸ ਸਬੰਧੀ ਸਮਝਾਉਣ ਦੀ ਲੋੜ ਹੀ ਨਹੀਂ ਪੈਂਦੀ।
ਸ੍ਰੀ ਪੰਨੂ ਨੇ ਕਿਹਾ ਕਿ ਮਨੁੱਖੀ ਹੋਂਦ ਨੂੰ ਬਚਾਉਣ ਲਈ ਕੁਦਰਤ ਨੂੰ ਬਚਾਉਣਾ ਲਾਜ਼ਮੀ ਹੈ ਤੇ ਇਸ ਉਪਰਾਲੇ ਤਹਿਤ ਕਿਸਾਨਾਂ ਨੂੰ ਜਾਗਰੂਕ ਕਰ ਕੇ ਨੌਜਵਾਨਾਂ ਵੱਲੋਂ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨਾ ਲਾਉਣ ਲਈ ਜਿਹੜੀ ਤਰੀਕ ਤੈਅ ਕੀਤੀ ਗਈ ਸੀ, ਉਸ ਸਦਕਾ ਹੀ ਪਿਛਲੇ ਮਹੀਨੇ ਪਏ ਭਾਰੀ ਮੀਂਹ ਤੋਂ ਝੋਨੇ ਦਾ ਬਚਾਅ ਹੋਇਆ ਹੈ। ਜੇਕਰ ਮਿੱਥੀ ਤਰੀਕ ਤੋਂ ਪਹਿਲਾਂ ਝੋਨਾ ਲਾਇਆ ਗਿਆ ਹੁੰਦਾ ਤਾਂ ਮੀਂਹ ਕਾਰਨ ਝੋਨੇ ਦਾ ਵੱਡਾ ਨੁਕਸਾਨ ਹੋ ਜਾਣਾ ਸੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਫੂਕਣ ਸਬੰਧੀ ਸਰਗਰਮੀ ਨਾਲ ਕੰਮ ਕਰਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀਮਤੀ ਰੁਪਿੰਦਰ ਕੌਰ, ਸਟੇਟ ਐਨਐਸਐਸ ਅਫ਼ਸਰ ਚਰਨਜੀਤ ਸਿੰਘ, ਏਡੀਓ ਸੁਰਿੰਦਰਪਾਲ ਸਿੰਘ, ਏਈਓ ਸੁੱਚਾ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ, ਸਮੇਤ ਯੁਵਕ ਸੇਵਾਵਾਂ ਕਲੱਬਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …