ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਗਮਾਡਾ ਦਫ਼ਤਰ ਨੂੰ ਤਾਲਾ ਜੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ

ਕਿਸਾਨਾਂ ਦੇ ਰੋਹ ਕਾਰਨ ਗਮਾਡਾ ਅਧਿਕਾਰੀਆਂ ਨੂੰ ਹੱਥਾ ਪੈਰਾਂ ਦੀ ਪਈ, ਡੀਐਸਪੀ ਬੱਲ ਨੇ ਕੀਤਾ ਸ਼ਾਂਤ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਗਮਾਡਾ ਵੱਲੋਂ ਜ਼ਮੀਨਾਂ ਐਕਵਾਇਰ ਕਰਨ ਤੋਂ ਬਾਅਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬੈਨਰ ਹੇਠ ਇਲਾਕੇ ਦੇ ਕਿਸਾਨ ਗਮਾਡਾ ਦਫ਼ਤਰ ਪਹੁੰਚ ਲੇਕਿਨ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸੁਣਵਾਈ ਨਾ ਕਰਨ ਅਤੇ ਸੁਰੱਖਿਆ ਗਾਰਡਾਂ ਵੱਲੋਂ ਬੂਹੇ ਭੇੜ ਲੈਣ ਦਾ ਬੁਰਾ ਮਨਾਉਂਦਿਆਂ ਕਿਸਾਨਾਂ ਨੇ ਗਮਾਡਾ ਦਫ਼ਤਰ ਨੂੰ ਬਾਹਰੋਂ ਤਾਲਾ ਜੜ੍ਹ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਗਮਾਡਾ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸੂਚਨਾ ਮਿਲਦੇ ਹੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਕੇ ’ਤੇ ਪਹੁੰਚ ਗਏ ਅਤੇ ਕਿਸਾਨਾਂ ਨੂੰ ਗੱਲੀਬਾਤੀ ਸ਼ਾਂਤ ਕੀਤਾ। ਇਸ ਦੌਰਾਨ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ ਨੇ ਕਿਸਾਨਾਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਜਲਦੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖ਼ਤਮ ਕੀਤਾ ਗਿਆ।
ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਕਿਸਾਨ ਗਮਾਡਾ ਅਧਿਕਾਰੀਆਂ ਨੂੰ ਜ਼ਮੀਨਾਂ ਦਾ ਮੁਆਵਜ਼ਾ ਅਦਾ ਕਰਨ ਦੀ ਮੰਗ ਨੂੰ ਲੈ ਕੇ ਮਿਲਣ ਆਏ ਸੀ। ਲੇਕਿਨ ਸੁਰੱਖਿਆ ਕਰਮਚਾਰੀਆਂ ਨੇ ਗਮਾਡਾ ਦੇ ਗੇਟ ਨੂੰ ਅੰਦਰੋਂ ਕੁੰਡਾ ਲਗਾ ਦਿੱਤੀ। ਜਿਸ ਕਾਰਨ ਕਿਸਾਨਾਂ ਨੇ ਗੇਟ ਦੇ ਬਾਹਰ ਤਾਲਾ ਲਗਾ ਕੇ ਧਰਨੇ ’ਤੇ ਬੈਠ ਗਏ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਉਹ ਆਪਣੀਆਂ ਮੰਗਾਂ ਸਬੰਧੀ ਗਮਾਡਾ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਆਏ ਸੀ ਪ੍ਰੰਤੂ ਗਮਾਡਾ ਅਮਲੇ ਨੇ ਗਮਾਡਾ ਨੂੰ ਅੰਦਰੋਂ ਤਾਲਾ ਲਗਾ ਕੇ ਉਨ੍ਹਾਂ ਦਾ ਰਾਹ ਡੱਕ ਲਿਆ। ਉਨ੍ਹਾਂ ਕਿਹਾ ਕਿ ਗਮਾਡਾ ਨੇ ਜ਼ਮੀਨਾਂ ਐਕਵਾਇਰ ਕਰਨ ਦੇ ਬਾਵਜੂਦ ਹਾਲੇ ਤੱਕ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 15 ਫਰਵਰੀ ਗਮਾਡਾ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …