Nabaz-e-punjab.com

ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਕਤੂਬਰ:
ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਉਂ ਜੋ ਇਸ ਦਾ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਇਹ ਰੁਝਾਨ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ।
ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਮੱਲੜ੍ਹ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਸੜਕੀ ਹਾਦਸਿਆਂ ਦਾ ਵੱਡਾ ਕਾਰਨ ਬਣ ਰਿਹਾ ਹੈ ਕਿਉਂਕਿ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸਾਫ਼ ਨਜ਼ਰ ਨਹੀਂ ਆਉਂਦਾ।
ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਦੇ ਰੁਝਾਨ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪ੍ਰਦੂਸ਼ਤ ਹੋਈ ਹਵਾ ਕੋਰੋਨਾ ਮਹਾਂਮਾਰੀ ਦੌਰਾਨ ਹੋਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਵਧੇਰੇ ਜ਼ੋਖ਼ਮ ਪੈਦਾ ਕਰ ਰਹੀ ਹੈ।
ਕੰਬਾਈਨ ਚਾਲਕਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਅਤਿ-ਆਧੁਨਿਕ ਤਰੀਕੇ ਅਪਨਾਉਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੰਬਾਈਨ ਨਾਲ ਜੁੜਿਆ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਪਰਾਲੀ ਨੂੰ ਬਾਰੀਕ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਬੀਜਾਈ ਵਾਲੀਆਂ ਮਸ਼ੀਨਾਂ ਲਈ ਖੇਤਾਂ ਵਿੱਚ ਕੰਮ ਕਰਨਾ ਸੌਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਸੁਪਰ ਐਸ.ਐਮ.ਐਸ. ਤਕਨਾਲੌਜੀ ਹੀ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿਉਂਕਿ ਇਸ ਨਾਲ ਕੀਤਾ ਗਿਆ ਪਰਾਲੀ ਦਾ ਬਾਰੀਕ ਟੋਕਾ ਖੇਤ ਵਿੱਚ ਆਸਾਨੀ ਨਾਲ ਰਲ ਜਾਂਦਾ ਹੈ ਅਤੇ ਹੋਰ ਫ਼ਸਲਾਂ ਦੀ ਸਿੱਧੀ ਬਿਜਾਈ ਸੌਖਿਆਂ ਹੀ ਕੀਤੀ ਜਾ ਸਕਦੀ ਹੈ।
ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਵਿੱਚ ਨਵੀਆਂ ਤਕਨੀਕਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਜੈਵਿਕ ਖਾਦ ਵਿੱਚ ਬਦਲਿਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਵਾਤਾਵਰਣ ਬਚਾਉਣਾ ਪੰਜਾਬੀਆਂ ਦੀ ਰਵਾਇਤ ਰਹੀ ਹੈ ਅਤੇ ਜੇ ਕੁਦਰਤ ਨੂੰ ਹੱਦੋਂ ਵੱਧ ਪਲੀਤ ਕੀਤਾ ਗਿਆ ਤਾਂ ਅਸੀਂ ਖ਼ੁਦ ਵੀ ਕੁਦਰਤ ਦੇ ਕਹਿਰ ਦਾ ਸ਼ਿਕਾਰ ਹੋਵਾਂਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…