
ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਕਿਸਾਨ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਝੋਨੇ ਦੀ ਸਿੱਧੀ ਬਿਜਾਈ ਜਿੱਥੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ, ਉੱਥੇ ਬਿਜਲੀ ਦੀ ਵੀ ਬੱਚਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਨਜ਼ਦੀਕੀ ਪਿੰਡ ਭਾਗੋਮਾਜਰਾ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਖ਼ੁਦ ਟਰੈਕਟਰ ਚਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਦਰਤੀ ਸੋਮੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਵੱਧ ਤੋਂ ਵੱਧ ਕਿਸਾਨ ਕੱਦੂ ਵਾਲੇ ਝੋਨੇ ਹੇਠੋਂ ਰਕਬਾ ਘਟਾ ਕੇ ਇਸ ਤਕਨੀਕ ਹੇਠ ਲਿਆਉਣ ਜਿਸ ਨਾਲ ਪਾਣੀ, ਬਿਜਲੀ ਅਤੇ ਲੇਬਰ ਦੀ ਬੱਚਤ ਹੋਵੇਗੀ, ਨਾਲ ਹੀ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ਵੀ ਸਹੀ ਰਹੇਗੀ।
ਪਿੰਡ ਦੇ ਕਿਸਾਨ ਸੁਖਵਿੰਦਰ ਸਿੰਘ ਦੇ ਖੇਤ ਵਿੱਚ ਕਿਸਾਨਾਂ ਨਾਲ ਨੂੰ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਲਗਾਤਾਰ ਕੱਦੂ ਕਰਨ ਨਾਲ ਜ਼ਮੀਨ ਉੱਪਰ ਇਕ ਬਹੁਤ ਸਖ਼ਤ ਸੀਮਿੰਟ ਵਰਗੀ ਪਰਤ ਬਣ ਜਾਂਦੀ ਹੈ, ਜਿਸ ਨੂੰ ਸੋਡੀਅਮ ਪਰਤ ਕਿਹਾ ਜਾਂਦਾ ਹੈ। ਇਹ ਸਖ਼ਤ ਪਰਤ ਬਾਰਸ਼ ਅਤੇ ਸਿੰਚਾਈ ਵਾਲੇ ਪਾਣੀ ਨੂੰ ਕਿਸੇ ਵੀ ਹਾਲਤ ਵਿੱਚ ਥੱਲੇ ਜਾਣ ਨਹੀਂ ਦਿੰਦੀ। ਜਿਸ ਕਰਕੇ ਜ਼ਮੀਨੀ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਇਸ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਬਾਰਸ਼ਾਂ ਦੇ ਪਾਣੀਆਂ ਦੀ ਹਾਰਵੇਸਟਿੰਗ ਅਤੇ ਮਿਆਰੀ ਫ਼ਸਲ ਦਾ ਵੱਧ ਝਾੜ ਲੈਣ ਲਈ ਕੱਦੂ ਕਰਕੇ ਝੋਨਾ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਜਥੇਦਾਰ ਬਲਵੀਰ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ, ਕੁਲਦੀਪ ਸਿੰਘ ਦੂੰਮੀ, ਰੇਸ਼ਮ ਸਿੰਘ ਚੇਅਰਮੈਨ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਮਟੌਰ, ਸੁਖਦੇਵ ਸਿੰਘ, ਚਰਨਜੀਤ ਸਿੰਘ, ਰਮੇਸ਼ਵਰ ਸਨੇਟਾ, ਆਰਪੀ ਸ਼ਰਮਾ, ਹਰਪਾਲ ਸਿੰਘ, ਹਰਮੇਸ਼ ਸਿੰਘ, ਜਗਵਿੰਦਰ ਸਿੰਘ ਅਤੇ ਡਾ. ਸੰਦੀਪ ਕੁਮਾਰ, ਸ਼ੁਭਕਰਨ ਸਿੰਘ, ਚਰਨਜੀਤ ਸਿੰਘ, ਸੁੱਚਾ ਸਿੰਘ, ਜਗਦੀਪ ਸਿੰਘ ਨੇ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।