ਕਿਸਾਨ ਯੂਨੀਅਨ (ਰਾਜੇਵਾਲ) ਨੇ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਨਬਜ਼-ਏ-ਪੰਜਾਬ, ਮੁਹਾਲੀ, 22 ਮਾਰਚ:
ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕਿਸਾਨ ਯੂਨੀਅਨਾਂ ਦੇ ਵੱਡੇ ਆਗੂਆਂ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਲਈ ਸੱਦ ਕੇ ਪਿੱਛੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਲੱਗੇ ਪੱਕੇ ਮੋਰਚਿਆਂ ਨੂੰ ਜ਼ਬਰਦਸਤੀ ਹਟਾਉਣ ਅਤੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਿਸਾਨ ਆਗੂਆਂ ਨੇ ਮੀਟਿੰਗ ਕਰਕੇ ਕਿਸਾਨਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 28 ਮਾਰਚ ਨੂੰ ਡੀਸੀ ਦਫ਼ਤਰ ਦੇ ਬਾਹਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੋਸ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ। ਜਿਸ ਨੂੰ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੇ ਜੈਕਾਰੇ ਛੱਡ ਕੇ ਸਹਿਮਤੀ ਪ੍ਰਗਟਾਈ।
ਆਗੂਆਂ ਨੇ ਦੱਸਿਆ ਕਿ ਧਰਨੇ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ, ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਲਿਖੇ ਮੰਗ ਪੱਤਰ ਡੀਸੀ ਨੂੰ ਦਿੱਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨ ਆਗੂਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਚੰਡੀਗੜ੍ਹ ਮੀਟਿੰਗ ਵਿੱਚ ਸੱਦ ਕੇ ਪਿੱਛੋਂ ਜੇਸੀਬੀ ਮਸ਼ੀਨਾਂ ਨਾਲ ਧਰਨਿਆਂ ਵਾਲੀ ਥਾਂ ’ਤੇ ਮਚਾਈ ਤਬਾਹੀ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਅੰਨਦਾਤਾ ਨਾਲ ਵਿਸ਼ਵਾਸਘਾਤ ਕੀਤਾ ਹੈ। ਇਹੀ ਨਹੀਂ ਪੁਲੀਸ ਨੇ ਧਰਨੇ ਹਟਾਉਣ ਦੀ ਆੜ ਵਿੱਚ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨ ਅਤੇ ਕਾਫ਼ੀ ਸਾਮਾਨ ਜ਼ਬਤ ਕਰ ਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੀਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਲਹੇੜੀ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਗੁਰਜਿੰਦਰ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ, ਪੂਰਨ ਸਿੰਘ, ਰਣਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।