ਕਿਸਾਨਾਂ ਨੇ ਮੰਡੀਆਂ ਦਾ ਦੌਰਾ ਕਰਕੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ, ਕੰਡਿਆਂ ’ਚ ਗੜਬੜੀ?

ਕਿਸਾਨਾਂ ਨੇ ਜਾਂਚ ਤੋਂ ਬਾਅਦ ਰਿਪੋਰਟ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਭੇਜੀ, ਕਾਰਵਾਈ ਮੰਗੀ

ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ: ਡੀਸੀ ਕੋਮਲ ਮਿੱਤਲ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਵੱਲੋਂ ਸੋਮਵਾਰ ਨੂੰ ਮਾਰਕੀਟ ਕਮੇਟੀ ਦੇ ਸਟਾਫ਼ ਦੀ ਮੌਜੂਦਗੀ ਵਿੱਚ ਲਾਂਡਰਾਂ ਨੇੜੇ ਭਾਗੋਮਾਜਰਾ ਅਨਾਜ ਮੰਡੀ ਅਤੇ ਸਨੇਟਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਡੀਆਂ ਵਿੱਚ ਨਾਪਤੋਲ ਕਰਨ ਵਾਲੇ ਕੰਡਿਆਂ ਵਿੱਚ ਕਥਿਤ ਗੜਬੜੀ ਪਾਈ ਗਈ? ਅਤੇ ਸਨੇਟਾ ਮੰਡੀ ਵਿੱਚ ਕਿਸਾਨਾਂ ਨਾਲ ਟਕਰਾਅ ਮਸਾਂ ਟਲਿਆ।
ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਕਿਸਾਨਾਂ ਨੇ ਮੰਡੀਆਂ ਦੀ ਚੈਕਿੰਗ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਅਗਾਊਂ ਜਾਣਕਾਰੀ ਦਿੱਤੀ। ਸਕੱਤਰ ਨੇ ਉਨ੍ਹਾਂ ਨਾਲ ਆਪਣਾ ਨੁਮਾਇੰਦਿਆਂ ਭੇਜਿਆ। ਕਿਸਾਨਾਂ ਨੇ ਦੱਸਿਆ ਕਿ ਭਾਗੋਮਾਜਰਾ ਵਿੱਚ ਕਣਕ ਦੀ ਤੁਲਾਈ ਸਮੇਂ ਇੱਕ ਕੰਡੇ ਵਿੱਚ ਗੜਬੜੀ ਪਾਈ ਗਈ। ਜਿੱਥੇ 200 ਗਰਾਮ ਕਣਕ ਤੋਲੀ ਜਾ ਰਹੀ ਸੀ ਜਦੋਂਕਿ ਬਾਕੀ ਕੰਡਿਆਂ ਦਾ ਕੰਮ ਸਹੀ ਪਾਇਆ ਗਿਆ। ਇਸ ਮਗਰੋਂ ਕਿਸਾਨਾਂ ਦੀ ਟੀਮ ਸਨੇਟਾ ਮੰਡੀ ਵਿੱਚ ਪਹੁੰਚੀ, ਜਿੱਥੇ ਕਈ ਕੰਡਿਆਂ ਵਿੱਚ ਗੜਬੜੀ ਮਿਲੀ। ਉਨ੍ਹਾਂ ਦੱਸਿਆ ਕਿ ਜਦੋਂ ਕਿਸਾਨ ਕੰਡਿਆਂ ਦੀ ਜਾਂਚ ਕਰ ਰਹੇ ਸੀ ਤਾਂ ਉੱਥੇ ਇੱਕ ਕੰਪਨੀ ਦੇ ਨੁਮਾਇੰਦੇ ਨੇ ਝਗੜਾ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕਿਸਾਨਾਂ ਦੀ ਸੂਝਬੂਝ ਕਾਰਨ ਟਕਰਾਅ ਹੋਣ ਤੋਂ ਬਚਾਅ ਰਿਹਾ। ਕਿਸਾਨਾਂ ਨੇ ਦੱਸਿਆ ਕਿ ਸਨੇਟਾ ਮੰਡੀ ਵਿੱਚ 300, 600, 700 ਅਤੇ 900 ਗਰਾਮ ਤੱਕ ਵੱਧ ਤੁਲਾਈ ਕੀਤੀ ਜਾ ਰਹੀ ਸੀ। ਜਿਸ ਦਾ ਕਿਸਾਨਾਂ ਦਾ ਸਖ਼ਤ ਨੋਟਿਸ ਲਿਆ ਅਤੇ ਤੁਰੰਤ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਇਤਲਾਹ ਭੇਜ ਕੇ ਤੁਰੰਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਦੇ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾਵੇਗਾ ਅਤੇ ਮਾਰਕੀਟ ਕਮੇਟੀ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਲੇਕਿਨ ਹੁਣ ਜਾਣਕਾਰੀ ਮਿਲਣ ਤੋਂ ਬਾਅਦ ਇਸ ਪੂਰੇ ਮਾਮਲੇ ਵਿੱਚ ਜਾਂਚ ਕਰਵਾਈ ਜਾਵੇਗੀ। ਜੇਕਰ ਨਾਪਤੋਲ ਵਾਲੇ ਕੰਡਿਆਂ ਵਿੱਚ ਕਿਸੇ ਕਿਸਮ ਦੀ ਗੜਬੜੀ ਪਾਈ ਗਈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਂਜ ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲਿਫ਼ਟਿੰਗ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਵੇਚੀ ਗਈ ਫ਼ਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…