
ਹੜ੍ਹਾਂ ਦੀ ਤਬਾਹੀ, ਸੰਘੀ ਢਾਂਚਾ, ਕਰਜ਼ਾ ਮੁਆਫ਼ੀ ਤੇ ਪਾਣੀਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਣਗੇ ਕਿਸਾਨ
ਬਲਬੀਰ ਸਿੰਘ ਰਾਜੇਵਾਲ ਤੇ ਹੋਰਨਾਂ ਆਗੂਆਂ ਨੇ ਅਗਾਊਂ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ
ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਪੰਜਾਬ ਵਿੱਚ ਆਏ ਹੜ੍ਹਾਂ ਦੀ ਤਬਾਹੀ, ਸੰਘੀ ਢਾਂਚਾ, ਕਰਜ਼ਾ ਮੁਆਫ਼ੀ, ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਪੰਜਾਬ ਦੇ ਪਾਣੀਆਂ ਦੇ ਮੁੱਦੇ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਮੁਹਾਲੀ ਵਿੱਚ ਮਹਾਰੈਲੀ ਕਰਨ ਦਾ ਐਲਾਨ ਕੀਤਾ ਹੈ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਉਂਡ ਵਿੱਚ 5 ਅਗਸਤ ਨੂੰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਪ੍ਰਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਮੀਡੀਆ ਨੂੰ ਇਹ ਜਾਣਕਾਰੀ ਜਥੇਬੰਦੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਰੈਲੀ ਸਥਾਨ ਦਾ ਦੌਰਾ ਕੀਤਾ ਅਤੇ ਅਗਾਊਂ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਮਚੀ ਤਬਾਹੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜੇਕਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਨੇ ਨਦੀਆਂ, ਨਾਲਿਆਂ, ਘੱਗਰ ਅਤੇ ਚੋਆਂ ਦੀ ਪਹਿਲਾਂ ਹੀ ਸਫ਼ਾਈ ਕਰਵਾਈ ਹੁੰਦੀ ਤਾਂ ਲੋਕਾਂ ਦਾ ਨੁਕਸਾਨ ਅਤੇ ਕੀਮਤੀ ਜਾਨਾਂ ਜਾਣ ਤੋਂ ਬਚਾਅ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਮਾੜੇ ਪ੍ਰਬੰਧਾਂ ਲਈ ਮੁੱਖ ਮੰਤਰੀ ਆਪਣੀ ਨੈਤਿਕ ਜ਼ਿੰਮੇਵਾਰੀ ਭੱਜ ਨਹੀਂ ਸਕਦੇ ਹਨ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕੁੱਲ 6 ਲੱਖ ਏਕੜ ਫਸਲਾਂ ਦਾ ਨੁਕਸਾਨ ਦੱਸ ਕੇ 1500 ਕਰੋੜ ਮੁਆਵਜ਼ਾ ਦੇਣ ਦੀ ਗੱਲ ਕਹਿ ਰਹੀ ਹੈ ਜਦੋਂਕਿ ਕਿਸਾਨ ਜਥੇਬੰਦੀ ਦੇ ਸਰਵੇਖਣ ਮੁਤਾਬਕ ਅੰਦਾਜ਼ਨ 10 ਲੱਖ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਇਹ ਤੈਅ ਕੀਤਾ ਜਾਵੇ ਕਿ ਪੰਜਾਬ ਦੇ ਪਾਣੀਆਂ ਦਾ ਅਸਲ ਮਾਲਕ ਕੌਣ ਹੈ। ਸੰਘੀ ਢਾਂਚੇ ਅਤੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜਗ੍ਹਾ ਦੇਣ ਦਾ ਵਿਰੋਧ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ। ਇਸ ਲਈ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਕੈਬਨਿਟ ਨੇ ਗਿਰਦਾਵਰੀ ਦੇ ਹੁਕਮ ਦੇਣ ਵਿੱਚ ਬਹੁਤ ਦੇਰ ਲਗਾ ਦਿੱਤੀ। ਜਿਸ ਕਾਰਨ ਇਹ ਕੰਮ ਕਾਫ਼ੀ ਲੇਟ ਸ਼ੁਰੂ ਹੋਣ ਨਾਲ ਪੀੜਤ ਲੋਕਾਂ ਨੂੰ ਮੁਆਵਜ਼ਾ ਮਿਲਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਵਿੱਚ ਪੀੜਤ ਲੋਕਾਂ ਦੀ ਬਾਂਹ ਫੜਨ ਨੂੰ ਕੋਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਘੱਗਰ ਨੇ ਰਾਜਪੁਰਾ, ਘਨੌਰ, ਪਟਿਆਲਾ ਅਤੇ ਸੰਗਰੂਰ ਤੱਕ ਵੱਡੀ ਮਾਰ ਕੀਤੀ ਹੈ।
ਇਸ ਮੌਕੇ ਸੂਬਾ ਆਗੂ ਪ੍ਰੇਮ ਸਿੰਘ ਭੰਗੂ, ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਮਨਜੀਤ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਰਵੀਇੰਦਰ ਸਿੰਘ ਮੌਜੂਦ ਸਨ।