
ਫੀਸ ਤਰੁੱਟੀਆਂ: ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਨਾ ਬਿਠਾਏ ਜਾਣ ਦਾ ਹਰਜੋਤ ਬੈਂਸ ਨੇ ਲਿਆ ਗੰਭੀਰ ਨੋਟਿਸ
ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਮੁਖੀ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ ਅਤੇ ਮਾਰਚ ਵਿੱਚ ਲਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਸਾਲਾਨਾ ਪ੍ਰੀਖਿਆ ਵਿੱਚ ਨਾ ਬਿਠਾਏ ਜਾਣ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੰਭੀਰ ਨੋਟਿਸ ਲਿਆ ਹੈ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵਨਿਯੁਕਤ ਚੇਅਰਪਰਸਨ ਨੂੰ ਪੱਤਰ ਲਿਖ ਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ।
ਸ੍ਰੀ ਬੈਂਸ ਨੇ ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪੋ-ਆਪਣੇ ਸਕੂਲਾਂ ਵਿੱਚ ਜਮਾਂ ਕਰਵਾ ਦਿੱਤੀ ਸੀ ਪ੍ਰੰਤੂ ਸਕੂਲ ਪ੍ਰਬੰਧਕਾਂ ਨੇ ਫੀਸ ਦੇ ਪੈਸੇ ਅੱਗੇ ਸਿੱਖਿਆ ਬੋਰਡ ਦੇ ਖਾਤੇ ਵਿੱਚ ਜਮਾਂ ਨਹੀਂ ਕਰਵਾਏ ਗਏ ਜਾਂ ਘੱਟ ਫੀਸ ਜਮਾਂ ਕਰਵਾਈ ਗਈ ਹੈ, ਜਿਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਲਾਪਰਵਾਹੀ ਅਤੇ ਡਿਊਟੀ ਵਿੱਚ ਕੁਤਾਹੀ ਦਾ ਮਾਮਲਾ ਹੈ। ਜਿਸ ਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਬਿਲਕੁਲ ਵੀ ਠੀਕ ਨਹੀਂ ਹੈ। ਸ੍ਰੀ ਬੈਂਸ ਨੇ ਬੋਰਡ ਮੁਖੀ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਸਾਲਾਨਾ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ ਸਗੋਂ ਇਸ ਬਜਰ ਕੁਤਾਹੀ ਲਈ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਬਣਦੀ ਵਿਭਾਗੀ ਕਾਰਵਾਈ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ।