
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਕਰੋਨਾਵਾਇਰਸ ਕਾਰਨ ਘੱਟ ਜੁੜੀ ਸੰਗਤ, ਦਿਨ ਭਰ ਥਾਂ-ਥਾਂ ’ਤੇ ਜਾਰੀ ਰਹੇ ਸਮਾਗਮ ਤੇ ਗੁਰੂ ਕੇ ਲੰਗਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੱਦੇਨਜ਼ਰ ਅੱਜ ਮੁਹਾਲੀ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਈ ਧਾਰਮਿਕ ਸਥਾਨਾਂ ਵਿੱਚ ਸੁਖਮਣੀ ਸਾਹਿਬ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਕਰੋਨਾਵਾਇਰਸ ਦੇ ਚੱਲਦਿਆਂ ਗੁਰੂ ਘਰਾਂ ਵਿੱਚ ਸੰਗਤ ਘੱਟ ਜੁੜੀ। ਇੱਥੋਂ ਦੇ ਫੇਜ਼-5 ਸਥਿਤ ਗੁਰਦੁਆਰਾ ਸ੍ਰੀ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਪ੍ਰਤਾਪ ਸਿੰਘ ਨੇ ਆਸਾ ਕੀ ਵਾਰ ਦਾ ਕੀਰਤਨ ਕੀਤਾ। ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲੇ, ਇਸਤਰੀ ਸਤਿਸੰਗ ਜਥਾ, ਭਾਈ ਜਸਵੀਰ ਸਿੰਘ ਵੇਰਕਾ, ਭਾਈ ਗੁਰਪਾਲ ਸਿੰਘ, ਢਾਡੀ ਜਥਾ ਬੀਬੀ ਮੁਖ਼ਤਿਆਰ ਕੌਰ ਚਮਕੌਰ ਸਾਹਿਬ ਨੇ ਢਾਡੀ ਵਾਰਾਂ, ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸੇ ਤਰ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, ਫੇਜ਼-2, ਫੇਜ਼-6, ਫੇਜ਼-11, ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਫੇਜ਼-9, ਗੁਰਦੁਆਰਾ ਚਰਨਕਮਲ ਸਾਹਿਬ ਫੇਜ਼-10, ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-70, ਸੈਕਟਰ-78, ਸੈਕਟਰ-66, ਸੈਕਟਰ-69 ਸਮੇਤ ਹੋਰਨਾਂ ਥਾਵਾਂ ’ਤੇ ਵੀ ਧਾਰਮਿਕ ਅਸਥਾਨਾਂ ਵਿੱਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ। ਕਾਫ਼ੀ ਲੋਕਾਂ ਨੇ ਆਪਣੇ ਘਰਾਂ ਵਿੱਚ ਦੇਗ ਤਿਆਰ ਕਰਕੇ ਸਰਬੱਤ ਦਾ ਭਲਾ ਮੰਗਿਆ।