
ਕਰੋਨਾ ਖ਼ਿਲਾਫ਼ ਜੰਗ: ਐਤਵਾਰ ਨੂੰ ਲਈ ਜਾਵੇਗੀ ਨਰਸਾਂ ਦੀ ਪ੍ਰੀਖਿਆ, ਸਾਰੇ ਪ੍ਰਬੰਧ ਮੁਕੰਮਲ
ਸ਼ਾਮ ਨੂੰ ਐਲਾਨਿਆ ਜਾਵੇਗਾ ਨਤੀਜਾ, ਨਾਲੋ ਨਾਲ ਦਿੱਤੀਆਂ ਜਾਣਗੀਆਂ ਨੌਕਰੀਆਂ: ਰਾਜ ਬਹਾਦਰ
ਨਰਸਿੰਗ ਕਾਲਜਾਂ ਵੱਲੋਂ ਦਬੀ ਜ਼ੁਬਾਨ ’ਚ ਪ੍ਰੀਖਿਆ ਦਾ ਵਿਰੋਧ, ਕਰੋਨਾ ਹਦਾਇਤਾਂ ਦੀ ਉਲੰਘਣਾ ਦਾ ਡਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਖ਼ਿਲਾਫ਼ ਜੰਗ ਲੜਨ ਲਈ ਨਰਸਾਂ ਦੀ ਭਰਤੀ ਕਰਨ ਲਈ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਰਟ ਰਾਹੀਂ 21 ਜੂਨ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਨਰਸਾਂ ਦੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੰਤੂ ਕੁਝ ਨਰਸਿੰਗ ਕਾਲਜਾਂ ਵਾਲੇ ਦਬੀ ਜ਼ੁਬਾਨ ਵਿੱਚ ਇਸ ਪ੍ਰੀਖਿਆ ਦਾ ਵਿਰੋਧ ਕਰ ਰਹੇ ਹਨ। ਕੁਝ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਕਾਲਜ ਖੋਲ੍ਹਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ 1 ਜੁਲਾਈ ਨੂੰ ਕਾਲਜ ਖੋਲ੍ਹਣ ਜਾਂ ਹਾਲੇ ਬੰਦ ਰੱਖਣ ਬਾਰੇ ਫੈਸਲਾ ਲਿਆ ਜਾਣਾ ਹੈ। ਐਤਵਾਰ ਨੂੰ ਲਈ ਜਾ ਰਹੀ ਨਰਸਾਂ ਦੀ ਪ੍ਰੀਖਿਆ ਸਬੰਧੀ ਵੱਖ-ਵੱਖ ਨਰਸਿੰਗ ਕਾਲਜਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਜਿਸ ਕਾਰਨ ਪ੍ਰਬੰਧਕਾਂ ਨੂੰ ਕੋਵਿਡ-19 ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਵਿੱਚ ਕਾਰਵਾਈ ਦਾ ਡਰ ਸਤਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਵਿੱਚ ਵੀ ਕਈ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਉਧਰ, ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਦੱਸਿਆ ਕਿ ਕਰੋਨਾ ਖ਼ਿਲਾਫ਼ ਫਰੰਟ ਲਾਈਨ ’ਤੇ ਲੜਾਈ ਲੜਨ ਲਈ ਨਰਸਾਂ ਦੀ ਭਰਤੀ ਕੀਤੀ ਜਾਣੀ ਹੈ। ਭਲਕੇ 21 ਜੂਨ ਨੂੰ 85 ਨਰਸਾਂ ਦੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਸੂਬੇ ਭਰ ਅੰਦਰ 85 ਨਰਸਿੰਗ ਕਾਲਜਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸੈਨੇਟਾਈਜ ਕੀਤਾ ਜਾਵੇਗਾ ਅਤੇ ਪ੍ਰੀਖਿਆ ਸਟਾਫ਼ ਅਤੇ ਵਿਦਿਆਰਥੀਆਂ ਲਈ ਮਾਸਕ ਲਾਜ਼ਮੀ ਕੀਤਾ ਗਿਆ ਹੈ।
ਡਾ. ਰਾਜ ਬਹਾਦਰ ਨੇ ਦੱਸਿਆ ਕਿ ਜ਼ਰੂਰੀ ਫਾਸਲਾ ਰੱਖਣ ਦੇ ਨਿਯਮਾਂ ਤਹਿਤ ਇਕ ਪ੍ਰੀਖਿਆ ਕੇਂਦਰ ਵਿੱਚ ਸਿਰਫ਼ 100 ਪ੍ਰੀਖਿਆਰਥੀ ਹੀ ਬਿਠਾਏ ਜਾਣਗੇ ਅਤੇ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਨੂੰ ਆਪਣੇ ਘਰ ਤੋਂ ਪਾਣੀ ਲਿਆਉਣ ਲਈ ਕਿਹਾ ਗਿਆ ਹੈ ਕਿਉਂਕਿ ਕਰੋਨਾ ਦੇ ਚੱਲਦਿਆਂ ਕਿਸੇ ਪ੍ਰੀਖਿਆਰਥੀ ਨੂੰ ਸਟਾਫ਼ ਵੱਲੋਂ ਪ੍ਰੀਖਿਆ ਕੇਂਦਰ ਵਿੱਚ ਪਾਣੀ ਨਹੀਂ ਦਿੱਤਾ ਜਾਵੇਗਾ। ਉਪ ਕੁਲਪਤੀ ਨੇ ਦੱਸਿਆ ਕਿ ਪ੍ਰੀਖਿਆ ਲੈਣ ਤੋਂ ਬਾਅਦ ਸ਼ਾਮ ਨੂੰ ਹੀ ਨਤੀਜਾ ਐਲਾਨਿਆ ਜਾਵੇਗਾ ਅਤੇ ਪ੍ਰੀਖਿਆ ਵਿੱਚ ਸਫ਼ਲ ਹੋਣ ਵਾਲੀਆਂ ਨਰਸਾਂ ਨੂੰ ਨਾਲੋ ਨਾਲ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।
ਉਧਰ, ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਇਹ ਵੀ ਦਾਅਵਾ ਕੀਤਾ ਕਿ ਸਨਿਚਰਵਾਰ ਸ਼ਾਮ ਨੂੰ ਉਨ੍ਹਾਂ ਨੇ ਖ਼ੁਦ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਾਲੇ ਨਰਸਿੰਗ ਕਾਲਜਾਂ ਦੇ ਪ੍ਰਬੰਧਕ ਅਤੇ ਸਟਾਫ਼ ਨਾਲ ਗੱਲ ਕੀਤੀ ਗਈ ਹੈ ਅਤੇ ਉਹ ਇਸ ਗੱਲੋਂ ਬਹੁਤ ਖ਼ੁਸ਼ ਹਨ ਕਿ ਨਰਸਾਂ ਦੀ ਪ੍ਰੀਖਿਆ ਲਈ ਉਨ੍ਹਾਂ ਦੇ ਕਾਲਜਾਂ ਨੂੰ ਪ੍ਰੀਖਿਆ ਕੇਂਦਰਾਂ ਲਈ ਚੁਣਿਆ ਹੈ। ਉਨ੍ਹਾਂ ਭਵਿੱਖ ਵਿੱਚ ਵੀ ਯੂਨੀਵਰਸਿਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।